ਜਲੰਧਰ, 1 ਜੂਨ- ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਬਲਕਾਰ ਸਿੰਘ ਨੇ ਅੱਜ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ ਤਾਂ ਜੋ ਪੰਜਾਬ ਦੀਆਂ ਸਾਰੀਆਂ ਸਥਾਨਕ ਸੰਸਥਾਵਾਂ ਵਿੱਚ ਸੁਚਾਰੂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾ ਸਕੇ।
ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਰਮਨ ਅਰੋੜਾ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਸਮੇਤ ਸਥਾਨਕ ਸਰਕਟ ਹਾਊਸ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ ਤਾਂ ਜੋ ਲੋਕ ਪੀਣ ਵਾਲਾ ਸਵੱਛ ਪਾਣੀ, ਸਾਫ-ਸਫਾਈ, ਬਿਹਤਰ ਸੜਕੀ ਬੁਨਿਆਦੀ ਢਾਂਚਾ, ਸਟ੍ਰੀਟ ਲਾਈਟਿੰਗ ਵਰਗੇ ਲਾਭ ਦਿੱਤੇ ਜਾ ਸਕਣ। ਉਨ੍ਹਾਂ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਲੋਕ ਸਭਾ ਜ਼ਿਮਨੀ ਚੋਣਾਂ ਭਾਰੀ ਵੋਟਾਂ ਦੇ ਫਰਕ ਨਾਲ ਜਿਤਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿੱਚ ਆਪਣਾ ਵਿਸ਼ਵਾਸ ਪ੍ਰਗਟ ਕੀਤਾ ਹੈ। ਹੁਣ ਸਾਡਾ ਫਰਜ਼ ਬਣਦਾ ਹੈ ਕਿ ਸ਼ਹਿਰ ਨੂੰ ਸੂਬੇ ਦੇ ਮੋਹਰੀ ਸ਼ਹਿਰਾਂ ਵਿੱਚੋਂ ਇੱਕ ਬਣਾ ਕੇ ਜਲੰਧਰ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰੀਏ। ਉਨਾਂ ਇਹ ਵੀ ਦੱਸਿਆ ਕਿ ਸ਼ਹਿਰ ਦੇ ਵਿਕਾਸ ਦੀਆਂ ਉੱਚ ਲੀਹਾਂ ‘ਤੇ ਪਾਉਣ ਲਈ ਜਲੰਧਰ ਵਿੱਚ ਕਈ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ ਅਤੇ ਬਹੁਤ ਜਲਦ ਹੀ ਸਭ ਨੂੰ ਇਹ ਜ਼ਾਹਿਰ ਵੀ ਹੋ ਜਾਵੇਗਾ ਕਿ ਸਰਕਾਰ ਜਲੰਧਰ ਸ਼ਹਿਰ ਲਈ ਵੱਡੇ ਪ੍ਰਾਜੈਕਟ ਸੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੂੰ ਸਥਾਨਕ ਸਰਕਟ ਹਾਊਸ ਪਹੁੰਚਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ ਜਦਕਿ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਤਰੀ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਜਲੰਧਰ ਜ਼ਿਲ੍ਹੇ ਨੂੰ ਪੰਜਾਬ ਕੈਬਨਿਟ ਵਿੱਚ ਥਾਂ ਦਿੱਤੀ ਗਈ ਹੈ, ਜਿਸ ਸਦਕਾ ਸ਼ਹਿਰ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਮੰਤਰੀ ਬਣਨ ‘ਤੇ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਉਹ ਜਲੰਧਰ ਦੇ ਲੋਕਾਂ ਦੀਆਂ ਆਸਾਂ ‘ਤੇ ਖਰਾ ਉਤਰਨਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਪਰਸਨ ਪੰਜਾਬ ਰਾਜ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਰਾਜਵਿੰਦਰ ਕੌਰ ਥਿਆੜਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਆਮ ਆਦਮੀ ਪਾਰਟੀ ਦੇ ਆਗੂ ਸੁਰਿੰਦਰ ਸਿੰਘ ਸੋਢੀ, ਦਿਨੇਸ਼ ਢੱਲ ਅਤੇ ਮਹਿੰਦਰ ਭਗਤ ਆਦਿ ਵੀ ਮੌਜੂਦ ਸਨ।