ਜਲੰਧਰ, 30 ਜੁਲਾਈ ( ਨਿਊਜ਼ ਹੰਟ )- ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਸ਼ੁੱਕਰਵਾਰ ਸ਼ਾਮ ਨੂੰ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਖਾਸ ਕਰਕੇ ਸਮੁੱਚੀਆਂ ਨਾਜ਼ੁਕ ਥਾਵਾਂ ‘ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ।
ਕੁਝ ਪ੍ਰਮੁੱਖ ਸਥਾਨਾਂ ਦਾ ਦੌਰਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਹਰ ਕੀਮਤ ‘ਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਦੀ ਕਮਿਸ਼ਨਰੇਟ ਪੁਲਿਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪ੍ਰਬੰਧਾਂ ਦਾ ਨਿਰੀਖਣ ਕਰਨ ਦਾ ਇਕੋ ਇਕ ਮਕਸਦ ਸੁਰੱਖਿਆ ਪ੍ਰਣਾਲੀ ਨੂੰ ਵਧੇਰੇ ਜਵਾਬਦੇਹ ਅਤੇ ਕੁਸ਼ਲ ਬਣਾਉਣਾ ਹੈ। ਉਨ੍ਹਾਂ ਆਮ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਵਿੱਚ ਸੁਰੱਖਿਆ ਵਿਵਸਥਾ ਨੂੰ ਪਹਿਲਾਂ ਹੀ ਸਖ਼ਤ ਕੀਤਾ ਜਾ ਚੁੱਕਾ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਸ਼੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਨਾਜ਼ੁਕ ਥਾਵਾਂ ‘ਤੇ ਸੁਰੱਖਿਆ ਪ੍ਰਬੰਧਾਂ ਦੀ ਬਰੀਕੀ ਨਾਲ ਜਾਂਚ ਕਰਨ ਲਈ ਸੀਨੀਅਰ ਅਧਿਕਾਰੀਆਂ ਵੱਲੋਂ ਅਚਨਚੇਤ ਦੌਰੇ ਕੀਤੇ ਜਾਣਗੇ ਅਤੇ ਕਿਹਾ ਕਿ ਫੀਲਡ ਅਧਿਕਾਰੀ ਜ਼ਮਾਨਤ ‘ਤੇ ਬਾਹਰ ਆਏ ਅਪਰਾਧੀਆਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਇਨ੍ਹਾਂ ਥਾਵਾਂ ‘ਤੇ ਵੀ ਸਖ਼ਤ ਨਜ਼ਰ ਰੱਖਣ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਕਾਰਜ ਵਿਚ ਕਿਸੇ ਕਿਸਮ ਦੀ ਢਿੱਲ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਇਸ ਦੌਰਾਨ ਪੁਲਿਸ ਕਮਿਸ਼ਨਰ ਵੱਲੋਂ ਜੀਓ ਰੈਂਕ ਦੇ ਅਧਿਕਾਰੀਆਂ ਨਾਲ ਪੁਲਿਸ ਲਾਈਨ ਵਿਖੇ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ, ਜਿਥੇ ਉਨ੍ਹਾਂ ਅਧਿਕਾਰੀਆਂ ਨੂੰ ਜਨਤਕ ਥਾਵਾਂ ‘ਤੇ ਚੌਵੀ ਘੰਟੇ ਗਸ਼ਤ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ/ਪੀਸੀਆਰ ਸਟਾਫ ਵੱਲੋਂ ਸ਼ਹਿਰ ਵਿੱਚ ਚੌਵੀ ਘੰਟੇ ਨਿਗਰਾਨੀ ਅਤੇ ਗਸ਼ਤ ਕੀਤੀ ਜਾ ਰਹੀ ਹੈ ਕਿਉਂਕਿ ਸ਼ਾਪਿੰਗ ਮਾਲ, ਬਾਜ਼ਾਰਾਂ, ਰੈਸਟੋਰੈਂਟਾਂ ਅਤੇ ਹੋਰ ਸਥਾਨਾਂ ਸਮੇਤ ਇਨ੍ਹਾਂ ਥਾਵਾਂ ‘ਤੇ ਹਫ਼ਤੇ ਦੇ ਅੰਤ ਵਿੱਚ ਵੱਡੀ ਗਿਣਤੀ ਲੋਕਾਂ ਦਾ ਆਉਣਾ ਹੁੰਦਾ ਹੈ।