ਜਲੰਧਰ, 6 ਅਕਤੂਬਰ (ਨਿਊਜ਼ ਹੰਟ)- ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ ਅਤੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ਼੍ਰੀ ਰਾਜ ਕੁਮਾਰ ਵੇਰਕਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਸੂਬੇ ਵਿੱਚ ਲਗਭਗ 10,000 ਸਫਾਈ ਸੇਵਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇਗਾ, ਜਿਸ ਸਬੰਧੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ।
ਕੈਬਨਿਟ ਮੰਤਰੀ ਵਜੋਂ ਕਾਰਜਭਾਰ ਸੰਭਾਲਣ ਤੋਂ ਬਾਅਦ ਡਾ.ਰਾਜ ਕੁਮਾਰ ਵੇਰਕਾ, ਜੋ ਬੁੱਧਵਾਰ ਸ਼ਾਮ ਨੂੰ ਇੱਥੇ ਸਰਕਟ ਹਾਊਸ ਪਹੁੰਚੇ ਸਨ, ਨੇ ਸ਼ਾਂਤੀਪੂਰਵਕ ਵਿਰੋਧ ਕਰ ਰਹੇ ਕਿਸਾਨਾਂ ‘ਤੇ ‘ਤਾਲਿਬਾਨੀ ਹਮਲੇ’ ਰਾਹੀਂ ਦੇਸ਼ ਦੇ ਲੋਕਤੰਤਰ ਦਾ ਗਲ ਘੁੱਟਣ ਲਈ ਉੱਤਰ ਪ੍ਰਦੇਸ਼ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਕਾਨੂੰਨ ਦਾ ਰਾਜ ਨਹੀਂ ਹੈ, ਉਥੇ ਲੋਕਤੰਤਰੀ ਵਿਵਸਥਾ ਤਾਨਾਸ਼ਾਹੀ ਵਿੱਚ ਬਦਲ ਗਈ ਹੈ ਕਿਉਂਕਿ ਭਾਜਪਾ ਲੋਕਤੰਤਰ ਵਿੱਚ ਵਿਸ਼ਵਾਸ ਹੀ ਨਹੀਂ ਰੱਖਦੀ।
ਲਖੀਮਪੁਰ ਖੀਰੀ ਵਿਖੇ ਕਿਸਾਨਾਂ ‘ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਹਮਲਾ ਯੂ.ਪੀ. ਦੀ ਤਾਲਿਬਾਨੀ ਸਰਕਾਰ ਦੇ ਇਸ਼ਾਰੇ ‘ਤੇ ਕੀਤਾ ਗਿਆ ਹੈ। ਯੂ.ਪੀ. ਸਰਕਾਰ ਵੱਲੋਂ ਵਾਹਨਾਂ ਰਾਹੀਂ ਕਿਸਾਨਾਂ ਨੂੰ ਕੁਚਲਣਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦੀ ਅਗਵਾਈ ਵਿੱਚ ਇੱਕ ਵਫਦ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਪਰਿਵਾਰਾਂ ਲਈ ਇਨਸਾਫ਼ ਦੀ ਆਵਾਜ਼ ਬੁਲੰਦ ਕਰਨ ਲਈ ਲਖੀਮਪੁਰ ਖੀਰੀ ਪਹੁੰਚਿਆ ਹੈ। ਪੰਜਾਬ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਇਲਾਵਾ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ।
ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਲੋਕਾਂ ਦੀ ਸਰਕਾਰ ਦੱਸਦਿਆਂ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਇਹ ਅਸਲ ਵਿੱਚ ਲੋਕਾਂ ਦੀ ਅਤੇ ਲੋਕਾਂ ਲਈ ਸਰਕਾਰ ਹੈ। ਵਾਅਦੇ ਪੂਰੇ ਕਰਨ ਲਈ ਸਰਕਾਰ ਪਾਸ ਥੋੜਾ ਸਮਾਂ ਹੋਣ ਸਬੰਧੀ ਪੁੱਛੇ ਗਏ ਇਕ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਕੋਲ ਬਹੁਤ ਸਮਾਂ ਹੈ, ਜਿਸਦਾ ਅੰਦਾਜ਼ਾ ਚੰਨੀ ਸਰਕਾਰ ਵੱਲੋਂ ਲਏ ਜਾ ਰਹੇ ਫੈਸਲਿਆਂ ਤੋਂ ਲਗਾਇਆ ਜਾ ਸਕਦਾ ਹੈ, ਜਿਸ ਵਿੱਚ ਪਾਣੀ ਦੇ ਬਿੱਲਾਂ ਦੀ ਮੁਆਫੀ ਅਤੇ ਬਿਜਲੀ ਦੇ ਬਿੱਲਾਂ ਦੇ ਬਕਾਇਆ ਲਈ 1200 ਕਰੋੜ ਰੁਪਏ ਅਲੱਗ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ ਕਾਰਜਭਾਰ ਸੰਭਾਲਣ ਤੋਂ ਬਾਅਦ ਕੁਝ ਦਿਨਾਂ ਵਿੱਚ ਲਏ ਗਏ ਰਾਜ ਸਰਕਾਰ ਦੇ ਫੈਸਲਿਆਂ ਨੇ ਵਿਰੋਧੀ ਧਿਰ ਨੂੰ ਮੁੱਦਾਹੀਣ ਕਰ ਦਿੱਤਾ।
ਇੱਕ ਸਵਾਲ ਦਾ ਜਵਾਬ ਦਿੰਦਿਆਂ ਮੰਤਰੀ ਨੇ ਐਲਾਨ ਕੀਤਾ ਕਿ ਪਹਿਲੇ ਪੜਾਅ ਵਿੱਚ ਇਸ ਮਹੀਨੇ ਦੇ ਅੰਦਰ ਤਕਰੀਬਨ 10000 ਸਫਾਈ ਸੇਵਕਾਂ ਨੂੰ ਰੈਗੂਲਰ ਕੀਤਾ ਜਾ ਰਿਹਾ ਹੈ। ਇਸ ਮੌਕੇ ਮੇਅਰ ਜਗਦੀਸ਼ ਰਾਜ ਰਾਜਾ, ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਡਿਪਟੀ ਕਮਿਸ਼ਨਰ ਪੁਲਿਸ ਜਗਮੋਹਨ ਸਿੰਘ, ਏਡੀਸੀਪੀ ਜਗਜੀਤ ਸਰੋਆ ਅਤੇ ਹੋਰ ਮੌਜੂਦ ਸਨ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕੈਬਨਿਟ ਮੰਤਰੀ ਦਾ ਗੁਲਦਸਤੇ ਭੇਟ ਕਰ ਕੇ ਸਵਾਗਤ ਕੀਤਾ ਗਿਆ।