ਹੁਸ਼ਿਆਰਪੁਰ, 27 ਅਗਸਤ (ਨਿਊਜ਼ ਹੰਟ)- ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਰਕਾਰੀ ਜ਼ਮੀਨ ’ਤੇ ਨਜਾਇਜ਼ ਕਬਜੇ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਇਸ ਸਬੰਧ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਖਤ ਕਦਮ ਅਪਨਾਏ ਜਾਣਗੇ। ਉਨ੍ਹਾਂ ਨਜਾਇਜ਼ ਕਬਜਾਕਾਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਤੁਰੰਤ ਨਜਾਇਜ਼ ਕਬਜ਼ੇ ਛੱਡ ਦੇਣ, ਉਸ ਤੋਂ ਬਾਅਦ ਪ੍ਰਸ਼ਾਸਨ ਵਲੋਂ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਜਾਇਜ਼ ਕਬਜ਼ੇ ਛਡਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਇਸ ਗੰਭੀਰਤਾ ਦੇ ਚੱਲਦਿਆਂ ਜ਼ਿਲ੍ਹੇ ਵਿਚ ਨਜਾਇਜ਼ ਕਬਜ਼ੇ ਛੱਡਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰਾਂ ਤੇ ਪਿੰਡਾਂ ਵਿਚ ਕਿਸੇ ਵੀ ਵਿਅਕਤੀ ਦਾ ਨਜਾਇਜ਼ ਕਬਜ਼ਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਖਤ ਸ਼ਬਦਾਂ ਵਿਚ ਕਿਹਾ ਕਿ ਜੇਕਰ ਕਬਜ਼ਾਕਾਰਾਂ ਵਲੋਂ ਆਪਣੇ ਨਜਾਇਜ਼ ਕਬਜ਼ੇ ਤਹਿਤ ਜ਼ਮੀਨ ਨਾ ਛੱਡੀ ਗਈ, ਤਾਂ ਕਾਨੂੰਨ ਮੁਤਾਬਕ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਸ਼੍ਰੀ ਸੰਦੀਪ ਹੰਸ ਨੇ ਅਧਿਕਾਰੀਆਂ ਨੂੰ ਵੀ ਹਦਾਇਤ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਥਾਵਾਂ ’ਤੇ ਨਜਾਇਜ਼ ਕਬਜ਼ੇ ਹੋਏ ਹਨ, ਉਨ੍ਹਾਂ ਕਬਜ਼ਿਆਂ ਸਬੰਧੀ ਸੂਚੀ ਤਿਆਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਨਜਾਇਜ਼ ਕਬਜ਼ਿਆਂ ’ਤੇ ਨਕੇਲ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਨਜਾਇਜ਼ ਕਬਜ਼ੇ ਛੁਡਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਬਾਅਦ ਪ੍ਰਸ਼ਾਸਨ ਵਲੋਂ ਕਾਨੂੰਨੀ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।