ਪਠਾਨਕੋਟ: 17 ਸਤੰਬਰ ( ਨਿਊਜ਼ ਹੰਟ )- ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਬਲਾਕ ਪਠਾਨਕੋਟ ਨੂੰ ਲਗਾਤਾਰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਬਨਾਉਣ ਦੇ ਟੀਚੇ ਨਾਲ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ। ਇਸ ਸੰਬੰਧੀ ਪਿੰਡ ਭਨਵਾਲ ਵਿੱਚ ਕਿਸਾਨਾਂ ਦੀ ਇਕੱਤਰਤਤਾ ਕਰਕੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਤਕਨੀਕਾਂ ਬਾਰੇ ਜਾਣੂ ਕਰਵਾਇਆ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਪਠਾਨਕੋਟ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ,ਪਸ਼ੂਆਂ ਦੀ ਸਿਹਤ ਅਤੇ ਚੌਗਿਰਦੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਸਭ ਤੋਂ ਵੱਧ ਪ੍ਰਭਾਵਿਤ ਕਰਦੀਆਂ ਹਨ। ਉਨਾਂ ਕਿਹਾ ਕਿ ਹਵਾ ਦੇ ਪ੍ਰਦੂਸ਼ਣ ਨਾਲ ਅੱਖਾਂ ਦਾ ਜਲਣਾ,ਨੱਕ ਵਿੱਚ ਜਲਣ,ਗਲੇ ਵਿੱਚ ਜਲਣ,ਚਮੜੀ ਦੇ ਰੋਗ,ਛਾਤੀ ਦਾ ਜਕੜਣ ਆਦਿ ਅਜਿਹੇ ਰੋਗ ਹਨ ਜੋ ਹਵਾ ਦੇ ਪ੍ਰਦੂਸ਼ਣ ਵਧਣ ਨਾਲ ਵਧਦੇ ਹਨ। ਉਨਾਂ ਕਿਹਾ ਕਿ ਇੱਕ ਅਨੁਮਾਨ ਅਨੁਸਾਰ ਪੰਜਾਬ ਵਿੱਚ ਤਕਰੀਬਨ 200 ਲੱਖ ਟਨ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜ ਦਿੱਤਾ ਜਾਂਦਾ ਹੈ।ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਸਾੜਣ ਦੀ ਬਿਜਾਏ ਖੇਤ ਵਿੱਚ ਹੀ ਤਵੀਆਂ ਨਾਲ ਵਾਹ ਦੇਣਾ ਚਾਹੀਦਾ।ਉਨਾਂ ਕਿਹਾ ਕਿ ਝੋਨੇ ਦੀ ਕਟਾਈ ਉਪਰੰਤ ਕਟਰ ਕਮ ਸ਼ਰੈਡਰ ਜਾਂ ਚੌਪਰ ਨਾਲ ਰਹਿੰਦ ਖੂੰਹਦ ਨੂੰ ਖੇਤ ਵਿੱਚ ਇੱਕਸਾਰ ਖਿਲਾਰ ਕੇ ਪੀ.ਏ.ਯੂ. ਹੈਪੀ ਸੀਡਰ ਜਾਂ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਖੇਤ ਨੂੰ ਬਗੈਰ ਵਾਹੇ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਕਣਕ ਦੀ ਬਿਜਾਈ ਲਈ ਮਲਚਿੰਗ ਤਕਨੀਕ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।
ਸ਼੍ਰੀ ਗੁਰਦਿੱਤ ਸਿੰਘ ਨੇ ਦੱਸਿਆ ਕਿ ਪਿੰਡਾਂ ਵਿੱਚ ਜਾਗਰੁਕਤਾ ਪੈਦਾ ਕਰਨ ਲਈ ਪਹਿਲੇ ਪੜਾਅ ਵਿੱਚ ਗ੍ਰਾਮ ਪੰਚਾਇਤਾਂ ਕੋਲੋਂ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਮਤੇ ਪਵਾਏ ਜਾ ਰਹੇ ਹਨ ਅਤੇ 10 ਅਕਤੂਬਰ ਤੱਕ ਬਲਾਕ ਪਠਾਨਕੋਟ (ਸਮੇਤ ਘਰੋਟਾ ਬਲਾਕ)ਦੀਆਂ ਸਮੂਹ ਗ੍ਰਾਮ ਪੰਚਾਇਤਾਂ ਕੋਲੋਂ ਮਤੇ ਪਵਾਏ ਜਾਣਗੇ। ਉਨਾਂ ਕਿਹਾ ਕਿ ਬਲਾਕ ਘਰੋਟਾ ਵਿੱਚ ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਸ਼ੰਯਮ ਅਗਰਵਾਲ ਵੱਲੋਂ ਨਿਗਰਾਨ ਟੀਮਾਂ ਬਣਾਈਆਂ ਗਈਆਂ ਹਨ ਅਤੇ ਹਰੇਕ ਟੀਮ ਦਾ ਇੰਚਾਰਜ ਕਲੱਸਟਰ ਇੰਚਾਰਜ ਹੋਵੇਗਾ ਅਤੇ 3-6 ਪਿੰਡਾਂ ਪਿੱਛੇ ਇੱਕ ਨੋਡਲ ਅਫਸਰ ਹੋਵੇਗਾ। ਇਸ ਮੌਕੇ ਸ਼੍ਰੀ ਗੁਰਦਿੱਤ ਸਿੰਘ, ਸ਼੍ਰੀ ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ, ਅਮਨਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ(ਆਤਮਾ), ਉੱਤਮ ਚੰਦ, ਕਿਸਾਨ ਪ੍ਰਭਾਤ ਸਿੰਘ,ਸੱਤਪਾਲ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।