ਪਠਾਨਕੋਟ: 3 ਫਰਵਰੀ (ਨਿਊਜ਼ ਹੰਟ)- ਨੈਸਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 12 ਮਾਰਚ 2022 ਨੂੰ ਦੇਸ ਭਰ ਵਿੱਚ ਨੈਸਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਹ ਪ੍ਰਗਟਾਵਾ ਸ੍ਰੀ ਮਹੁੰਮਦ ਗੁਲਜਾਰ, ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਅਧੀਨ 12 ਮਾਰਚ 2022 ਨੂੰ ਜਿਲ੍ਹਾ ਕੋਰਟ ਕੰਪਲੈਕਸ, ਪਠਾਨਕੋਟ ਦੀ ਸਾਰੀਆਂ ਅਦਾਲਤਾਂ ਵਿੱਚ ਨੈਸਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ ।
ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ ਵੱਲੋਂ ਦੱਸਿਆ ਗਿਆ ਕਿ ਇਸ ਨੈਸਨਲ ਲੋਕ ਅਦਾਲਤ ਦਾ ਮੁੱਖ ਮਨੋਰਥ/ਰਾਜੀਨਾਮੇਂ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਦੋਨੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ । ਉਨ੍ਹਾਂ ਦੱਸਿਆ ਕਿ ਗੰਭੀਰ ਕਿਸਮ ਦੇ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ । ਜਿਸ ਨਾਲ ਦੋਵੇ ਪਾਰਟੀਆਂ ਦੇ ਆਪਸੀ ਭਾਈਚਾਰਾ ਵੱਧਦਾ ਹੈ ਅਤੇ ਆਮ ਜਨਤਾ ਵੀ ਉਕਤ ਲੋਕ ਅਦਾਲਤ ਦੇ ਵਿੱਚ ਆਪਣਾ ਕੇਸ ਲਗਾ ਕੇ ਇਸ ਦਾ ਫਾਇਦਾ ਉਠਾਉਣ ।
ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਵਿੱਚ ਕੇਸ ਲਗਾਉਣ ਲਈ ਹਰ ਉਹ ਵਿਅਕਤੀ ਜਿਸ ਦਾ ਅਦਾਲਤ ਵਿੱਚ ਕੇਸ ਲੰਬਤ/ਚਲਦਾ ਹੈ ਅਤੇ ਲੋਕ ਅਦਾਲਤ ਰਾਹੀ ਸਮਝੋਤਾ ਕਰਵਾਉਣ ਦਾ ਇੱਛੁਕ ਹੈ, ਇਸ ਸਬੰਧੀ ਦਰਖਾਸਤ ਸਬੰਧਿਤ ਅਦਾਲਤ ਦੇ ਜੱਜ ਸਾਹਿਬ ਨੂੰ ਪੇਸ਼ ਕਰ ਸਕਦਾ ਹੈ । ਜੇਕਰ ਕੇਸ ਅਦਾਲਤ ਵਿੱਚ ਲੰਬਿਤ ਨਹੀਂ ਹੈ (ਪ੍ਰੀ ਲਿਟੀਗੇਟਿਵ ਸਟੇਜ) ਤਾਂ ਅਜਿਹੇ ਮਸਲਿਆਂ ਸਬੰਧੀ ਦਰਖਾਸਤ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਿਲ੍ਹਾ ਕਚਹਿਰੀਆਂ ਪਠਾਨਕੋਟ ਨੂੰ ਦਿੱਤੀ ਜਾ ਸਕਦੀ ਹੈ ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦਾ ਇਹ ਲਾਭ ਹੁੰਦਾ ਹੈ ਕਿ ਛੇਤੀ ਤੇ ਸਸਤਾ ਨਿਆਂ ਮਿਲਦਾ ਹੈ,ਇਸ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ ,ਇਸ ਵਿੱਚ ਫੈਸਲਾ ਆਪਸੀ ਸਹਿਮਤੀ ਅਤੇ ਰਜਾਮੰਦੀ ਨਾਲ ਕਰਵਾਇਆ ਜਾਂਦਾ ਹੈ, ਲੋਕ ਅਦਾਲਤ ਵਿੱਚ ਫੈਸਲੇ ਹੋਣ ਉਪੰਰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਿਸ ਮਿਲ ਜਾਂਦੀ ਹੈ ਅਤੇ ਇਸ ਦਾ ਫੈਸਲਾ ਅੰਤਿਮ ਹੁੰਦਾ ਹੈ ।