ਨਕੋਦਰ (ਜਲੰਧਰ), 5 ਅਕਤੂਬਰ (ਨਿਊਜ਼ ਹੰਟ)- ਫਸਲ ਦੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ ਵਿੱਚ ਕਿਸਾਨਾਂ ਦੀ ਸਹਾਇਤਾ ਲਈ ਆਈ-ਖੇਤ ਮਸ਼ੀਨ ਐਪ ਦੀ ਸ਼ੁਰੂਆਤ ਨੂੰ ਇਨਕਲਾਬੀ ਕਦਮ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਕਿਸਾਨਾਂ ਨੂੰ ਇਸ ਐਪ ਨੂੰ ਵੱਡੀ ਗਿਣਤੀ ਵਿੱਚ ਡਾਊਨਲੋਡ ਕਰਨ ਦੀ ਅਪੀਲ ਕੀਤੀ ਤਾਂ ਜੋ ਉਹ ਆਪਣੇ ਨਜ਼ਦੀਕੀ ਸਥਾਨ ‘ਤੇ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਉਪਲਬਧਤਾ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ।
ਬੀੜ ਪਿੰਡ ਵਿੱਚ ਇੱਕ ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਐਪਲੀਕੇਸ਼ਨ ‘ਤੇ ਕਿਸਾਨ ਸਮੂਹਾਂ ਅਤੇ ਸਹਿਕਾਰੀ ਸਭਾਵਾਂ ਸਮੇਤ 1200 ਕਸਟਮਰ ਹਾਇਰਿੰਗ ਸੈਂਟਰਾਂ ਵਿੱਚ ਮਸ਼ੀਨਰੀ ਦੀ ਉਪਲਬਧਤਾ ਬਾਰੇ ਜਾਣਕਾਰੀ ਆਨਲਾਈਨ ਕੀਤੀ ਗਈ ਹੈ, ਜੋ ਕਿ ਕਿਸਾਨ ਇਸ ਐਪ ਰਾਹੀਂ ਪ੍ਰਾਪਤ ਕਰ ਸਕਦੇ ਹਨ ਤਾਂ ਜੋ ਉਨ੍ਹਾਂ ਨੂੰ ਇਨ੍ਹਾਂ ਮਸ਼ੀਨਾਂ ਦੀ ਖਰੀਦ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ। ਇਸ ਤੋਂ ਇਲਾਵਾ ਕਿਸਾਨ ਆਪਣੇ ਸਥਾਨ ਦੇ ਪੰਜ, ਦਸ ਅਤੇ ਪੰਦਰਾਂ ਕਿਲੋਮੀਟਰ ਦੇ ਘੇਰੇ ਵਿੱਚ ਉਪਲਬਧ ਮਸ਼ੀਨਾਂ ਦੀ ਜਾਣਕਾਰੀ ਵੀ ਪ੍ਰਾਪਤ ਕਰ ਸਕਦੇ ਹਨ।
ਸ਼੍ਰੀ ਥੋਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਆਦੇਸ਼ਾਂ ਅਨੁਸਾਰ ਇਨ੍ਹਾਂ ਕਸਟਮਰ ਹਾਇਰਿੰਗ ਸੈਂਟਰਾਂ ਵੱਲੋਂ ਫਸਲਾਂ ਦੀ ਰਹਿੰਦ-ਖੂਹੰਦ ਦੇ ਪ੍ਰਬੰਧਨ ਨਾਲ ਸਬੰਧਤ ਮਸ਼ੀਨਾਂ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕਿਹਾ ਕਿ ਕਸਟਮਰ ਹਾਇਰਿੰਗ ਸੈਂਟਰਾਂ ਨੂੰ ਅਜਿਹੇ ਕਿਸਾਨਾਂ ਤੋਂ ਕਿਰਾਇਆ ਨਾ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ, ਉਨ੍ਹਾਂ ਤੋਂ ਸਿਰਫ਼ ਬਾਲਣ ਖਰਚੇ ਹੀ ਲਏ ਜਾਣਗੇ।
ਡਿਪਟੀ ਕਮਿਸ਼ਨਰ ਦੀ ਅਪੀਲ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਜਾਗਰੂਕਤਾ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਮੌਜੂਦ ਕਿਸਾਨਾਂ ਨੇ ਮੌਕੇ ‘ਤੇ ਹੀ ਆਈ-ਖੇਤ ਮਸ਼ੀਨ ਐਪ ਡਾਊਨਲੋਡ ਕੀਤੀ ਅਤੇ ਪ੍ਰਸ਼ਾਸਨ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਪਰਾਲੀ ਪ੍ਰਬੰਧਨ ਦੇ ਉਪਾਅ ਅਪਨਾਉਣ ਦਾ ਭਰੋਸਾ ਦਿਵਾਇਆ। ਇਸ ਐਪ ਨੂੰ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।
