ਹੁਸ਼ਿਆਰਪੁਰ, 17 ਮਈ( ਨਿਊਜ਼ ਹੰਟ )-
ਸੂਬੇ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਪ੍ਰਾਪਤੀਆਂ ਬਿਹਤਰ ਬਣਾਉਣ ਲਈ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਉਪਰਾਲੇ ਲਗਾਤਾਰ ਜਾਰੀ ਹਨ। ਜਿੱਥੇ ਸਮੂਹ ਸਕੂਲਾਂ ਦੇ ਅਧਿਆਪਕਾਂ ਵੱਲੋਂ ਆਨਲਾਈਨ ਤਰੀਕੇ ਆਪੋ ਆਪਣੇ ਵਿਸ਼ਿਆਂ ਦੀ ਪੜ੍ਹਾਈ ਕਰਵਾਈ ਜਾ ਰਹੀ ਹੈ ਉੱਥੇ ਹੀ ਰਾਜ ਸਿੱਖਿਆ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਪੜ੍ਹੋ ਪੰਜਾਬ ਪ੍ਰਾਜੈਕਟ ਅਧੀਨ ਸਰਕਾਰੀ ਸਕੂਲਾਂ ਦਾ ਗੁਣਾਤਮਕ ਪੱਧਰ ਬਿਹਤਰੀਨ ਬਣਾਉਣ ਲਈ ਆਨਲਾਈਨ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਗੁਰਸ਼ਰਨ ਸਿੰਘ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਅਤੇ ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਸਮੂਹ ਵਿਦਿਆਰਥੀਆਂ ਦੀਆਂ ਅਕਾਦਮਿਕ ਪ੍ਰਾਪਤੀਆਂ ਬਿਹਤਰ ਬਣਾਉਣ ਲਈ ਵਿਭਾਗ ਵੱਲੋਂ ਹਰ ਵਿਸ਼ੇ ਬਾਰੇ ਬਹੁਤ ਹੀ ਬਾਰੀਕੀ ਨਾਲ ਕਾਰਜ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਲਈ ਮੁਸ਼ਕਿਲ ਉਪ ਵਿਸ਼ਿਆਂ ਦੀ ਸਨਾਖਤ ਕਰਕੇ ਉਹਨਾਂ ਨੂੰ ਸਰਲ ਤਰੀਕੇ ਨਾਲ ਸਮਝਾਇਆ ਜਾ ਰਿਹਾ ਹੈ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਪੜ੍ਹੋ ਪੰਜਾਬ ਦੀ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਟੀਮ ਵੱਲੋਂ ਜਿੱਥੇ ਵਿਦਿਆਰਥੀਆਂ ਦੀ ਅੰਗਰੇਜ਼ੀ ਵਿਸ਼ੇ ਵਿੱਚ ਕਾਰਗੁਜ਼ਾਰੀ ਬਿਹਤਰ ਬਣਾਉਣ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ,ਉੱਥੇ ਹੁਣ ਵਿਦਿਆਰਥੀਆਂ ਦੀ ਸਮਾਜਿਕ ਸਿੱਖਿਆ ਵਿਸ਼ੇ ਵਿੱਚ ਕਾਰਗੁਜ਼ਾਰੀ ਬਿਹਤਰੀਨ ਕਰਨ ਲਈ ਨਕਸ਼ਾ ਭਰਨ ਦੀਆਂ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਆਨਲਾਈਨ ਜਮਾਤਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਹ ਆਨਲਾਈਨ ਜਮਾਤ ਹਰ ਐਤਵਾਰ ਸ਼ਾਮ ਨੂੰ 6 ਤੋਂ 7 ਵਜੇ ਤੱਕ ਲਗਾਈ ਜਾਵੇਗੀ ਜਿਸ ਦੀ ਸ਼ੁਰੂਆਤ 16 ਮਈ ਤੋਂ ਕੀਤੀ ਜਾ ਚੁੱਕੀ ਹੈ ਜਿਸ ਵਿੱਚ ਪੜ੍ਹੋ ਪੰਜਾਬ ਦੀ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਟੀਮ ਵੱਲੋਂ ਸਟੇਟ ਰਿਸੋਰਸ ਪਰਸਨ ਚੰਦਰ ਸੇਖਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਨਕਸ਼ਾ ਭਰਨ ਦੀਆਂ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਆਨਲਾਈਨ ਜਮਾਤ ਦੀ ਸ਼ੁਰੂਆਤ ਕੀਤੀ ਗਈ।ਪਹਿਲੇ ਦਿਨ ਉਮੇਸ਼ਵਰ ਨਰਾਇਣ ਅਤੇ ਕਮਲਦੀਪ ਸਿੰਘ ਵੱਲੋਂ ਨਕਸ਼ਾ ਭਰਨ ਦੀਆਂ ਤਕਨੀਕਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਗਈ।
ਰਾਕੇਸ਼ ਕੁਮਾਰ ਉਪ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਅਤੇ ਸੁਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ (ਐਲੀਮੈਂਟਰੀ) ਨੇ ਕਿਹਾ ਕਿ ਸਮਾਜਿਕ ਸਿੱਖਿਆ ਵਿਸ਼ੇ ਵਿੱਚੋਂ ਅੰਕ ਪ੍ਰਾਪਤ ਕਰਨ ਲਈ ਨਕਸ਼ ਭਰਨ ਵਾਲੇ ਪ੍ਰਸ਼ਨ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ।ਇਸ ਆਨਲਾਈਨ ਜਮਾਤ ਜਰੀਏ ਨਕਸ਼ਾ ਭਰਨ ਦੀਆਂ ਤਕਨੀਕਾਂ ਦੀ ਜਾਣਕਾਰੀ ਹਾਸਿਲ ਕਰਕੇ ਵਿਦਿਆਰਥੀ ਸਹੀ ਨਕਸ਼ਾ ਭਰਨ ਵਿੱਚ ਕਾਮਯਾਬ ਹੋਣਗੇ। ਸਿੱਖਿਆ ਅਧਿਕਾਰੀਆਂ ਨੇ ਅਧਿਆਪਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਖੁਦ ਅਤੇ ਵਿਦਿਆਰਥੀਆਂ ਨੂੰ ਇਸ ਆਨਲਾਈਨ ਜਮਾਤ ਦਾ ਲਾਹਾ ਲੈਣ ਦੀ ਅਪੀਲ ਕੀਤੀ। ਰੁਪਿੰਦਰ ਕੌਰ ਜਿਲ੍ਹਾ ਮੈਂਟਰ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਨੇ ਕਿਹਾ ਕਿ ਇਸ ਆਨਲਾਈਨ ਜਮਾਤ ਦੌਰਾਨ ਮਾਹਿਰਾਂ ਵੱਲੋਂ ਨਕਸ਼ਾ ਭਰਨ ਦੀਆਂ ਦੱਸੀਆਂ ਜਾਣ ਵਾਲੀਆਂ ਤਕਨੀਕਾਂ ਨਾ ਕੇਵਲ ਵਿਦਿਆਰਥੀਆਂ ਲਈ ਵਰਦਾਨ ਸਿੱਧ ਹੋਣਗੀਆਂ ਸਗੋਂ ਇਸ ਨਾਲ ਅਧਿਆਪਕਾਂ ਦੀ ਨਿਪੁੰਨਤਾ ਵਿੱਚ ਵੀ ਨਿਖਾਰ ਆਵੇਗਾ।ਉਹਨਾਂ ਦੱਸਿਆ ਕਿ ਇਸ ਆਨਲਾਈਨ ਜਮਾਤ ਦੀ ਰਿਕਾਰਡਿੰਗ ਵਿਭਾਗ ਦੀ ਐਜੂਕੇਅਰ ਐਪ ‘ਤੇ ਵੀ ਉਪਲਬਧ ਕਰਵਾਈ ਜਾਵੇਗੀ।ਕਿਸੇ ਕਾਰਨ ਆਨਲਾਈਨ ਜਮਾਤ ਅਟੈਂਡ ਨਾ ਕਰ ਸਕਣ ਵਾਲੇ ਵਿਦਿਆਰਥੀ ਐਜੂਕੇਅਰ ਐਪ ‘ਤੇ ਜਾ ਕੇ ਵੀ ਨਕਸ਼ਾ ਭਰਨ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।