ਜਲੰਧਰ, 15 ਜੂਨ ( ਨਿਊਜ਼ ਹੰਟ ) :
ਜ਼ਿਲ੍ਹਾ ਜਲੰਧਰ ਨੇ 0.01 ਫੀਸਦੀ ਪੈਂਡੈਂਸੀ ਨੂੰ ਯਕੀਨੀ ਬਣਾਉਂਦਿਆਂ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਸੂਬੇ ਭਰ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ, ਜੋ ਕਿ ਨਾਗਰਿਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਖ਼ਾਸਕਰ ਕੋਵਿਡ -19 ਮਹਾਂਮਾਰੀ ਕਾਰਨ ਪੈਦਾ ਹੋਏ ਸਿਹਤ ਸੰਕਟ ਦੇ ਦਰਮਿਆਨ ਨਾਗਰਿਕਾਂ ਦੁਆਰਾ ਸੇਵਾ ਕੇਂਦਰਾਂ ਵਿਖੇ ਦਾਇਰ ਕੀਤੀਆਂ ਗਈਆਂ ਅਰਜ਼ੀਆਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਂਦਿਆਂ ਇਹ ਟੀਚਾ ਹਾਸਲ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਜੂਨ, 2021 ਨੂੰ ਪ੍ਰਸ਼ਾਸਨ ਨੂੰ ਸਮੁੱਚੇ 33 ਸੇਵਾ ਕੇਂਦਰਾਂ ਵਿਖੇ ਲਗਭਗ 330 ਸੇਵਾਵਾਂ ਲਈ 280569 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਦਾ ਅਧਿਕਾਰੀਆਂ ਵੱਲੋਂ ਸਮੇਂ ਸਿਰ ਨਿਪਟਾਰਾ ਕੀਤਾ ਗਿਆ ।ਇਨ੍ਹਾਂ ਅਰਜ਼ੀਆਂ ਵਿਚੋਂ ਸਿਰਫ਼ 0.01 ਫੀਸਦੀ ਭਾਵ 33 ਹੀ ਨਿਪਟਾਰੇ ਲਈ ਪੈਂਡਿੰਗ ਹਨ।
ਸ਼੍ਰੀ ਥੋਰੀ ਨੇ ਕਿਹਾ ਕਿ ਕੋਵਿਡ -19 ਕਾਰਨ ਸਮੂਹ ਸੇਵਾ ਕੇਂਦਰਾਂ ਵਿੱਚ ਸਟਾਫ਼ ਅਤੇ ਬਿਨੈਕਾਰਾਂ ਸਮੇਤ ਸਾਰਿਆਂ ਦੀ ਸੁਰੱਖਿਆ ਲਈ ਲੋੜੀਂਦੇ ਉਪਾਅ ਅਪਣਾਏ ਗਏ ਹਨ ਅਤੇ ਪ੍ਰਸ਼ਾਸਨ ਵੱਲੋਂ ਇਨ੍ਹਾਂ ਸੇਵਾਵਾਂ ਦੀ ਸਪੁਰਦਗੀ ਨੂੰ ਵੱਖਰੇ ਢੰਗ ਨਾਲ ਯਕੀਨੀ ਬਣਾਉਣ ਲਈ ਪ੍ਰੀ-ਬੁਕਿੰਗ ਸਲਾਟ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੈਂਡੈਂਸੀ ਦੀ ਨਿਯਮਤ ਨਿਗਰਾਨੀ ਰਾਹੀਂ ਜ਼ੀਰੋ ਪੈਂਡੈਂਸੀ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਵੱਲੋਂ ਇੱਕ ਵਿਹਾਰਕ ਸਿਸਟਮ ਵਿਕਸਿਤ ਕੀਤਾ ਗਿਆ ਹੈ।