ਜਲੰਧਰ, 05 ਨਵੰਬਰ (ਨਿਊਜ਼ ਹੰਟ)- ਪੇਂਡੂ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਨੂੰ ਹੁਲਾਰਾ ਦਿੰਦਿਆਂ ਕੈਬਨਿਟ ਮੰਤਰੀ ਸ੍ਰ.ਪਰਗਟ ਸਿੰਘ ਵਲੋਂ ਆਪਣੇ ਵਿਧਾਨ ਸਭਾ ਹਲਕੇ ਵਿੱਚ ਪੈਂਦੀਆਂ ਸੱਤ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 64 ਲੱਖ ਰੁਪਏ ਦੇ ਚੌਕ ਜਿਨ੍ਹਾਂ ਵਿੱਚ ਪਿੰਡ ਖੁਣ-ਖੁਣ ਨੂੰ 10 ਲੱਖ, ਮੀਰਾਪੁਰ 8 ਲੱਖ, ਫਤਿਹਪੁੁਰ 9 ਲੱਖ, ਹਮੀਰੀ ਖੇੜਾ 9 ਲੱਖ ਰੁਪਏ ,ਬਰਸਾਲਾਂ 10 ਲੱਖ ਅਤੇ ਸ਼ਾਹਪੁਰ ਨੂੰ 8 ਲੱਖ ਰੁਪਏ ਦੇ ਚੈਕ ਸੌਂਪੇ ਗਏ।
ਇਸ ਮੌਕੇ ਬੋਲਦਿਆਂ ਖੇਡਾਂ ਅਤੇ ਸਿੱਖਿਆ ਮੰਤਰੀ ਸ੍ਰ.ਪਰਗਟ ਸਿੰਘ ਨੇ ਕਿਹਾ ਕਿ ਇਹ ਗਰਾਂਟ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਕੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਗਰਾਮ ਪੰਚਾਇਤਾਂ ਲਈ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਲਾਜ਼ਮੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਟੀਚੇ ਨੂੰ ਹਾਸਿਲ ਕਰਨ ਲਈ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਹਿਲਾਂ ਹੀ ਅਨੇਕਾਂ ਉਪਰਾਲੇ ਸ਼ੁਰੂ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਪੇਂਡੂ ਸੜਕੀ ਨੈਟਵਰਕ ਦੇ ਸੁਧਾਰ, ਪੀਣ ਯੋਗ ਪਾਣੀ ਦੀ ਉਪਲਬੱਧਤਾ, ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਪਿੰਡਾਂ ਵਿੱਚ ਸਿਹਤ ਸਹੂਲਤਾਂ ਅਤੇ ਮਾਡਲ ਖੇਡ ਮੈਦਾਨਾਂ ਦੇ ਨਿਰਮਾਣ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਸ੍ਰ.ਪਰਗਟ ਸਿੰਘ ਵਲੋਂ ਪੇਂਡੂ ਲੋਕਾਂ ਵਿੱਚ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਪਿੰਡ ਹਮੀਰੀ ਖੇੜਾ ਵਿਖੇ ਓਪਨ ਜਿੰਮ ਵੀ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਵਲੋਂ ਪਿੰਡਾਂ ਵਿੱਚ ਖੇਡ ਸਭਿਆਚਾਰ ਨੂੰ ਹੋਰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪਹਿਲ ਕਦਮੀਆਂ ਦੀ ਸ਼ੁਰੂਆਤ ਕੀਤੀ ਗਈ ਹੈ।
ਸ੍ਰ.ਪਰਗਟ ਸਿੰਘ ਨੇ ਕਿਹਾ ਕਿ ਇਨਾਂ ਪਿੰਡਾਂ ਦੇ ਸਰਪੰਚਾਂ ਨੂੰ ਆਪਣੇ-ਆਪਣੇ ਪਿੰਡਾਂ ਵਿੱਚ ਵਿਕਾਸ ਕਾਰਜ ਤੁਰੰਤ ਸ਼ੁਰੂ ਕਰਨ ਲਈ ਕਿਹਾ ਗਿਆ ਹੈ । ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪਿੰਡਾਂ ਵਿੱਚ ਡੇਰੇਨਜ਼ ਪ੍ਰਣਾਲੀ, ਸੜਕਾਂ , ਪਾਰਕਾਂ ਅਤੇ ਹੋਰ ਵਿਕਾਸ ਕਾਰਜ਼ਾਂ ’ਤੇ ਖ਼ਰਚ ਕੀਤੀ ਜਾਵੇਗੀ।
