ਹੁਸ਼ਿਆਰਪੁਰ, 5 ਫਰਵਰੀ (ਨਿਊਜ਼ ਹੰਟ)- ਜ਼ਿਲ੍ਹੇ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਸ਼੍ਰੀਮਤੀ ਅਪਨੀਤ ਰਿਆਤ ਨੇ ਸਖਤ ਕਦਮ ਚੁੱਕਦਿਆਂ 20 ਫਰਵਰੀ ਤੱਕ ਰਾਸ਼ਨ ਡਿਪੂਆਂ ’ਤੇ ਰਾਸ਼ਨ ਦੀ ਵੰਡ ’ਤੇ ਰੋਕ ਲਗਾ ਦਿੱਤੀ ਹੈ।
ਸ਼੍ਰੀਮਤੀ ਰਿਆਤ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਵਿੱਚ ਖਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਸੀ ਕਿ ਕੁਝ ਰਾਜਨੀਤਿਕ ਆਗੂਆਂ ਵਲੋਂ ਚੋਣਾਂ ਦੌਰਾਨ ਸਰਕਾਰੀ ਰਾਸ਼ਨ ਡਿਪੂਆਂ ’ਤੇ ਰਾਸ਼ਨ ਦੀ ਵੰਡ ਦੌਰਾਨ ਮੌਜੂਦ ਰਹਿ ਕੇ ਚੌਣਾ ਲਈ ਇਸ ਦਾ ਲਾਭ ਲੈਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ, ਜਿਸ ਸਦਕਾ ਚੋਣਾਂ ਦੀ ਨਿਰਪੱਖਤਾ ਬਰਕਰਾਰ ਰੱਖਣ ਲਈ ਜ਼ਿਲ੍ਹੇ ਦੇ ਸਾਰੇ ਡਿਪੂਆਂ ’ਤੇ ਰਾਸ਼ਨ ਦੀ ਵੰਡ ’ਤੇ ਤੁਰੰਤ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਫੂਡ ਤੇ ਸਿਵਲ ਸਪਲਾਈਜ਼ ਵਿਭਾਗ ਅਤੇ ਰਾਸ਼ਨ ਡਿਪੂਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 20 ਫਰਵਰੀ ਤੱਕ ਰਾਸ਼ਨ ਨਾ ਵੰਡਿਆ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਫੂਡ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਇਸ ਸਮੇਂ ਦੌਰਾਨ ਪੂਰੀ ਚੌਕਸੀ ਰੱਖਣ ਲਈ ਵੀ ਕਿਹਾ, ਤਾਂ ਜੋ ਕੋਈ ਵੀ ਵਿਅਕਤੀ ਰਾਜਨੀਤਿਕ ਲਾਭ ਲੈਣ ਦੀ ਕੋਸ਼ਿਸ਼ ਨਾ ਕਰ ਸਕੇ। ਉਨ੍ਹਾਂ ਦੱਸਿਆ ਕਿ 21 ਫਰਵਰੀ ਤੋਂ ਦੁਬਾਰਾ ਫਿਰ ਰਾਸ਼ਨ ਦੀ ਵੰਡ ਕੀਤੀ ਜਾ ਸਕਦੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਵਿਧਾਨ ਸਭਾ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਲਾਗੂ ਕੀਤੇ ਗਏ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਇਹ ਵੀ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।