16.5 C
Jalandhar
Monday, January 26, 2026

ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਵਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਅਵਤਾਰ ਸਿੰਘ ਭੁੱਲਰ

ਜਲੰਧਰ, 14 ਨਵੰਬਰ (ਨਿਊਜ਼ ਹੰਟ)- ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤੇਜ਼ੀ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਇਹ ਜਾਣਕਾਰੀ ਜੁਆਇੰਟ ਡਾਇਰੈਕਟਰ ਪੇਂਡੂ ਵਿਕਾਸ ਵਿਭਾਗ ਪੰਜਾਬ ਸ੍ਰ.ਅਵਤਾਰ ਸਿੰਘ ਭੁੱਲਰ ਵੱਲੋਂ ਬਲਾਕ ਆਦਮਪੁਰ ਦੇ ਪਿੰਡ ਜੰਡੂ ਸਿੰਗਾ ਅਤੇ ਬਿਆਸ ਪਿੰਡ ਅਤੇ ਬਲਾਕ ਜਲੰਧਰ ਪੱਛਮੀ ਦੇ ਪਿੰਡ ਸਰਾਏ ਖਾਸ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ ਗਈ।

ਸ੍ਰ.ਭੁੱਲਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲੋੜੀਂਦੇ ਫੰਡ ਜਾਰੀ ਕੀਤੇ ਗਏ ਹਨ ਅਤੇ ਪੰਚਾਇਤ ਵਿਭਾਗ ਇਨ੍ਹਾਂ ਵਿਕਾਸ ਫੰਡਾਂ ਨਾਲ ਪਿੰਡਾਂ ਵਿੱਚ ਮਿਆਰੀ ਵਿਕਾਸ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਲਈ ਸੂਬੇ ਦੇ ਸਮੂਹ ਪਿੰਡਾਂ ਵਿੱਚ ਸਮਾਰਟ ਵਿਲੇਜ ਸਕੀਮ ਅਧੀਨ ਅਨੇਕਾਂ ਵਿਕਾਸ ਪ੍ਰਾਜੇਕਟ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿੱਚ ਉਚ ਮਿਆਰੀ ਸਟੇਡੀਅਮ, ਪਾਰਕਾਂ, ਸੋਲਰ ਲਾਈਟਾਂ,ਇੰਟਰ ਲਾਕਿੰਗ ਗਲੀਆਂ ਅਤੇ ਥਾਪਰ ਤਕਨੀਕ ’ਤੇ ਅਧਾਰਿਤ ਛੱਪੜਾਂ ਦਾ ਕੰਮ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਸ੍ਰ.ਭੁੱਲਰ ਨੇ ਜ਼ਿਲ੍ਹੇ ਦੀਆਂ ਸਮੂਹ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਸ਼ੁਰੂ ਕੀਤੇ ਗਏ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਕੇ ਇਨ੍ਹਾਂ ਦੇ ਵਰਤੋਂ ਸਰਟੀਫਿਕੇਟ ਭੇਜੇ ਜਾਣ ਤਾਂ ਜੋ ਵਿਕਾਸ ਪ੍ਰਾਜੈਕਟਾਂ ਲਈ ਹੋਰ ਫੰਡ ਜਾਰੀ ਕੀਤੇ ਜਾ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਵਿੱਚ ਮਿਆਰੀ ਵਿਕਾਸ ਦੇ ਕੰਮਾਂ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਇਨ੍ਹਾਂ ਦਾ ਲਾਭ ਲੰਬੇ ਸਮੇਂ ਤੱਕ ਪਿੰਡ ਵਾਸੀਆਂ ਨੂੰ ਮਿਲਦਾ ਰਹੇ।

ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਪਿੰਡਾਂ ਵਿੱਚ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਨੂੰ ਯਕੀਨੀ ਬਣਾਉਣ ਅਤੇ ਜੇਕਰ ਕਿਸੇ ਪੰਚਾਇਤ ਨੂੰ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਨ ਵਿੱਚ ਕੋਈ ਮੁਸ਼ਕਿਲ ਪੇਸ਼ ਆ ਰਹੀ ਹੈ ਤਾਂ ਉਸ ਦਾ ਤੁਰੰਤ ਨਿਪਟਾਰਾ ਕਰਕੇ ਕੰਮ ਸ਼ੁਰੂ ਕਰਵਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਵਿਕਾਸ ਕਾਰਜਾਂ ਨੂੰ ਮਗਨਰੇਗਾ ਸਕੀਮ ਅਧੀਨ ਕਰਵਾਇਆ ਜਾਵੇ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਲੋਕਾਂ ਨੂੰ ਰੋਜ਼ਗਾਰ ਮਿਲ ਸਕੇ।

ਇਸ ਮੌਕੇ ਸ੍ਰ.ਭੁੱਲਰ ਵੱਲੋਂ ਪਿੰਡਾਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ ਵੀ ਲਿਆ ਗਿਆ ਅਤੇ ਪਿੰਡਾਂ ਦੇ ਸਰਪੰਚਾਂ ਨਾਲ ਗੱਲਬਾਤ ਕਰਕੇ ਭਰੋਸਾ ਦੁਆਇਆ ਗਿਆ ਕਿ ਪੰਚਾਇਤ ਵਿਭਾਗ ਵੱਲੋਂ ਉਨ੍ਹਾਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਇਕਬਾਲਜੀਤ ਸਿੰਘ, ਬੀ.ਡੀ.ਪੀ.ਓ. ਜਲੰਧਰ ਵੈਸਟ ਸੇਵਾ ਸਿੰਘ, ਬੀ.ਡੀ.ਪੀ.ਓ.ਆਦਮਪੁਰ ਸੰਦੀਪ ਸਿੰਘ, ਜੇ.ਈ ਅਸ਼ਵਨੀ ਗੇਰਾ ਅਤੇ ਗੁਰਦੇਵ ਸਿੰਘ, ਪੰਚਾਇਤ ਸਕੱਤਰ ਬਲਜੀਤ ਸਿੰਘ ਤੇ ਸੰਦੀਪ ਸਿੰਘ ਅਤੇ ਸਬੰਧਿਤ ਪਿੰਡਾਂ ਦੇ ਸਰਪੰਚ ਤੇ ਪੰਚ ਮੌਜੂਦ ਸਨ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
22,800SubscribersSubscribe
- Advertisement -spot_img

Latest Articles