ਜਲੰਧਰ, 11 ਸਤੰਬਰ ( ਨਿਊਜ਼ ਹੰਟ )- ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਸ਼ਨੀਵਾਰ ਨੂੰ ਜਲੰਧਰ ਕਮਿਸ਼ਨਰੇਟ ਦੇ ਸਮੂਹ ਅਧਿਕਾਰੀਆਂ ਨੂੰ ਪੈਂਡਿੰਗ ਜਾਂਚ ਦਾ ਨਿਪਟਾਰਾ ਨਿਰਧਾਰਤ ਸਮੇਂ ਦੇ ਅੰਦਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਪੁਲਿਸ ਲਾਈਨਜ਼ ਵਿਖੇ ਆਪਣੀ ਪਲੇਠੀ ਅਪਰਾਧ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੁਲਿਸ ਕਮਿਸ਼ਨਰ ਨੇ ਸਮੂਹ ਐਸ.ਐਚ.ਓਜ਼ ਨੂੰ ਸਿਸਟਮ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਲਈ ‘ਥਾਣਾ ਪੱਧਰ’ ‘ਤੇ ਵੱਧ ਤੋਂ ਵੱਧ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਕਿਹਾ। ਡਾ. ਗਿੱਲ ਨੇ ਘਿਨੌਣੇ ਅਪਰਾਧਾਂ, ਖਾਸ ਕਰਕੇ ਐਨ.ਡੀ.ਪੀ.ਐਸ. ਐਕਟ ਵਿੱਚ ਪੀ.ਓਜ਼ ਨੂੰ ਗ੍ਰਿਫ਼ਤਾਰ ਕਰਨ ਲਈ ਇੱਕ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦਾ ਗਠਨ ਕੀਤਾ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਵਿਅਕਤੀਗਤ ਤੌਰ ‘ਤੇ ਹਫ਼ਤਾਵਾਰੀ ਸਮੀਖਿਆ ਮੀਟਿੰਗਾਂ ਰਾਹੀਂ ਪ੍ਰਗਤੀ ਦੀ ਨਿਗਰਾਨੀ ਕੀਤੀ ਜਾਵੇਗੀ।
ਪੁਲਿਸ ਕਮਿਸ਼ਨਰ, ਜਿਨ੍ਹਾਂ ਦੇ ਨਾਲ ਡਿਪਟੀ ਪੁਲਿਸ ਕਮਿਸ਼ਨਰ ਗੁਰਮੀਤ ਸਿੰਘ ਵੀ ਮੌਜੂਦ ਸਨ, ਨੇ ਸਪੱਸ਼ਟ ਕਿਹਾ ਕਿ ਸ਼ਹਿਰ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਅਜਿਹੇ ਅਪਰਾਧਾਂ ਖਿਲਾਫ਼ ਜ਼ੀਰੋ ਟੌਲਰੈਂਸ ਦੀ ਨੀਤੀ ਅਪਣਾਉਣ ਦੀ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਸੁਰੱਖਿਆ ਅਤੇ ਗਸ਼ਤ ਵਧਾ ਕੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਅਤੇ ਸਟਰੀਟ ਕ੍ਰਾਈਮ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੁਲਿਸ ਟੀਮਾਂ/ਪੀ.ਸੀ.ਆਰ. ਸਟਾਫ਼ ਨੂੰ ਸ਼ਹਿਰ ਵਿੱਚ 24 ਘੰਟੇ ਗਸ਼ਤ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ, ਖਾਸ ਕਰਕੇ ਸ਼ੌਪਿੰਗ ਮਾਲਜ਼, ਬਾਜ਼ਾਰਾਂ ਅਤੇ ਸਮੇਤ ਹੋਰਾਂ ਥਾਵਾਂ, ਜਿੱਥੇ ਭਾਰੀ ਭੀੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਣਾਲੀ ਨੂੰ ਵਧੇਰੇ ਜਵਾਬਦੇਹ ਅਤੇ ਕੁਸ਼ਲ ਬਣਾਉਣ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ।
ਇਸ ਦੌਰਾਨ ਉਨ੍ਹਾਂ ਐਸ.ਐਚ.ਓਜ਼. ਨੂੰ ਆਪਣੇ ਸਬੰਧਤ ਥਾਣਿਆਂ ਵਿੱਚ ਪਈਆਂ ਕੇਸ ਪ੍ਰਾਪਰਟੀਜ਼ ਦੀ ਸੂਚੀ ਤਿਆਰ ਕਰਨ ਅਤੇ ਉਚਿਤ ਕਾਨੂੰਨੀ ਪ੍ਰਕਿਰਿਆ ਅਪਣਾ ਕੇ ਉਨ੍ਹਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।
ਡਾ. ਗਿੱਲ ਨੇ ਐਸ.ਐਚ.ਓਜ਼ ਨੂੰ ਨਾਗਰਿਕਾਂ ਵੱਲੋਂ ਪੁਲਿਸ ਥਾਣਿਆਂ ਵਿੱਚ ਕੀਤੀ ਹਰੇਕ ਸ਼ਿਕਾਇਤ ਨੂੰ ਦਰਜ ਕਰਨ ਦੀਆਂ ਹਦਾਇਤਾਂ ਦਿੱਤੀਆਂ ਅਤੇ ਕਿਹਾ ਕਿ ਇਨ੍ਹਾਂ ਨਿਰਦੇਸ਼ਾਂ ਦਾ ਪਾਲਣ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਪੋਕਸੋ ਅਤੇ ਅਗਵਾ ਦੇ ਸਾਰੇ ਪੈਂਡਿੰਗ ਮਾਮਲਿਆਂ ਦਾ ਨਿਪਟਾਰਾ ਕਰਕੇ ਨਤੀਜਾ-ਮੁਖੀ ਢੰਗ ਨਾਲ ਕੰਮ ਕਰਨ ਲਈ ਕਿਹਾ।