ਹੁਸ਼ਿਆਰਪੁਰ, 17 ਫਰਵਰੀ (ਨਿਊਜ਼ ਹੰਟ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਮਾਨਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 19 ਅਤੇ 20 ਫਰਵਰੀ ਨੂੰ ਪ੍ਰਿੰਟ ਮੀਡੀਆ ਵਿਚ ਸਿਆਸੀ ਇਸ਼ਤਿਹਾਰ ਪ੍ਰਕਾਸ਼ਿਤ ਕਰਵਾਉਣ ਤੋਂ ਪਹਿਲਾਂ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ ਹੁਸ਼ਿਆਰਪੁਰ ਤੋਂ ਪ੍ਰੀ-ਸਰਟੀਫਿਕੇਸ਼ਨ ਲੈਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਵਲੋਂ ਕਮੇਟੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਹੀ ਪ੍ਰਿੰਟ ਮੀਡੀਆ ਵਿਚ ਵਿਗਿਆਪਨ ਪ੍ਰਕਾਸ਼ਿਤ ਕਰਵਾਇਆ ਜਾ ਸਕੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਵਿਧਾਨ ਸਭਾ ਚੋਣਾਂ-2022 ਦੇ ਮਤਦਾਨ ਦੀ ਮੁਕੰਮਲਤਾ ਦੇ 48 ਘੰਟੇ ਪਹਿਲਾਂ (18 ਫਰਵਰੀ ਨੂੰ ਸ਼ਾਮ 6 ਵਜੇ ਤੋਂ 20 ਫਰਵਰੀ ਨੂੰ ਵੋਟ ਪ੍ਰਕਿਰਿਆ ਮੁਕੰਮਲ ਹੋਣ ਤੱਕ) ਇਲੈਕਟ੍ਰੋਨਿਕ ਮੀਡੀਆ (ਟੀ.ਵੀ. ਚੈਨਲ, ਸੋਸ਼ਲ ਮੀਡੀਆ, ਮੋਬਾਇਲ ਐਸ.ਐਮ.ਐਸ. ਜਾਂ ਪ੍ਰੀ-ਰਿਕਾਰਡਡ ਸੁਨੇਹੇ) ਆਦਿ ’ਤੇ ਸਿਆਸੀ ਇਸ਼ਤਿਹਾਰ/ਪ੍ਰਚਾਰ ’ਤੇ ਪਾਬੰਦੀ ਰਹੇਗੀ।
ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕੇਵਲ ਪ੍ਰਿੰਟ ਮੀਡੀਆ ਵਿਚ 19 ਅਤੇ 20 ਫਰਵਰੀ ਨੂੰ (ਵੋਟਾਂ ਵਾਲੇ ਦਿਨ ਅਤੇ ਵੋਟਾਂ ਤੋਂ ਇਕ ਦਿਨ ਪਹਿਲਾਂ) ਪ੍ਰਕਾਸ਼ਿਤ ਹੋਣ ਵਾਲੇ ਸਿਆਸੀ ਇਸ਼ਤਿਹਾਰਾਂ ਲਈ ਅਗਾਊਂ ਪ੍ਰਵਾਨਗੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਮਨਜ਼ੂਰੀ ਲਈ ਕਮਰਾ ਨੰਬਰ 312, ਤੀਸਰੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਪ੍ਰਿੰਟ ਮੀਡੀਆ ਨੂੰ ਅਪੀਲ ਕਰਦਿਆਂ ਕਿਹਾ ਕਿ 19 ਅਤੇ 20 ਫਰਵਰੀ ਨੂੰ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਇਸ਼ਤਿਹਾਰ ਪ੍ਰਕਾਸ਼ਿਤ ਕਰਵਾਉਣ ਤੋਂ ਪਹਿਲਾਂ ਐਮ.ਸੀ.ਐਮ.ਸੀ. ਵਲੋਂ ਜਾਰੀ ਪ੍ਰੀ-ਸਰਟੀਫਿਕੇਸ਼ਨ ਜ਼ਰੂਰ ਚੈਕ ਕਰ ਲਈ ਜਾਵੇ ਅਤੇ ਬਿਨ੍ਹਾਂ ਪ੍ਰੀ-ਸਰਟੀਫਿਕੇਸ਼ਨ ਤੋਂ ਵਿਗਿਆਪਨ ਪ੍ਰਕਾਸ਼ਿਤ ਨਾ ਕੀਤਾ ਜਾਵੇ।