ਪਠਾਨਕੋਟ: 5 ਜੂਨ 2021 ( ਨਿਊਜ਼ ਹੰਟ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਇਕ ਵਰਚੂਅਲ ਸਮਾਗਮ ਦੌਰਾਨ ਸੂਬੇ ਦੇ ਲੋਕਾਂ ਨੂੰ ਵਾਤਾਵਰਨ ਸੰਭਾਲ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨੇ ਇਕ ਵਾਰ ਫਿਰ ਤੋਂ ਉਲੀਕੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਵੀ ਲਾਂਚ ਕੀਤਾ ਅਤੇ ਇਸ ਮਿਸ਼ਨ ਤਹਿਤ ਸਰਕਾਰ ਵੱਲੋਂ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਨ, ਚੰਗਾ ਭੋਜਨ, ਚੰਗੀਆਂ ਸੜਕਾਂ ਆਦਿ ਮੁਹੱਈਆ ਕਰਵਾਉਣ ਦੇ ਪ੍ਰੋਗਰਾਮ ਦੀ ਜਾਣਕਾਰੀ ਵੀ ਸਾਂਝੀ ਕੀਤੀ। ਜਿਲ੍ਹਾ ਪਠਾਨਕੋਟ ਵਿੱਚ ਜਿਲ੍ਹਾ ਪੱਧਰੀ ਪ੍ਰੋਗਰਾਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਕਰਵਾਇਆ ਗਿਆ ਜਿਸ ਵਿੱਚ ਸਬੰਧਤ ਵਿਭਾਗੀ ਅਧਿਕਾਰੀ ਸਾਮਲ ਹੋਏ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਵਾਤਾਵਰਨ ਦੀ ਸੰਭਾਲ ਲਈ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਉਨਾਂ ਨੇ ਲੋਕਾਂ ਨੂੰ ਵੀ ਵਾਤਾਵਰਨ ਸੰਭਾਲ ਦਾ ਸੱਦਾ ਦਿੰਦਿਆਂ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ। ਉਨਾਂ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਮਿਲਾਵਟ ਰਹਿਤ ਭੋਜਨ ਪਦਾਰਥ, ਸਾਫ ਪਾਣੀ, ਸਾਫ ਹਵਾ, ਹਰਾ ਭਰਾ ਚੌਗਿਰਦਾ, ਰੋਡ ਸੇਫਟੀ, ਕੂੜਾ ਪ੍ਰਬੰਧਨ, ਖੇਡਾਂ ਆਦਿ ਸਹੂਲਤਾਂ ਇਸ ਮਿਸ਼ਨ ਤਹਿਤ ਦੇਵੇਗੀ। ਉਨ੍ਹਾਂ ਕਿਹਾ ਕਿ ਸਾਫ ਹਵਾ ਤੇ ਸਾਫ ਵਾਤਾਵਰਨ ਲਈ ਸਾਨੂੰ ਸਾਰਿਆਂ ਨੂੰ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਬਚੀ ਹੋਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਤਾਂ ਦੂਸ਼ਿਤ ਹੁੰਦਾ ਹੀ ਹੈ ਨਾਲ ਹੀ ਅਨੇਕਾਂ ਪ੍ਰਕਾਰ ਦੀਆਂ ਸਾਹ, ਚਮੜੀ ਦੀਆਂ ਬਿਮਾਰੀਆਂ ਪੈਦਾ ਹੁੰਦੀਆ ਹਨ। ਉਨ੍ਹਾਂ ਵਣ ਵਿਭਾਗ ਨੂੰ ਵੀ ਬੂਟੇ ਲਗਾਉਣ ਲਈ ਕਿਹਾ ਅਤੇ ਲੋਕ ਨਿਰਮਾਣ ਵਿਭਾਗ ਨੂੰ ਸੜਕਾਂ ਦੇ ਨਾਲ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਲਗਾਈਆਂ ਸਾਰੀਆਂ ਫਸਲਾਂ ਤੇ ਘੱਟ ਤੋਂ ਘੱਟ ਸਪਰੇਆਂ ਅਤੇ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੇਸਟ ਮੈਨੇਜਮੈਂਟ ਵੀ ਜ਼ਰੂਰੀ ਹੈ, ਜੋ ਵੀ ਬਚੇ ਹੋਏ ਪਦਾਰਥ ਹੁੰਦੇ ਹਨ ਉਨ੍ਹਾਂ ਨੂੰ ਸੜਕਾਂ ਦੇ ਕੰਢਿਆਂ ਤੇ ਨਾ ਸੁੱਟਿਆ ਜਾਵੇ ਕਿਉਕਿ ਇਸ ਨਾਲ ਅਨੇਕਾਂ ਪ੍ਰਕਾਰ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ।ਵੇਸਟ ਮੈਨੇਜਮੈਂਟ ਤੋਂ ਖਾਦ ਬਣਾ ਕੇ ਖੇਤਾਂ ਵਿੱਚ ਵਰਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਸਮੱਸਿਆ ਨੂੰ ਦੇਖਦਿਆਂ ਹੁਣ ਪੰਜਾਬ ਦੇ ਪਿੰਡਾਂ ਨੂੰ ਪਾਈਪ ਨਾਲ ਸਾਫ ਪਾਣੀ ਦਿੱਤਾ ਰਿਹਾ ਹੈ।
ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਿਮ ਮਹਿੰਦਰਾ ਨੇ ਸ਼ਹਿਰਾਂ ਦੇ ਵਿਕਾਸ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਸਾਂਝੀ ਕੀਤੀ। ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਮਿਲਾਵਟ ਨੂੰ ਰੋਕਣ ਲਈ ਸਰਕਾਰ ਦੇ ਉਪਰਾਲੇ ਲੋਕਾਂ ਨਾਲ ਸਾਂਝੇ ਕੀਤੇ। ਜਲ ਸਪਲਾਈ ਵਿਭਾਗ ਦੇ ਮੰਤਰੀ ਰਜੀਆ ਸੁਲਤਾਨਾ ਨੇ ਪੀਣ ਦੇ ਪਾਣੀ ਦੀ ਸਪਲਾਈ ਲਈ ਕੀਤੇ ਕੰਮਾਂ ਦੀ ਜਾਣਕਾਰੀ ਦਿੱਤੀ।