ਹੁਸ਼ਿਆਰਪੁਰ, 18 ਜਨਵਰੀ (ਨਿਊਜ਼ ਹੰਟ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਦੀ ਪ੍ਰਧਾਨਗੀ ਵਿਚ ਸਾਰੇ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧੀਆਂ ਦੀ ਹਾਜ਼ਰੀ ਵਿਚ ਈ.ਵੀ.ਐਮ. ਤੇ ਵੀ.ਵੀ.ਪੀ.ਏ.ਟੀ. ਦੀ ਪਹਿਲੀ ਰੈਂਡੇਮਾਈਜੇਸ਼ਨ ਕਰਵਾਈ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧੀਆਂ ਦੀ ਮੌਜੂਦਗੀ ਵਿਚ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤੇ ਈ.ਵੀ.ਐਮ. ਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਨੂੰ ਮੁੱਖ ਚੋਣ ਕਮਿਸ਼ਨ ਵਲੋਂ ਬਣਾਏ ਗਏ ਸਾਫਟਵੇਅਰ ਤੋਂ ਰੈਂਡੇਮਾਈਜੇਸ਼ਨ ਦੀ ਪ੍ਰਕਿਰਿਆ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀ ਈ.ਵੀ.ਐਮ. ਮੈਨੇਜਮੈਂਟ ਵਿਵਸਥਾ ਦੁਆਰਾ ਮਸ਼ੀਨਾਂ ਦੀ ਵੰਡ ਬਿਲਕੁਲ ਪਾਰਦਰਸ਼ੀ ਤਰੀਕੇ ਨਾਲ ਕੀਤੀ ਜਾਵੇਗੀ। ਵੀਡੀਓਗ੍ਰਾਫੀ ਤਹਿਤ ਹੋਈ ਇਸ ਪ੍ਰਕਿਰਿਆ ਦੌਰਾਨ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧੀਆਂ ਨੇ ਸੰਤੁਸ਼ਟੀ ਪ੍ਰਗਟ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਸਮੇਂ 2366 ਬੈਲਟ ਯੂਨਿਟ (ਈ.ਵੀ.ਐਮ.), 1954 ਕੰਟਰੋਲ ਯੂਨਿਟ ਅਤੇ 2080 ਵੀ.ਵੀ. ਪੈਟ ਮਸ਼ੀਨਾਂ ਹਨ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਨਿਰਧਾਰਤ ਕੀਤੇ ਗਏ ਪ੍ਰਤੀਸ਼ਤ ਦੇ ਹਿਸਾਬ ਨਾਲ 1878 ਬੈਲਟ ਯੂਨਿਟ, 1878 ਕੰਟਰੋਲ ਯੂਨਿਟ ਅਤੇ 2036 ਵੀ.ਵੀ.ਪੀ.ਏ.ਟੀ. ਮਸ਼ੀਨਾਂ ਰਾਂਖਵੀਂਆਂ ਰੱਖੀਆਂ ਗਈਆਂ ਹਨ। ਇਸ ਦੌਰਾਨ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧੀਆਂ ਨੂੰ ਐਕਸਪੈਂਡੀਚਰ ਮਾਨੀਟਰਿੰਗ ਸਬੰਧੀ ਕੰਪੇਡਿਅਮ ਦੀ ਸੀ.ਡੀਜ਼ ਵੀ ਦਿੱਤੀ ਗਈ।
ਉਨ੍ਹਾਂ ਦੱਸਆ ਕਿ ਨਵੇਂ ਸ਼ਡਿਊਲ ਅਨੁਸਾਰ ਵੋਟਾਂ ਲਈ ਨੋਟੀਫਿਕੇਸ਼ਨ 25 ਜਨਵਰੀ 2022 ਨੂੰ ਜਾਰੀ ਹੋਵੇਗਾ ਅਤੇ ਇਸ ਦਿਨ ਤੋਂ ਨਾਮਜ਼ਦਗੀ ਪੱਤਰਾਂ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 1 ਫਰਵਰੀ 2022 ਹੋਵੇਗੀ, 2 ਫਰਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਨਾਮਜਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 4 ਫਰਵਰੀ 2022 ਹੈ। ਉਨ੍ਹਾਂ ਦੱਸਿਆ ਕਿ ਵੋਟਾਂ 20 ਫਰਵਰੀ 2022 ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ। ਇਸ ਮੌਕੇ ਡੀ.ਆਈ.ਓ. ਪ੍ਰਦੀਪ ਸਿੰਘ, ਏ.ਡੀ.ਆਈ.ਓ. ਰੁਪਿੰਦਰ ਕੌਰ, ਕਾਨੂੰਗੋ ਦੀਪਕ ਕੁਮਾਰ ਵੀ ਮੌਜੂਦ ਸਨ।