ਪਠਾਨਕੋਟ, 30 ਜਨਵਰੀ (ਨਿਊਜ਼ ਹੰਟ)- ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਪਠਾਨਕੋਟ ਵੱਲੋਂ ਉਨਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ।
ਸ਼ਹੀਦਾਂ ਦੇ ਲਈ ਕਰਵਾਏ ਗਏ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਸ. ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ. ਧਾਰ ਕਲ੍ਹਾ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅੱਜ ਅਸੀਂ ਨਿੱਘੀ ਤੇ ਆਜ਼ਾਦ ਫਿਜ਼ਾ ਵਿਚ ਵਿਚਰ ਰਹੇ ਹਾਂ ਅਤੇ ਸਾਨੂੰ ਹਮੇਸ਼ਾਂ ਉਨਾਂ ਨੂੰ ਆਪਣੇ ਚੇਤਿਆਂ ਵਿਚ ਰੱਖਣਾ ਚਾਹੀਦਾ ਹੈ। ਉਨਾਂ ਕਿਹਾ ਕਿ ਦੇਸ਼ ਦੀ ਖਾਤਰ ਜਾਨਾਂ ਕੂਰਬਾਨ ਕਰਨ ਵਾਲੇ ਸੂਰਬੀਰਾਂ ਦਾ ਅਸੀਂ ਦੇਣਾ ਨਹੀਂ ਦੇ ਸਕਦੇ ਅਤੇ ਉਨ੍ਹਾਂ ਵਲੋਂ ਸੰਜੋਏ ਹੋਏ ਸੁਪਨਿਆਂ ਨੂੰ ਸਾਨੂੰ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਵੀ ਫਰਜ਼ ਬਣਦਾ ਹੈ ਕਿ ਦੇਸ਼ ਦੀ ਖੁਸ਼ਹਾਲੀ ਤੇ ਵਿਕਾਸ ਵਿਚ ਆਪਣਾ ਯੋਗਦਾਨ ਪਾਈਏ ਅਤੇ ਦੇਸ਼ ਦੀ ਤਰੱਕੀ ਅਤੇ ਵਿਕਾਸ ਲਈ ਸਾਨੂੰ ਆਪਣੇ-ਆਪਣੇ ਖੇਤਰ ਵਿਚ ਸਕਾਰਤਮਕ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਦੇਸ਼ ਅੰਦਰ ਅਮਨ, ਸਾਂਤੀ ਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 30 ਜਨਵਰੀ ਦਾ ਦਿਨ ਭਾਰਤ ਦੇ ਇਤਿਹਾਸ ਵਿਚ ਬਹੁਤ ਮਹੱਤਵ ਰੱਖਦਾ ਹੈ ਅਤੇ ਇਸ ਦਿਨ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ। ਇਸ ਮੌਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਲਾਮੀ ਦਿੱਤੀ ਗਈ।
ਇਸ ਮੌਕੇ ਸਰਵਸ੍ਰੀ ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ , ਸਤੀਸ ਕੁਮਾਰ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।