ਜਲੰਧਰ, ਜੂਨ (ਨਿਊਜ਼ ਹੰਟ)- ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ `ਸਵੱਛ ਵਾਤਾਵਰਣ ਅਤੇ ਮਜ਼ਬੂਤ ਲੋਕਤੰਤਰ ਵੱਲ ਵਧਦੇ ਕਦਮ’ ਵਿਸ਼ੇ ’ਤੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਵਰਿੰਦਰਪਾਲ ਸਿੰਘ ਬਾਜਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਟਾ ਲਾਉਂਦਿਆਂ ਸਮੂਹ ਅਧਿਕਾਰੀ/ਕਰਮਚਾਰੀਆਂ ਨੂੰ ਵਾਤਾਵਰਣ ਨੂੰ ਸਾਫ-ਸੁਥਰਾ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ.ਕਰੂਣਾ ਰਾਜੂ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਇਹ ਪ੍ਰੋਗਰਾਮ ਕਰਵਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਚੋਣ ਅਧਿਕਾਰੀ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਰਾਜ ਪੱਧਰੀ ਲਾਈਵ ਇਵੈਂਟ ਵੀ ਕਰਵਾਇਆ ਗਿਆ , ਜਿਸ ਵਿੱਚ ਜ਼ਿਲ੍ਹੇ ਦੇ ਚੋਣ ਸਟਾਫ਼, ਸਵੀਪ ਨੋਡਲ ਅਫ਼ਸਰਾਂ, ਬੀ.ਐਲ.ਓਜ਼, ਕੈਂਪਸ ਅੰਬੈਸਡਰਾਂ ਅਤੇ ਈ.ਐਲ.ਸੀ. ਕਲੱਬ ਮੈਂਬਰਾਂ ਨੇ ਵਰਚੁਅਲ ਢੰਗ ਨਾਲ ਸ਼ਮੂਲੀਅਤ ਕੀਤੀ । ਸ਼੍ਰੀ ਬਾਜਵਾ ਨੇ ਇਸ ਮੌਕੇ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਵਾਤਾਵਰਣ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਚੌਗਿਰਦੇ ਨੂੰ ਪਲੀਤ ਹੋਣ ਤੋਂ ਬਚਾਇਆ ਜਾ ਸਕਦਾ ਹੈ।
ਇਸ ਮੌਕੇ ਐਸ.ਡੀ.ਐਮ. ਬਲਬੀਰ ਰਾਜ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਰਾਜੀਵ ਜੋਸ਼ੀ, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਸਵੀਪ ਨੋਡਲ ਅਫ਼ਸਰ ਸੁਰਜੀਤ ਲਾਲ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਅਤੇ ਜਸਪ੍ਰੀਤ ਸਿੰਘ, ਜੂਨੀਅਰ ਸਹਾਇਕ ਸੁਦੇਸ਼ ਕੁਮਾਰ ਸੂਰੀ ਅਤੇ ਡਾਟਾ ਐਂਟਰੀ ਆਪ੍ਰੇਟਰ ਅਵਤਾਰ ਚੰਦ ਅਤੇ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ/ਕਰਮਚਾਰੀ ਮੌਜੂਦ ਸਨ।