ਹੁਸ਼ਿਆਰਪੁਰ, 18 ਫਰਵਰੀ (ਨਿਊਜ਼ ਹੰਟ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਿਥੇ 18 ਫਰਵਰੀ ਨੂੰ ਸ਼ਾਮ 6 ਵਜੇ ਚੋਣ ਪ੍ਰਚਾਰ ਖਤਮ ਹੋ ਜਾਵੇਗਾ, ਉਥੇ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਮੈਜਿਸਟਰੇਟ ਹੁਸਿਆਰਪੁਰ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਪਨੀਤ ਰਿਆਤ ਵਲੋਂ ਪ੍ਰਿੰਟ ਅਤੇ ਇਲੈਕਟ੍ਰੋਨਿਕ ਮੀਡੀਆ ’ਤੇ 20 ਫਰਵਰੀ ਨੂੰ ਵੋਟਾਂ ਸ਼ੁਰੂ ਹੋਣ ਦੇ ਸਮੇਂ ਤੋਂ ਲੈ ਕੇ ਵੋਟਾਂ ਖਤਮ ਹੋਣ ਦੇ ਸਮੇਂ ਤੋਂ 30 ਮਿੰਟ ਬਾਅਦ ਤੱਕ ਕਿਸੇ ਵੀ ਮਾਧਿਅਮ ਰਾਹੀਂ ਐਗਜ਼ਿਟ ਪੋਲ ਨੂੰ ਪ੍ਰਕਾਸ਼ਿਤ ਜਾਂ ਪ੍ਰਸਾਰਿਤ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਕੋਈ ਵੀ ਪ੍ਰਿੰਟ ਤੇ ਇਲੈਕਟ੍ਰੋਨਿਕ ਮੀਡੀਆ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ ਲੈ ਕੇ 20 ਫਰਵਰੀ ਨੂੰ ਸ਼ਾਮ 6 ਵਜੇ ਤੱਕ ਕਿਸੇ ਵੀ ਮਾਧਿਅਮ ਰਾਹੀਂ ਕਿਸੇ ਵੀ ਤਰ੍ਹਾਂ ਦੇ ਸਰਵੇਖਣ ਜਾਂ ਓਪੀਨੀਅਨ ਪੋਲ ਨੂੰ ਪ੍ਰਕਾਸ਼ਿਤ ਜਾਂ ਪ੍ਰਸਾਰਿਤ ਵੀ ਨਹੀਂ ਕਰ ਸਕੇਗਾ।
ਜ਼ਿਲ੍ਹਾ ਮੈਜਿਸਟਰੇਟ ਨੇ ਚੋਣ ਪ੍ਰਚਾਰ ਖਤਮ ਹੋਣ ਉਪਰੰਤ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿਚ ਕਿਸੇ ਕਿਸਮ ਦਾ ਜਲਸਾ-ਜਲੂਸ, ਰੈਲੀ/ਸਮਾਗਮ ਕਰਨ, ਕਿਸੇ ਕਿਸਮ ਦਾ ਇਕੱਠ ਕਰਨ ’ਤੇ ਵੀ ਪਾਬੰਦੀ ਲਗਾਈ ਹੈ। ਇਹ ਹੁਕਮ ਵੋਟਾਂ ਪੈਣ ਦੀ ਮਿਤੀ ਤੋਂ 48 ਘੰਟੇ ਅੰਦਰ, ਘਰ-ਘਰ ਜਾ ਕੇ ਚੋਣ ਪ੍ਰਚਾਰ ਦੀ ਮੁਹਿੰਮ ਜਾਰੀ ਰੱਖਣ ਉਪਰ ਲਾਗੂ ਨਹੀਂ ਹੋਵੇਗਾ।
ਜ਼ਿਲ੍ਹਾ ਮੈਜਿਸਟਰੇਟ ਨੇ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿਚ ਪੋਲਿੰਗ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਜਾਂ ਕਿਸੇ ਵੀ ਜਨਤਕ/ਪ੍ਰਾਈਵੇਟ ਸਥਾਨਾਂ ਜੋ ਕਿ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਘੇਰੇ ਅੰਦਰ ਆਉਂਦੇ ਹਨ, ਵਿਖੇ ਕਿਸੇ ਵੀ ਕਿਸਮ ਦਾ ਚੋਣ ਪ੍ਰਚਾਰ ਕਰਨ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਇਹ ਵੀ ਆਦੇਸ਼ ਦਿੱਤਾ ਕਿ ਉਮੀਦਵਾਰਾਂ ਵਲੋਂ ਜੋ ਆਪਣੇ ਬੂਥ ਬਣਾਏ ਜਾਣੇ ਹਨ, ਉਹ ਪੋਲਿੰਗ ਸਟੇਸ਼ਨ ਦੇ ਗੇਟ ਤੋਂ 200 ਮੀਟਰ ਘੇਰੇ ਤੋਂ ਅੱਗੇ ਬਣਾਏ ਜਾਣ।
ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਪਨੀਤ ਰਿਆਤ ਨੇ ਇਕ ਹੋਰ ਹੁਕਮ ਜਾਰੀ ਕਰਦਿਆਂ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਆਏ ਬਾਹਰਲੇ ਵਿਅਕਤੀਆਂ, ਰਿਸ਼ਤੇਦਾਰਾਂ ਅਤੇ ਸਮਰਥਕਾਂ (ਜਿਹੜੇ ਸਬੰਧਤ ਵਿਧਾਨ ਸਭਾ ਹਲਕੇ ਦੇ ਵੋਟਰ ਨਹੀਂ ਹਨ) ਨੂੰ ਆਦੇਸ਼ ਦਿੱਤੇ ਹਨ ਕਿ ਉਹ 18 ਫਰਵਰੀ ਨੂੰ ਸ਼ਾਮ 6 ਵਜੇ ਚੋਣ ਪ੍ਰਚਾਰ ਖਤਮ ਹੋਣ ਤੋਂ ਤੁਰੰਤ ਬਾਅਦ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਬਾਹਰ ਚਲੇ ਜਾਣ। ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ ਅਤੇ ਬਾਵਰਦੀ ਪੁਲਿਸ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ।
ਜ਼ਿਲ੍ਹਾ ਮੈਜਿਸਟਰੇਟ ਨੇ ਚੋਣ ਪ੍ਰਚਾਰ ਖਤਮ ਹੋਣ ਉਪਰੰਤ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ 20 ਫਰਵਰੀ ਨੂੰ ਸ਼ਾਮ 6 ਵਜੇ ਤੱਕ ਉਮੀਦਵਾਰਾਂ ਦੇ ਹੱਕ ਵਿਚ ਕਿਸੇ ਕਿਸਮ ਦੇ ਲਾਊਡ ਸਪੀਕਰ ਰਾਹੀਂ ਚੋਣ ਪ੍ਰਚਾਰ ਕਰਨ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਗਏ ਹੁਕਮ ਸਬੰਧੀ ਸ੍ਰੀਮਤੀ ਰਿਆਤ ਨੇ ਕਿਹਾ ਕਿ ਚੋਣਾਂ ਦੇ ਕੰਮ ਲਈ ਲਾਊਡ ਸਪੀਕਰ ਦੀ ਪਹਿਲਾਂ ਲਈ ਗਈ ਪ੍ਰਵਾਨਗੀ ਵੀ ਰੱਦ ਕੀਤੀ ਜਾਂਦੀ ਹੈ।
ਇਸ ਤੋਂ ਇਲਾਵਾ 19 ਫਰਵਰੀ ਨੂੰ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਯੂੂਨੀਵਰਸਿਟੀ, ਕਾਲਜ ਅਤੇ ਸਕੂਲਾਂ ਦੇ ਬੱਚਿਆਂ ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਛੁੱਟੀ ਕੇਵਲ ਬੱਚਿਆਂ ਲਈ ਹੀ ਹੋਵੇਗੀ ਅਤੇ ਅਦਾਰੇ ਦੇ ਅਧਿਕਾਰੀ/ਕਰਮਚਾਰੀ ਆਪਣੀ ਡਿਊਟੀ ’ਤੇ ਮੌਜੂਦ ਰਹਿਣਗੇ। ਇਹ ਛੁੱਟੀ ਇਸ ਕਰਕੇ ਘੋਸ਼ਿਤ ਕੀਤੀ ਗਈ ਹੈ ਕਿਉਂਕਿ ਜ਼ਿਲ੍ਹੇ ਵਿਚ ਸੁਤੰਤਰ ਅਤੇ ਨਿਰਪੱਖ ਚੋਣ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਸਮੇਤ ਵਿਦਿਅਕ ਸੰਸਥਾਵਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਜ਼ਿਆਦਾਤਰ ਪੋਲਿੰਗ ਬੂਥ ਵਿਦਿਅਕ ਅਦਾਰਿਆਂ ਵਿਚ ਸਥਾਪਤ ਕੀਤੇ ਗਏ ਹਨ। ਇਹ ਹੁਕਮ ਵਿਦਿਅਕ ਅਦਾਰੇ, ਯੂਨੀਵਰਸਿਟੀ, ਸਕੂਲਾਂ ਅਤੇ ਕਾਲਜਾਂ ਆਦਿ ਜਿਥੇ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਤੇ ਲਾਗੂ ਨਹੀਂ ਹੋਵੇਗਾ।