ਹੁਸ਼ਿਆਰਪੁਰ, 21 ਮਾਰਚ (ਨਿਊਜ਼ ਹੰਟ)- ਕੇਂਦਰੀ ਉਦਯੋਗ ਤੇ ਵਣਜ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਸਬੰਧਤ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਇਆ ਜਾ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮਾਨੀਟਰਿੰਗ ਕਮੇਟੀ (ਦਿਸ਼ਾ) ਤਹਿਤ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੀਆਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੀ ਸਮੀਖਿਆ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਕਮੇਟੀ ਮੈਂਬਰ ਸਾਬਕਾ ਕੈਬਨਿਟ ਮੰਤਰੀ ਸ੍ਰੀ ਤੀਕਸ਼ਨ ਸੂਦ, ਡਾ. ਦਿਲਬਾਗ ਰਾਏ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਐਸ.ਪੀ. ਸ੍ਰੀ ਅਸ਼ਵਨੀ ਕੁਮਾਰ ਵੀ ਮੌਜੂਦ ਸਨ।
ਕੇਂਦਰੀ ਰਾਜ ਮੰਤਰੀ ਨੇ ਇਸ ਦੌਰਾਨ ਸਕੂਲ ਸਿੱਖਿਆ ਵਿਭਾਗ, ਮੈਡੀਕਲ ਕਾਲਜ ਦੇ ਨਿਰਮਾਣ, ਜਨਨੀ ਸੁਰੱਖਿਆ ਯੋਜਨਾ, ਜਲ ਸਪਲਾਈ ਮਿਸ਼ਨ, ਸਵੱਛ ਭਾਰਤ ਮਿਸ਼ਨ, ਕਿਸਾਨ ਸਨਮਾਨ ਨਿਧੀ, ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ, ਸਮਾਜਿਕ ਸੁਰੱਖਿਆ ਯੋਜਨਾਵਾਂ, ਮਗਨਰੇਗਾ, ਪੀ.ਐਮ.ਕੇ. ਵੀ.ਵਾਈ., ਪ੍ਰਧਾਨ ਮੰਤਰੀ ਆਵਾਸ ਯੋਜਨਾ, ਬੀ.ਐਸ.ਐਨ.ਐਲ. ਤੇ ਨੈਸ਼ਨਲ ਹਾਈਵੇਜ਼ ਅਥਾਰਟੀ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਖੁਸ਼ੀ ਪ੍ਰਗਟ ਕਰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ ਜ਼ਿਲ੍ਹੇ ਵਿਚ 102946 ਲਾਭਪਾਤਰੀਆਂ ਨੂੰ 2 ਅਰਬ 10 ਕਰੋੜ 6 ਲੱਖ 6 ਹਜ਼ਾਰ ਰੁਪਏ ਉਨ੍ਹਾਂ ਦੇ ਖਾਤੇ ਵਿਚ ਟਰਾਂਸਫਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੈਸ਼ਨਲ ਹਾਈਵੇਜ਼ ਅਥਾਰਟੀਜ਼ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਟਾਂਡਾ-ਹੁਸ਼ਿਆਰਪੁਰ, ਹੁਸ਼ਿਆਰਪੁਰ-ਊਨਾ ਰਾਸ਼ਟਰੀ ਮਾਰਗ, ਦਸੂਹਾ ਤੇ ਮੁਕੇਰੀਆਂ ਬਾਈਪਾਸ ਦੇ ਕੰਮਾਂ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ ਨਿਰਮਾਣ ਕੰਮਾਂ ਵਿਚ ਹੋਰ ਗੰਭੀਰਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।
ਸ੍ਰੀ ਸੋਮ ਪ੍ਰਕਾਸ਼ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾਵੇ, ਤਾਂ ਜੋ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਇਨ੍ਹਾਂ ਸੁਵਿਧਾਵਾਂ ਦਾ ਲਾਭ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਬੇਟੀ ਬਚਾਓ-ਬੇਟੀ ਪੜ੍ਹਾਓ ਯੋਜਨਾ ਤਹਿਤ ਸਾਲ 2021-22 ਵਿਚ 30 ਲੱਖ ਰੁਪਏ ਖਰਚ ਕੀਤੇ ਗਏ ਹਨ। ਕੇਂਦਰੀ ਰਾਜ ਮੰਤਰੀ ਨੇ ਸਮਾਜਿਕ ਸੁਰੱਖਿਆ ਵਿਭਾਗ ਤਹਿਤ ਚਲਾਈਆਂ ਜਾ ਰਹੀਆਂ ਯੋਜਨਾਵਾਂ ਵਿਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲੋਕ ਤਾਂ ਹੀ ਫਾਇਦਾ ਉਠਾ ਸਕਦੇ ਹਨ, ਜੇਕਰ ਉਨ੍ਹਾਂ ਨੂੰ ਇਨ੍ਹਾਂ ਯੋਜਨਾਵਾਂ ਸਬੰਧੀ ਜਾਣਕਾਰੀ ਹੋਵੇਗੀ। ਇਸ ਲਈ ਇਨ੍ਹਾਂ ਯੋਜਨਾਵਾਂ ਪ੍ਰਤੀ ਜਾਗਰੂਕਤਾ ਫੈਲਾਉਣਾ ਵੀ ਸਬੰਧਤ ਅਧਿਕਾਰੀ ਦੀ ਜ਼ਿੰਮੇਵਾਰੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਭਰੋਸਾ ਦਿੱਤਾ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਲੋਕ ਨਿਰਮਾਣ ਵਿਭਾਗ, ਬੀ.ਐਸ.ਐਨ.ਐਲ., ਨੈਸ਼ਨਲ ਹਾਈਵੇਜ ਅਥਾਰਟੀ, ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਕੰਮਾਂ ਵਿਚ ਤੇਜ਼ੀ ਲਿਆਉਣ ਤੋਂ ਇਲਾਵਾ ਇਨ੍ਹਾਂ ਯੋਜਨਾਵਾਂ ਬਾਰੇ ਜਾਗਰੂਕਤਾ ਵੀ ਫੈਲਾਈ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।