ਹੁਸ਼ਿਆਰਪੁਰ, 13 ਫਰਵਰੀ (ਨਿਊਜ਼ ਹੰਟ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਤੇ ਐਸ.ਐਸ.ਪੀ. ਸ੍ਰੀ ਧਰੂਮਨ ਐਚ. ਨਿੰਬਾਲੇ ਨੇ ਰਿਟਰਨਿੰਗ ਅਫ਼ਸਰਾਂ ਨਾਲ ਅੱਜ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਲਈ ਬਣਾਏ ਗਏ ਸਟਰਾਂਗ ਰੂਮਾਂ ਤੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਟਰੈਫਿਕ ਮੈਨੇਜਮੈਂਟ ਤੇ ਚੋਣ ਪ੍ਰਬੰਧਾਂ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਉਪਰੰਤ ਰਿਟਰਨਿੰਗ ਅਫ਼ਸਰਾਂ ਦੀ ਮੀਟਿੰਗ ਦੌਰਾਨ ਉਨ੍ਹਾਂ ਗਿਣਤੀ ਵਾਲੇ ਦਿਨ ਕੀਤੇ ਜਾਣ ਵਾਲੇ ਸਾਰੇ ਪ੍ਰਬੰਧਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਭਾਰਤ ਚੋਣ ਕਮਿਸ਼ਨ ਦੀ ਹਦਾਇਤ ਅਨੁਸਾਰ ਸਾਰੇ ਪ੍ਰਬੰਧਾਂ ਨੂੰ ਨਿਸ਼ਚਿਤ ਸਮੇਂ ਵਿਚ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਵਸਥਾ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ।
10 ਮਾਰਚ ਨੂੰ ਗਿਣਤੀ ਵਾਲੇ ਦਿਨ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕਰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਅਤੇ ਐਸ.ਐਸ.ਪੀ. ਨੇ ਦੱਸਿਆ ਕਿ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਉਨ੍ਹਾਂ ਹਰ ਵਿਧਾਨ ਸਭਾ ਹਲਕੇ ਦੇ ਹਿਸਾਬ ਨਾਲ ਟਰੈਫਿਕ ਮਾਨੀਟਰਿੰਗ ਅਧਿਕਾਰੀ ਨਿਯੁਕਤ ਕਰ ਦਿੱਤੇ ਗਏ ਹਨ। ਉਨ੍ਹਾਂ ਇਸ ਦੌਰਾਨ ਅਧਿਕਾਰੀਆਂ ਨੂੰ ਸਾਰੇ ਜ਼ਰੂਰੀ ਪ੍ਰਬੰਧ ਅਗੇਤੇ ਤੌਰ ’ਤੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਗਿਣਤੀ ਕੇਂਦਰਾਂ ਦੀ ਪੂਰੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ, ਗੜ੍ਹਸ਼ੰਕਰ, ਮੁਕੇਰੀਆਂ, ਦਸੂਹਾ ਤੇ ਚੱਬੇਵਾਲ ਲਈ ਰਿਆਤ-ਬਾਹਰਾ ਇੰਸਟੀਚਿਊਟ ਵਿਚ ਈ.ਵੀ.ਐਮ. ਸਟਰਾਂਗ ਰੂਮ ਤੇ ਕਾਊਂਟਿੰਗ ਸੈਂਟਰ ਸਥਾਪਿਤ ਕੀਤੇ ਗਏ ਹਨ ਜਦਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਚ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਤੇ ਪੰਡਤ ਜਗਤਰਾਮ ਬਹੁਤਕਨੀਕੀ ਕਾਲਜ ਹੁਸ਼ਿਆਰਪੁਰ ਵਿਚ ਵਿਧਾਨ ਸਭਾ ਹਲਕਾ ਉੜਮੁੜ ਦਾ ਈ.ਵੀ.ਐਮ. ਸਟਰਾਂਗ ਰੂਮ ਸਥਾਪਿਤ ਕੀਤਾ ਗਿਆ ਹੈ।
ਸ੍ਰੀਮਤੀ ਅਪਨੀਤ ਰਿਆਤ ਤੇ ਸ੍ਰੀ ਧਰੂਮਨ ਐਚ. ਨਿੰਬਾਲੇ ਨੇ ਕਿਹਾ ਕਿ 20 ਫਰਵਰੀ ਨੂੰ ਵੋਟਾਂ ਲਈ ਜ਼ਿਲ੍ਹੇ ਵਿਚ 1111 ਸਥਾਨ ’ਤੇ 1563 ਪੋÇਲੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਦੀ 139 ਸੁਪਰਵਾਈਜ਼ਰਾਂ ਵਲੋਂ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 12,87,837 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ, ਜਿਸ ਵਿਚ 6,62,641 ਪੁਰਸ਼, 6,25,154 ਮਹਿਲਾ ਅਤੇ 42 ਥਰਡ ਜੈਂਡਰ ਵੋਟਰ ਸ਼ਾਮਲ ਹਨ।
ਇਸ ਮੌਕੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਰਿਟਰਨਿੰਗ ਅਫ਼ਸਰ ਏ.ਡੀ.ਸੀ. (ਸ਼ਹਿਰੀ ਵਿਕਾਸ) ਸ੍ਰੀ ਹਿਮਾਂਸ਼ੂ ਜੈਨ, ਚੱਬੇਵਾਲ ਦੇ ਰਿਟਰਨਿੰਗ ਅਫ਼ਸਰ ਏ.ਡੀ.ਸੀ. (ਜ) ਸੰਦੀਪ ਸਿੰਘ, ਉੜਮੁੜ ਦੇ ਰਿਟਰਨਿੰਗ ਅਫ਼ਸਰ ਏ.ਡੀ.ਸੀ. (ਵਿਕਾਸ) ਸ੍ਰੀ ਦਰਬਾਰਾ ਸਿੰਘ, ਹੁਸ਼ਿਆਰਪੁਰ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਸ਼ਿਵਰਾਜ ਸਿੰਘ ਬੱਲ, ਦਸੂਹਾ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਰਣਦੀਪ ਸਿੰਘ, ਮੁਕੇਰੀਆਂ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਕੰਵਲਜੀਤ ਸਿੰਘ, ਗੜ੍ਹਸ਼ੰਕਰ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਅਰਵਿੰਦ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।