ਹੁਸ਼ਿਆਰਪੁਰ, 21 ਫਰਵਰੀ (ਨਿਊਜ਼ ਹੰਟ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸਫ਼ਲਤਾਪੂਰਵਕ ਮਤਦਾਨ ਮੁਕੰਮਲ ਹੋ ਚੁੱਕਾ ਹੈ, ਜਿਸ ਲਈ ਵੋਟਰ ਅਤੇ ਚੋਣ ਅਮਲਾ ਵਧਾਈ ਦਾ ਪਾਤਰ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀਪੂਰਵਕ ਮਤਦਾਨ ਲਈ ਚੋਣ ਲੜ ਰਹੇ ਉਮੀਦਵਾਰਾਂ ਦਾ ਸਹਿਯੋਗ ਵੀ ਸ਼ਲਾਘਾਯੋਗ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿਚ 68.66 ਫੀਸਦੀ ਵੋਟਿੰਗ ਹੋਈ।
ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਰਿਆਤ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਮੁਕੇਰੀਆਂ ਵਿਖੇ 1,41,481 (69.72 ਫੀਸਦੀ), ਦਸੂਹਾ 1,31,816 (66.90 ਫੀਸਦੀ), ਉੜਮੁੜ 1,24,166 (68.60 ਫੀਸਦੀ), ਸ਼ਾਮਚੁਰਾਸੀ 1,23,083 (69.43 ਫੀਸਦੀ), ਹੁਸ਼ਿਆਰਪੁਰ 1,27,089 (65.92 ਫੀਸਦੀ), ਚੱਬੇਵਾਲ 1,14,992 (71.19 ਫੀਸਦੀ) ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿਚ 1,21,646 (69.40 ਫੀਸਦੀ) ਵੋਟਰਾਂ ਨੇ ਵੋਟ ਪੋਲ ਕੀਤੀ। ਉਨ੍ਹਾਂ ਦੱਸਿਆ ਕਿ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਿਚ ਪੁਰਸ਼ਾਂ ਦੇ ਮੁਕਾਬਲੇ ਮਹਿਲਾਵਾਂ ਨੇ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿਚ 4,46,475 ਮਹਿਲਾਵਾਂ ਨੇ ਆਪਣਾ ਮਤਦਾਨ ਕੀਤਾ, ਜਦਕਿ 4,37,779 ਪੁਰਸ਼ਾਂ ਵਲੋਂ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਗਈ। ਇਸ ਤੋਂ ਇਲਾਵਾ 19 ਥਰਡ ਜੈਂਡਰ ਵਲੋਂ ਵੀ ਮਤਦਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਹਿਲਾਵਾਂ ਦੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਭਾਗੀਦਾਰੀ ਲਈ ਜਿਥੇ ਜਾਗਰੂਕਤਾ ਮੁਹਿੰਮ ਵਿੱਢੀ ਗਈ ਸੀ, ਉਥੇ ਪਿੰਕ ਰੰਗ ਵਿਚ ਰੰਗੇ ਹਰੇਕ ਵਿਧਾਨ ਸਭਾ ਹਲਕੇ ਵਿਚ ਪਿੰਕ ਬੂਥ ਵੀ ਬਣਾਏ ਗਏ ਸਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟ ਪ੍ਰਕਿਰਿਆ ਦੀ ਮੁਕੰਮਲਤਾ ਉਪਰੰਤ ਈ.ਵੀ.ਐਮਜ਼ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸਟਰਾਂਗ ਰੂਮਾਂ ਵਿਚ ਸ਼ਿਫਟ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਵੱਖ-ਵੱਖ ਪਾਰਟੀਆਂ ਦੇ 65 ਉਮੀਦਵਾਰ ਚੋਣ ਲੜ ਰਹੇ ਹਨ ਅਤੇ ਹੁਣ ਵੋਟ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਗਿਣਤੀ 10 ਮਾਰਚ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ 8, ਦਸੂਹਾ ਤੋਂ 10, ਉੜਮੁੜ ਤੋਂ 9, ਸ਼ਾਮਚੁਰਾਸੀ ਤੋਂ 7, ਹੁਸ਼ਿਆਰਪੁਰ ਤੋਂ 8, ਚੱਬੇਵਾਲ ਤੋਂ 11 ਅਤੇ ਗੜ੍ਹਸ਼ੰਕਰ ਤੋਂ 12 ਉਮੀਦਵਾਰ ਚੋਣ ਲੜ ਰਹੇ ਹਨ।
ਸ੍ਰੀਮਤੀ ਰਿਆਤ ਨੇ ਦੱਸਿਆ ਕਿ ਮਾਨਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਗਿਣਤੀ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਜਿਥੇ ਸਬੰਧਤ ਸਟਾਫ਼ ਨਿਯੁਕਤ ਕੀਤਾ ਗਿਆ ਹੈ, ਉਥੇ ਸਟਰਾਂਗ ਰੂਮਾਂ ਦੀ ਸੁਰੱਖਿਆ ਪੱਖੋਂ ਵੀ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੀ ਗਿਣਤੀ ਆਈ.ਟੀ.ਆਈ. ਹੁਸ਼ਿਆਰਪੁਰ ਵਿਖੇ ਹੋਵੇਗੀ ਅਤੇ ਬਾਕੀ ਦੇ 6 ਵਿਧਾਨ ਸਭਾ ਹਲਕਿਆਂ ਦੀ ਗਿਣਤੀ ਰਿਆਤ-ਬਾਹਰਾ ਇੰਸਟੀਚਿਊਟ ਵਿਖੇ ਕਰਵਾਈ ਜਾਵੇਗੀ।