10.9 C
Jalandhar
Monday, January 26, 2026

ਜ਼ਿਲ੍ਹੇ ਵਿੱਚ ਕਰੀਬ 05 ਲੱਖ 07 ਹਜ਼ਾਰ ਵਿਅਕਤੀਆਂ ਦਾ ਕੋਵਿਡ ਟੀਕਾਕਰਨ

ਐਸ.ਏ.ਐਸ. ਨਗਰ, 15 ਜੁਲਾਈ 2021 ( ਨਿਊਜ਼ ਹੰਟ ) :

ਮਿਸ਼ਨ ਫ਼ਤਹਿ-02 ਤਹਿਤ ਕਰੋਨਾ ਨੂੰ ਮਾਤ ਦੇਣ ਲਈ ਜ਼ਿਲ੍ਹੇ ਵਿੱਚ ਹੁਣ 05 ਲੱਖ 07 ਹਜ਼ਾਰ ਵਿਅਕਤੀਆਂ ਦਾ ਕਰੋਨਾ ਵੈਕਸੀਨੇਸ਼ਨ ਤਹਿਤ ਪਹਿਲੀ ਡੋਜ਼ ਅਤੇ ਕਰੀਬ 08 ਹਜ਼ਾਰ ਵਿਅਕਤੀਆਂ ਨੂੰ ਵੈਕਸੀਨ ਦੀ ਦੂਜੀ ਡੋਜ਼ ਦਿੱਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਦੀ ਸੀਖਿਆ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।

ਸ਼੍ਰੀ ਦਿਆਲਨ ਨੇ ਦੱਸਿਆ ਕਿ ਕਰੋਨਾ ਤੋਂ ਬਚਾਅ ਲਈ ਵੈਕਸੀਨੇਸ਼ਨ ਅਤਿ ਜ਼ਰੂਰੀ ਹੈ, ਜਿਸ ਤਹਿਤ ਜ਼ਿਲ੍ਹੇ ਵਿੱਚ ਵੱਡੇ ਪੱਧਰ ਉਤੇ ਵੈਕਸੀਨੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ ਤੇ ਲੋਕ ਅੱਗੇ ਵੱਧ ਕੇ ਵੈਕਸੀਨੇਸ਼ਨ ਕਰਵਾ ਰਹੇ ਹਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਤੇ ਇੰਪੈਨਲਡ ਪ੍ਰਾਈਵੇਟ ਹਸਪਤਾਲਾਂ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ 05 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।

ਇਸ ਤਹਿਤ ਹੁਣ ਤੱਕ ਕਰੀਬ 01 ਲੱਖ 83 ਹਜ਼ਾਰ ਈ-ਕਾਰਡ ਬਣਾਏ ਜਾ ਚੁੱਕੇ ਹਨ ਤੇ 80 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਕਵਰ ਕੀਤਾ ਗਿਆ ਹੈ। ਇਸ ਸਕੀਮ ਤਹਿਤ ਕਰੀਬ 08 ਹਜ਼ਾਰ ਲੋਕਾਂ ਦਾ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਮੁਫ਼ਤ ਕਰਵਾਇਆ ਗਿਆ ਹੈ, ਜਿਸ ਸਬੰਧੀ 05,72,02,950 ਰੁਪਏ ਸਰਕਾਰੀ ਹਸਪਤਾਲਾਂ ਨੂੰ ਮੁਹੱਈਆ ਕਰਵਾਏ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਪ੍ਰਾਈਵੇਟ ਇੰਪੈਨਲਡ ਹਸਪਤਾਲਾਂ ਵਿੱਚ ਕਰੀਬ 30 ਹਜ਼ਾਰ ਤੋਂ ਵੱਧ ਲੋਕਾਂ ਦਾ ਮੁਫ਼ਤ ਇਲਾਜ ਹੋ ਚੁੱਕਿਆ ਹੈ ਤੇ ਇਨ੍ਹਾਂ ਹਸਪਤਾਲਾਂ ਨੂੰ 26,58,72,946 ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਸ ਯੋਜਨਾ ਦੇ ਈ-ਕਾਰਡ ‘ਕਾਮਨ ਸਰਵਿਸ ਸੈਂਟਰਾਂ’ (ਸੀ.ਐਸ.ਸੀਜ.) ਅਤੇ ਸੇਵਾ ਕੇਂਦਰਾਂ ‘ਤੇ ਬਣਾਏ ਜਾ ਸਕਦੇ ਹਨ।

ਜਿਹੜੇ ਵਸਨੀਕਾਂ ਕੋਲ ਸਮਾਰਟ ਰਾਸ਼ਨ ਕਾਰਡ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਆਦਿ ਹਨ, ਉਹ ਆਪਣੇ ਆਪ ਨੂੰ ਇੰਪੈਨਲਡ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ 05 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਰਜਿਸਟਰ ਕਰਵਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਇਸ ਸਕੀਮ ਤਹਿਤ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਕਵਰ ਕੀਤਾ ਜਾਵੇ, ਜਿਨ੍ਹਾਂ ਦੇ ਅਜੇ ਤੱਕ ਇਸ ਸਕੀਮ ਦੇ ਲਾਭਹਿੱਤ ਕਾਰਡ ਨਹੀਂ ਬਣਵਾਏ।

ਯੋਗ ਲਾਭਪਾਤਰੀਆਂ ਦੇ ਕਾਰਡ ਅਤੇ ਈ-ਕਾਰਡ ਜਾਰੀ ਕਰਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਵਿਸ਼ੇਸ਼ ਕੈਂਪ ਲਗਾ ਕੇ ਆਮ ਲੋਕਾਂ ਨੂੰ ਇਹ ਸਹੂਲਤ ਤੁਰੰਤ ਮੁਹੱਈਆ ਕਰਵਾਈ ਜਾ ਸਕੇ। ਨਵੇਂ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਕਿਸੇ ਵੀ ਤਰ੍ਹਾਂ ਢਿੱਲ-ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਏ.ਬੀ.ਐੱਸ.ਐੱਸ.ਬੀ.ਵਾਈ. ਸਕੀਮ ਦੇ ਈ-ਕਾਰਡ ਪ੍ਰਾਪਤ ਕਰਨ ਤਾਂ ਜੋ ਉਨ੍ਹਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

ਸ਼੍ਰੀ ਦਿਆਲਨ ਨੇ ਦੱਸਿਆ ਕਿ ਡੇਂਗੂ ਦੇ ਟਾਕਰੇ ਲਈ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਉਪਰਾਲਿਆਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਾਲ ਹੁਣ ਤੱਕ ਡੇਂਗੂ ਦੇ 11 ਕੇਸ ਰਿਪੋਰਟ ਹੋਏ ਹਨ ਤੇ ਡੇਂਗੂ ਤੋਂ ਬਚਾਅ ਸਬੰਧੀ ਜ਼ਿਲ੍ਹੇ ਵਿੱਚ 13 ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਤੇ 30 ਬਰੀਡ ਚੈਕਰਜ਼ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਫ ਸਫਾਈ ਦਾ ਪੂਰਾ ਧਿਆਨ ਰੱਖਣ ਅਤੇ ਆਪਣੇ ਘਰਾਂ ਤੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦੇਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੋਹਾਲੀ ਜਗਦੀਪ ਸਹਿਗਲ, ਐਸ.ਡੀ.ਐਮ. ਡੇਰਾਬਸੀ ਕੁਲਦੀਪ ਬਾਵਾ, ਐਸ.ਡੀ.ਐਮ. ਖਰੜ ਹਰਬੰਸ ਸਿੰਘ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
22,800SubscribersSubscribe
- Advertisement -spot_img

Latest Articles