ਕੋਵਿਡ ਕਾਰਨ ਆਪਣੇ ਮਾਤਾ-ਪਿਤਾ ਨੂੰ ਗੁਆ ਚੁੱਕੇ 18 ਬੱਚਿਆਂ ਦੀ ਪੈਨਸ਼ਨ ਮਨਜ਼ੂਰ ਕਰਕੇ ਕੀਤੀ ਜਾ ਚੁੱਕੀ ਹੈ ਅਦਾਇਗੀ : ਅਪਨੀਤ ਰਿਆਤ

पंजाब होशियारपुर

ਹੁਸ਼ਿਆਰਪੁਰ, 6 ਜੁਲਾਈ 2021 ( ਨਿਊਜ਼ ਹੰਟ ) :

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ ਕਾਰਨ ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਦੀ ਮੌਤ ਹੋ ਗਈ ਹੈ, ਉਨ੍ਹਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਦੇਣ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਕੀਤੀ ਜਾਵੇ ਅਤੇ ਇਨ੍ਹਾਂ ਦੀ ਪਛਾਣ ਕਰਕੇ ਜਲਦ ਤੋਂ ਜਲਦ ਸਕੀਮਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ।
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਬੱਚਿਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਸਮੇਂ ਨਾ ਤਾਂ ਉਨ੍ਹਾਂ ਦੀ ਆਰਥਿਕ ਹਾਲਤ ’ਤੇ ਗੌਰ ਕੀਤਾ ਜਾਵੇਗਾ ਅਤੇ ਨਾ ਹੀ ਸਕੀਮਾਂ ਸਬੰਧੀ ਹੋਰ ਸ਼ਰਤਾਂ ਨੂੰ ਲਾਗੂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ 44 ਪਰਿਵਾਰਾਂ ਦੇ 74 ਬੱਚਿਆਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਵਿੱਚੋਂ 34 ਪਰਿਵਾਰਾਂ ਦੇ 57 ਬੱਚਿਆਂ ਨੂੰ ਸਿਹਤ ਵਿਭਾਗ ਵਲੋਂ ਵੈਰੀਫਾਈ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਵਿੱਚ 18 ਬੱਚਿਆਂ ਦੀ ਪੈਨਸ਼ਨ ਮਨਜ਼ੂਰ ਕਰਕੇ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਬੱਚਿਆਂ ਦੀ ਪੈਨਸ਼ਨ ਪ੍ਰਕਿਰਿਆ ਵੀ ਜਲਦ ਪੂਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਬੱਚਿਆਂ ਨੂੰ ਪੰਜਾਬ ਸਰਕਾਰ ਵਲੋਂ 1500 ਰੁਪਏ ਮਾਸਿਕ ਪੈਨਸ਼ਨ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਬਾਕੀ ਬੱਚਿਆਂ ਦੀ ਪਛਾਣ ਅਤੇ ਜਲਦ ਵੈਰੀਫਿਕੇਸ਼ਨ ਕਰਕੇ ਸਰਕਾਰੀ ਸਕੀਮਾਂ ਦਾ ਜਲਦ ਤੋਂ ਜਲਦ ਲਾਭ ਦੇਣ ਦੇ ਨਿਰਦੇਸ਼ ਦਿੱਤੇ।
ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਜਿਹੇ ਬੱਚਿਆਂ ਦੀ ਗੈਰਜੂਏਸ਼ਨ ਤੱਕ ਸਰਕਾਰੀ ਸਕੂਲ ਅਤੇ ਕਾਲਜ ਵਿੱਚ ਮੁਫ਼ਤ ਪੜ੍ਹਾਈ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਪਰਿਵਾਰ ਨੂੰ ਅਸ਼ੀਰਵਾਦ ਸਕੀਮ, ਸਰਬੱਤ ਸਿਹਤ ਬੀਮਾ ਯੋਜਨਾ, ਸਮਾਰਟ ਰਾਸ਼ਨ ਕਾਰਡ ਸਕੀਮ ਦਾ ਲਾਭ ਵੀ ਦਿੱਤਾ ਜਾਵੇਗਾ। ਉਨ੍ਹਾਂ ਨੇ ਜ਼ਿਲ੍ਹਾ ਰੋਜ਼ਗਾਰ ਬਿਊਰੋ ਨੂੰ ਨਿਰਦੇਸ਼ ਦਿੱਤੇ ਕਿ ਅਜਿਹੇ ਪਰਿਵਾਰਾਂ ਵਿੱਚ ਜੇਕਰ ਕੋਈ ਮਹਿਲਾ ਜਾਂ ਪੁਰਸ਼ ਨੌਕਰੀ ਕਰਨਾ ਚਾਹੁੰਦਾ ਹੈ ਤਾਂ ਉਸ ਦੀ ਯੋਗਤਾ ਅਨੁਸਾਰ ਰੋਜ਼ਗਾਰ ਵੀ ਮੁਹੱਈਆ ਕਰਵਾਇਆ ਜਾਵੇ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ, ਜ਼ਿਲ੍ਹਾ ਭਲਾਈ ਅਫ਼ਸਰ ਰਜਿੰਦਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਜਨੀਸ਼ ਕੁਮਾਰੀ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ, ਡਿਪਟੀ ਡੀ.ਈ.ਓ. (ਸੈਕੰਡਰੀ) ਰਾਕੇਸ਼ ਕੁਮਾਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ ਆਦਿ ਵੀ ਮੌਜੂਦ ਸਨ।

Leave a Reply

Your email address will not be published. Required fields are marked *