ਜ਼ਿਲ੍ਹੇ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇ : ਵਧੀਕ ਡਿਪਟੀ ਕਮਿਸ਼ਨਰ

Jalandhar Punjab ब्रेकिंग न्यूज़

ਜਲੰਧਰ, 3 ਸਤੰਬਰ ( ਨਿਊਜ਼ ਹੰਟ )-  ਜ਼ਿਲ੍ਹੇ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਵਰਗ ਨਾਲ ਸਬੰਧਤ ਵਿਦਿਆਰਥੀ ਬਿਨਾਂ ਕਿਸੇ ਰੁਕਾਵਟ ਦੇ ਉਚੇਰੀ ਵਿੱਦਿਆ ਹਾਸਲ ਕਰ ਸਕਣ।

ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਅਮਰਜੀਤ ਬੈਂਸ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸੂਬੇ ਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀ, ਜਿਨ੍ਹਾਂ ਦੇ ਮਾਤਾ-ਪਿਤਾ/ਸਰਪ੍ਰਸਤਾਂ ਦੀ ਸਲਾਨਾ ਆਮਦਨ 2.50 ਲੱਖ ਰੁਪਏ ਤੋਂ ਘੱਟ ਹੈ, ਦਸਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਪੰਜਾਬ ਅਤੇ ਪੰਜਾਬ ਤੋਂ ਬਾਹਰ ਸਥਿਤ ਸੰਸਥਾਵਾਂ ਵਿੱਚ ਉਚੇਰੀ ਵਿਦਿਆ ਹਾਸਲ ਕਰਨ ਲਈ ਵਜ਼ੀਫੇ ਦੇ ਯੋਗ ਹਨ।

ਉਨ੍ਹਾਂ ਤਹਿਸੀਲਦਾਰਾਂ ਨੂੰ ਵਿਦਿਆਰਥੀਆਂ ਦੇ ਮਾਪਿਆਂ/ਸਰਪ੍ਰਸਤਾਂ ਦੀ ਸਲਾਨਾ ਆਮਦਨ ਸਬੰਧੀ ਸਰਟੀਫਿਕੇਟ ਪਹਿਲ ਦੇ ਆਧਾਰ ‘ਤੇ ਬਣਾਉਣ ਲਈ ਕਿਹਾ ਤਾਂ ਜੋ ਵਜ਼ੀਫੇ ਲਈ ਬਿਨੈ ਕਰਨ ਸਮੇਂ ਵਿਦਿਆਰਥੀਆਂ ਨੂੰ ਆਪਣੇ ਮਾਤਾ-ਪਿਤਾ/ਸਰਪ੍ਰਸਤਾਂ ਦੀ ਸਲਾਨਾ ਆਮਦਨ ਦਾ ਪ੍ਰਮਾਣ ਪੱਤਰ ਪੇਸ਼ ਕਰਨ ਮੌਕੇ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਸ਼੍ਰੀ ਬੈਂਸ ਨੇ ਇਸ ਮੌਕੇ ਉਨ੍ਹਾਂ ਕਾਲਜਾਂ, ਜਿਨ੍ਹਾਂ ਵੱਲੋਂ ਸਾਲ 2015 ਵਿੱਚ ਸਰਕਾਰ ਵੱਲੋਂ ਭੇਜੇ ਫੰਡ ਪ੍ਰਾਪਤ ਕਰਨ ਤੋਂ ਇਲਾਵਾ ਵਿਦਿਆਰਥੀਆਂ ਪਾਸੋਂ ਫੀਸ ਵੀ ਜਮ੍ਹਾ ਕਰਵਾਈ ਸੀ, ਨੂੰ 30 ਸਤੰਬਰ ਤੱਕ ਵਿਦਿਆਰਥੀਆਂ ਵੱਲੋਂ ਜਮ੍ਹਾ ਕਰਵਾਈ ਗਈ ਰਾਸ਼ੀ ਵਾਪਸ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਅਜਿਹੇ ਕਾਲਜ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਯੋਗ ਵਿਦਿਆਰਥੀਆਂ ਤੋਂ ਫਰੀਸ਼ਿਪ ਕਾਰਡ ਲਈ ਆਨਲਾਈਨ ਅਰਜ਼ੀਆਂ ਪ੍ਰਾਪਤ ਕਰਨ ਲਈ ਵਿਭਾਗ ਦੀ ਵੈਬਸਾਈਟ www.scholarships.punjab.gov.in  ’ਤੇ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 31 ਅਗਸਤ 2021 ਤੋਂ ਸ਼ੁਰੂ ਹੋ ਗਿਆ ਹੈ। ਵਿਦਿਆਰਥੀਆਂ ਲਈ (ਨਵੇਂ ਅਤੇ ਨਵਿਆਉਣਯੋਗ) ਫਰੀਸ਼ਿਪ ਕਾਰਡ ਲਈ ਬਿਨੈਪੱਤਰ ਜਮ੍ਹਾ ਕਰਨ ਦੀ ਆਖਰੀ ਮਿਤੀ 30.09.2021 ਹੈ ਜਦਕਿ ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਵੱਲੋਂ ਫਰੀਸ਼ਿਪ ਕਾਰਡ ਵੈਰੀਫਾਈ ਕਰਕੇ ਆਨਲਾਈਨ ਜਾਰੀ ਕਰਨ ਦੀ ਆਖਰੀ ਮਿਤੀ 08.10.2021 ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਅਨੁਸੂਚਿਤ ਜਾਤੀ ਦੇ ਯੋਗ ਵਿਦਿਆਰਥੀਆਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਹਰਪ੍ਰੀਤ ਸਿੰਘ ਅਟਵਾਲ, ਜ਼ਿਲ੍ਹਾ ਭਲਾਈ ਅਫ਼ਸਰ ਲਖਵਿੰਦਰ ਸਿੰਘ, ਤਹਿਸੀਲ ਭਲਾਈ ਅਫ਼ਸਰ ਸਰਬਜੀਤ ਕੌਰ ਅਤੇ ਸਕੂਲਾਂ/ਕਾਲਜਾਂ ਦੇ ਨੁਮਾਇੰਦੇ ਅਤੇ ਵਿਦਿਆਰਥੀ ਮੌਜੂਦ ਸਨ।

Leave a Reply

Your email address will not be published.