ਜਿਲ੍ਹੇ ਦੀਆਂ ਮੰਡੀਆਂ ’ਚ 19646 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ : ਅਪਨੀਤ ਰਿਆਤ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਤੇ ਖੇਤਾਂ ’ਚ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

पंजाब ब्रेकिंग न्यूज़ होशियारपुर

ਹੁਸ਼ਿਆਰਪੁਰ, 8 ਅਕਤੂਬਰ (ਨਿਊਜ਼ ਹੰਟ)- ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਬਹੁਤ ਹੀ ਸੁਚਾਰੂ ਢੰਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੀਰਵਾਰ ਤੱਕ ਮੰਡੀਆਂ ਵਿਚ 21516 ਮੀਟ੍ਰਿਕ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ 19646 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵਲੋਂ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਪ੍ਰਸ਼ਾਸਨਿਕ ਅਧਿਕਾਰੀ ਲਗਾਤਾਰ ਮੰਡੀਆਂ ਦਾ ਦੌਰਾ ਕਰਕੇ ਚੈਕਿੰਗ ਕਰ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 9368 ਮੀਟ੍ਰਿਕ ਟਨ, ਮਾਰਕਫੈਡ ਵਲੋਂ 4778 ਮੀਟ੍ਰਿਕ ਟਨ, ਪਨਸਪ ਵਲੋਂ 3368 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 520 ਮੀਟ੍ਰਿਕ ਟਨ, ਐਫ.ਸੀ.ਆਈ. ਵਲੋਂ 1426 ਮੀਟ੍ਰਿਕ ਟਨ ਅਤੇ ਵਪਾਰੀਆਂ ਵਲੋਂ 186 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫ਼ਸਲ ਸੁੱਕਾ ਕੇ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਰਾਤ ਸਮੇਂ ਫ਼ਸਲ ਦੀ ਕਟਾਈ ਨਾ ਕੀਤੀ ਜਾਵੇ ਕਿਉਂਕਿ ਇਸ ਸਮੇਂ ਦੌਰਾਨ ਕੀਤੀ ਗਈ ਕਟਾਈ ਵਿਚ ਨਮੀ ਜ਼ਿਆਦਾ ਹੁੰਦੀ ਹੈ।

ਅਪਨੀਤ ਰਿਆਤ ਨੇ ਇਸ ਦੌਰਾਨ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖੇਤਾਂ ਵਿਚ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿਚ ਹੀ ਇਸ ਦਾ ਸਹੀ ਪ੍ਰਬੰਧਨ ਕਰਨ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਕਿਸਾਨਾਂ ਵਿਸ਼ੇਸ਼ ਤੌਰ ’ਤੇ ਬਹੁ ਗਿਣਤੀ ਛੋਟੇ ਅਤੇ ਦਰਮਿਆਨੇ ਕਿਸਾਨਾਂ ਲਈ ਸਰਕਾਰ ਵਲੋਂ ਖੇਤੀ ਮਸ਼ੀਨਰੀ ਨੂੰ ਕਿਰਾਏ ’ਤੇ ਲੈਣ ਲਈ ਵਾਜ਼ਬ ਰੇਟ ਨਿਰਧਾਰਤ ਕੀਤੇ ਗਏ ਹਨ। ਕਸਟਮ ਹਾਇਰਿੰਗ ਸੈਂਟਰਾਂ ਅਤੇ ਉਨ੍ਹਾਂ ਕੋਲ ਉਪਲਬੱਧ ਮਸ਼ੀਨਾਂ ਦੀ ਸੂਚੀ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਕੇ ਲਈ ਜਾ ਸਕਦੀ ਹੈ। ਇਸ ਤੋਂ ਇਲਾਵਾ ਸਰਕਾਰ ਵਲੋਂ ਰਿਮੋਟ ਸੈਂਸਿੰਗ ਸੈਂਟਰ ਲੁਧਿਆਣਾ ਦੀ ਸਹਾਇਤਾ ਨਾਲ ਮਸ਼ੀਨਾਂ ਦੀ ਉਪਲਬੱਧਤਾ ਦਰਸਾਉਣ ਲਈ ਇਕ ਮੋਬਾਇਲ ਐਪ ਆਈ-ਖੇਤ ਪੰਜਾਬ ਵੀ ਤਿਆਰ ਕੀਤਾ ਗਿਆ ਹੈ, ਜਿਸ ਵਿਚ ਕਿਸਾਨ ਆਪਣੇ ਆਪ ਨੂੰ ਰਜਿਸਟਰ ਕਰਕੇ ਆਪਣੀ ਲੋਕੇਸ਼ਨ ਨਾਲ ਕੁਝ ਕਿਲੋਮੀਟਰ ਦੀ ਸੀਮਾ ਅੰਦਰ ਉਪਲਬੱਧ ਕਸਟਮ ਹਾਇਰਿੰਗ ਸੈਂਟਰਾਂ ਅਤੇ ਉਨ੍ਹਾਂ ਦੇ ਕੋਲ ਉਪਲਬੱਧ ਮਸ਼ੀਨਾਂ ਦਾ ਵਿਵਰਣ ਪ੍ਰਾਪਤ ਕਰਕੇ ਮਸ਼ੀਨਾਂ ਨੂੰ ਕਿਰਾਏ ’ਤੇ ਬੁੱਕ ਕਰਵਾ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਕਿਸਾਨ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਦੀ ਪੁਰਜ਼ੋਰ ਅਪੀਲ ਕੀਤੀ।

ਇਸ ਦੌਰਾਨ ਜ਼ਿਲ੍ਹਾ ਮੰਡੀ ਅਫ਼ਸਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਗੇਟ ’ਤੇ ਹੀ ਫ਼ਸਲਾਂ ਦੀ ਨਮੀ ਨੂੰ ਚੈਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮੰਡੀ ਅਤੇ ਮੰਡੀ ਤੋਂ ਬਾਹਰ ਜਾਗਰੂਕਤਾ ਹੋਰਡਿੰਗਜ਼ ਵੀ ਲਗਾਏ ਗਏ ਹਨ, ਜਿਸ ਰਾਹੀਂ ਫ਼ਸਲ ਵਿਚ ਨਮੀ ਦੀ ਮਾਤਰਾ 17 ਪ੍ਰਤੀਸ਼ਤ ਤੋਂ ਜ਼ਿਆਦਾ ਨਾ ਹੋਣ, ਕੰਬਾਇਨ ਚਲਾਉਣ ਦਾ ਸਮਾਂ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਗਿਆ ਹੈ।

Leave a Reply

Your email address will not be published. Required fields are marked *