ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਭੀਖ ਦੀ ਸਮੱਸਿਆ ਖਿਲਾਫ਼ ਚਲਾਈ ਮੁਹਿੰਮ

Jalandhar Punjab ब्रेकिंग न्यूज़

ਜਲੰਧਰ, 13 ਨਵੰਬਰ (ਨਿਊਜ਼ ਹੰਟ)- ਭੀਖ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਭੀਖ ਮੰਗਣ ਖਿਲਾਫ਼ ਮੁਹਿੰਮ ਚਲਾਈ ਗਈ ਹੈ।

ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ‘ਤੇ ਆਧਾਰਿਤ ਐਂਟੀ ਬੈਗਿੰਗ ਟਾਸਕ ਫੋਰਸ ਵੱਲੋਂ ਅੱਜ ਜਲੰਧਰ ਦੇ ਵੱਖ-ਵੱਖ ਸਥਾਨਾਂ ‘ਤੇ ਜਾਗਰੂਕਤਾ ਮੁਹਿੰਮ ਚਲਾਈ ਗਈ।

ਡੀਸੀਪੀ ਗੁਰਮੀਤ ਸਿੰਘ, ਏਡੀਸੀਪੀ ਮਨਜੀਤ ਕੌਰ, ਡੀਸੀਪੀਓ ਅਜੈ ਭਾਰਤੀ ਦੀ ਅਗਵਾਈ ਵਿੱਚ ਟੀਮ ਮੈਂਬਰਾਂ ਵੱਲੋਂ ਭੀਖ ਮੰਗਣ ਵਾਲੇ ਵਿਅਕਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਇਸ ਗੈਰ-ਕਾਨੂੰਨੀ ਪ੍ਰਥਾ ਨੂੰ ਰੋਕਣ ਲਈ 15 ਦਿਨਾਂ ਦਾ ਅਲਟੀਮੇਟਮ ਦਿੱਤਾ। ਅਜਿਹਾ ਨਾ ਹੋਣ ’ਤੇ ਉਨ੍ਹਾਂ ਖ਼ਿਲਾਫ਼ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਟਾਸਕ ਫੋਰਸ ਦੇ ਮੈਂਬਰਾਂ ਵੱਲੋਂ ਵੱਖ-ਵੱਖ ਚੌਰਾਹਿਆਂ ‘ਤੇ ਯਾਤਰੀਆਂ ਨਾਲ ਵੀ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਭੀਖ ਦੇ ਕੇ ਭਿਖਾਰੀਆਂ ਖਾਸ ਕਰਕੇ ਬਾਲ ਭਿਖਾਰੀਆਂ ਨੂੰ ਉਤਸ਼ਾਹਿਤ ਨਾ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਭੀਖ ਮੰਗਣਾ ਸ਼ਹਿਰ ਵਿੱਚ ਇੱਕ ਵੱਡੀ ਸਮੱਸਿਆ ਬਣ ਚੁੱਕਾ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਖ਼ਤਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਭਿਖਾਰੀਆਂ ਤੋਂ ਮੁਕਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਟੀਮ ਨੂੰ ਭੀਖ ਮੰਗਣ ਵਾਲੇ ਲੋਕਾਂ ਨੂੰ ਫੜਨ ਅਤੇ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਕਾਰਵਾਈ ਕਰਨ ਲਈ ਪਾਬੰਦ ਕੀਤਾ ਗਿਆ ਹੈ। ਲੀਗਲ ਪ੍ਰੋਬੇਸ਼ਨ ਅਫ਼ਸਰ ਸੰਦੀਪ ਕੁਮਾਰ ਨੇ ਦੱਸਿਆ ਕਿ ਕਾਨੂੰਨ ਅਨੁਸਾਰ ਆਦਤਨ ਭਿਖਾਰੀ ਵਾਰ-ਵਾਰ ਭੀਖ ਮੰਗਣ ਦਾ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਤਿੰਨ ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਇਸੇ ਤਰ੍ਹਾਂ ਕਿਸੇ ਬੱਚੇ ਨੂੰ ਭੀਖ ਮੰਗਣ ਲਈ ਮਜਬੂਰ ਕਰਨ ਵਾਲੇ ਵਿਅਕਤੀ ਨੂੰ ਪੰਜ ਸਾਲ ਦੀ ਸਜ਼ਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਬੱਚੇ ਦੇ ਕਿਸੇ ਅੰਗ ਨੂੰ ਨੁਕਸਾਨ ਪਹੁੰਚਾਉਣ ਵਾਲੇ ਵਿਅਕਤੀ ਨੂੰ ਭਾਰੀ ਜੁਰਮਾਨੇ ਸਮੇਤ 7 ਸਾਲ ਦੀ ਸਜ਼ਾ ਹੋ ਸਕਦੀ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਐਂਟੀ ਬੈਗਿੰਗ ਟਾਸਕ ਫੋਰਸ ਵੱਲੋਂ ਪੁਲਿਸ ਦੇ ਭੀਖ ਵਿਰੋਧੀ ਦਸਤੇ ਵੱਲੋਂ ਚਲਾਈ ਜਾਣ ਵਾਲੀ ਮੁਹਿੰਮ ਦੀ ਨਿਯਮਿਤ ਨਿਗਰਾਨੀ ਕੀਤੀ ਜਾਵੇਗੀ। ਇਸ ਦੌਰਾਨ ਡੀ.ਪੀ.ਓ. ਗੁਰਮਿੰਦਰ ਸਿੰਘ ਰੰਧਾਵਾ ਨੇ ਲੋਕਾਂ ਨੂੰ ਭੀਖ ਦੇ ਕੇ ਭੀਖ ਮੰਗਣ ਨੂੰ ਉਤਸ਼ਾਹਿਤ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ 15 ਦਿਨਾਂ ਤੱਕ ਚੱਲਣ ਵਾਲੀ ਇਸ ਜਾਗਰੂਕਤਾ ਮੁਹਿੰਮ ਤੋਂ ਬਾਅਦ ਸ਼ਹਿਰ ਵਿੱਚ ਇੰਨਫੋਰਸਮੈਂਟ ਸ਼ੁਰੂ ਕੀਤੀ ਜਾਵੇਗੀ।

Leave a Reply

Your email address will not be published.