ਰਾਜਨੀਤਿਕ ਰੈਲੀਆਂ, ਰੋਡ ਸ਼ੋਅ ’ਤੇ 15 ਜਨਵਰੀ ਤੱਕ ਰਹੇਗੀ ਪੂਰਨ ਰੋਕ : ਅਪਨੀਤ ਰਿਆਤ

Hoshiarpur National Punjab ब्रेकिंग न्यूज़

ਹੁਸ਼ਿਆਰਪੁਰ, 9 ਜਨਵਰੀ (ਨਿਊਜ਼ ਹੰਟ)- ਵਿਧਾਨ ਸਭਾ ਚੋਣਾਂ ਵਿਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਏ ਰੱਖਣ ਲਈ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧੀਆਂ, ਪ੍ਰਿੰਟਿੰਗ ਪ੍ਰੈਸ ਮਾਲਕਾਂ, ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ ਵੀ ਮੌਜੂਦ ਸਨ। ਉਨ੍ਹਾਂ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਚੋਣ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਾਰਿਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਸਬੰਧੀ ਨਿਰਦੇਸ਼ ਦਿੱਤੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ 15 ਜਨਵਰੀ 2022 ਤੱਕ ਕਿਸੇ ਵੀ ਉਮੀਦਵਾਰ, ਰਾਜਨੀਤਿਕ ਪਾਰਟੀਆਂ ਅਤੇ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਰੈਲੀ, ਰੋਡ ਸ਼ੋਅ, ਸਾਈਕਲ/ਵਹੀਕਲ ਯਾਤਰਾ ਕੱਢਣ ਅਤੇ ਨੁੱਕੜ ਮੀਟਿੰਗਾਂ, ਸਮਾਰੋਹ ਕਰਨ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਧਾਰਮਿਕ ਸਥਾਨ ’ਤੇ ਰਾਜਨੀਤਿਕ ਪ੍ਰੋਗਰਾਮ ਨਹੀਂ ਕਰਵਾਇਆ ਜਾ ਸਕਦਾ ਕਿਉਂਕਿ ਇਹ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਕਿਸਮ ਦਾ ਲਾਲਚ, ਪੈਸੇ ਜਾਂ ਦਬਾਅ ਪਾਉਣਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧੀਆਂ ਤੋਂ ਸਹਿਯੋਗ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ।

ਪ੍ਰਿੰਟਿੰਗ ਪ੍ਰੈਸ ਮਾਲਕਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਨੇ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਹਰ ਪੈਂਫਲਟ, ਪੋਸਟਰ ਆਦਿ ’ਤੇ ਪ੍ਰਿੰਟਿੰਗ ਅਤੇ ਪ੍ਰਕਾਸ਼ਕ ਦਾ ਨਾਮ ਤੇ ਪਤਾ ਹੋਣਾ ਜ਼ਰੂਰੀ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸੈਕਸ਼ਨ 127 ਏ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਅਨੁਸਾਰ ਪ੍ਰਿੰਟਿੰਗ ਪ੍ਰੈਸ ਮਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਵੀ ਉਮੀਦਵਾਰ ਜਾਂ ਪਾਰਟੀ ਲਈ ਪ੍ਰਚਾਰ ਸਮੱਗਰੀ ਦੇ ਪ੍ਰਕਾਸ਼ਨ ਮੌਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦਾ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਨ ਪ੍ਰਤੀਨਿੱਧ ਐਕਟ 1951 ਦੀ ਧਾਰਾ 127 ਏ ਤਹਿਤ ਕੋਈ ਵੀ ਵਿਅਕਤੀ ਚੋਣਾਂ ਨਾਲ ਸਬੰਧਤ ਪੈਂਫਲਟ ਜਾਂ ਪੋਸਟਰ ਉਦੋਂ ਤੱਕ ਪ੍ਰਕਾਸ਼ਿਤ ਨਹੀਂ ਕਰੇਗਾ ਜਦ ਤਕ ਉਸ ਦੇ ਪ੍ਰਿੰਟਰ ਤੇ ਪਬਲਿਸ਼ਰ ਦਾ ਨਾਮ ਤੇ ਪਤਾ ਦਰਜ ਨਾ ਹੋਵੇ। ਇਸੇ ਤਰ੍ਹਾਂ ਪ੍ਰਕਾਸ਼ਕ ਵਲੋਂ ਇਕ ਨਿਰਧਾਰਤ ਪ੍ਰੋਫਾਰਮੇ ਵਿਚ ਘੋਸ਼ਣਾ ਪੱਤਰ ਲਿਆ ਜਾਵੇਗਾ ਜੋ ਕਿ ਦੋ ਪਰਤਾਂ ਵਿਚ ਪ੍ਰਿੰਟਰ ਨੂੰ ਹਸਤਾਖਰ ਕਰਕੇ ਦੇਵੇਗਾ, ਜਿਸ ’ਤੇ ਦੋ ਗਵਾਹਾਂ ਦੇ ਹਸਤਾਖਰ ਵੀ ਹੋਣ। ਪ੍ਰਕਾਸ਼ਨ ਦੇ ਤੁਰੰਤ ਬਾਅਦ ਪ੍ਰਿੰਟਰ ਪ੍ਰਕਾਸ਼ਿਤ ਕੀਤੀ ਗਈ ਸਮੱਗਰੀ ਤੇ ਪ੍ਰਕਾਸ਼ਕਾਂ ਦੇ ਘੋਸ਼ਣਾ ਪੱਤਰ ਨੂੰ ਜ਼ਿਲ੍ਹਾ ਮੈਜਿਸਟਰੇਟ ਦੇ ਦਫ਼ਤਰ ਵਿਚ ਜਮ੍ਹਾਂ ਕਰਵਾਏਗਾ। ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ’ਤੇ 6 ਮਹੀਨੇ ਦੀ ਕੈਦ ਜਾਂ ਦੋ ਹਜ਼ਾਰ ਰੁਪਏ ਤੱਕ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਦੌਰਾਨ ਵਣ ਵਿਭਾਗ ਤੇ ਨਗਰ ਕੌਂਸਲਾਂ ਦੇ ਈ.ਓ. ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿਚ ਲੱਗੇ ਸਾਰੇ ਪੋਸਟਰ, ਬੈਨਰ, ਝੰਡਿਆਂ ਨੂੰ ਨਿਸ਼ਚਿਤ ਸਮੇਂ ਵਿਚ ਉਤਾਰਨੇ ਯਕੀਨੀ ਬਣਾਉਣ। ਇਸ ਮੌਕੇ ਚੋਣ ਤਹਿਸੀਲਦਾਰ ਹਰਮਿੰਦਰ ਸਿੰਘ, ਕਾਨੂੰਗੋ ਦੀਪਕ ਕੁਮਾਰ ਵੀ ਮੌਜੂਦ ਸਨ।

Leave a Reply

Your email address will not be published.