- News Hunt Daily Evening E-Paper - May 16, 2022
- News Hunt Daily Evening E-Paper - May 16, 2022
- Luka Doncic and the Dallas Mavericks dominate Phoenix Suns in Game 7. - May 16, 2022
ਹੁਸ਼ਿਆਰਪੁਰ, 29 ਜਨਵਰੀ (ਨਿਊਜ਼ ਹੰਟ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਅੱਜ ਨਾਮਜ਼ਦਗੀਆਂ ਦੇ ਚੌਥੇ ਦਿਨ ਵਿਧਾਨ ਸਭਾ ਚੋਣਾਂ ਲਈ 11 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 039-ਮੁਕੇਰੀਆਂ ਲਈ ਆਮ ਆਦਮੀ ਪਾਰਟੀ ਵਲੋਂ ਸ਼੍ਰੀ ਗੁਰਧਿਆਨ ਸਿੰਘ ਅਤੇ ਸ੍ਰੀਮਤੀ ਪ੍ਰਭਜੋਤ ਕੌਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਉਨ੍ਹਾਂ ਦੱਸਿਆ ਕਿ 042- ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਵਲੋਂ ਸ਼੍ਰੀ ਰਵਜੋਤ ਸਿੰਘ ਅਤੇ ਸ਼੍ਰੀ ਗੁਰਨਾਮ ਸਿੰਘ, ਬਹੁਜਨ ਸਮਾਜ ਪਾਰਟੀ ਵਲੋਂ ਸ਼੍ਰੀ ਮਹਿੰਦਰ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਦਕਿ 043- ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਲਈ ਬਹੁਜਨ ਸਮਾਜ ਪਾਰਟੀ ਵਲੋਂ ਸ਼੍ਰੀ ਵਰਿੰਦਰ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਸਰਵ ਸਾਂਝ ਪਾਰਟੀ ਵੱਲੋਂ ਸ਼੍ਰੀ ਨਰੇਸ਼ ਸੱਗੜ ਅਤੇ ਸ੍ਰੀਮਤੀ ਸੰਦੀਪਨੀ ਸੱਗੜ ਅਤੇ ਡੈਮੋਕਰੇਟਿਕ ਪਾਰਟੀ ਵੱਲੋਂ ਸ਼੍ਰੀ ਓਮ ਪ੍ਰਕਾਸ਼ ਜੱਖੂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 044-ਚੱਬੇਵਾਲ ਲਈ ਸਮਾਜ ਭਲਾਈ ਮੋਰਚਾ (ਆਜ਼ਾਦ) ਦੀ ਤਰਫੋਂ ਸ਼੍ਰੀ ਦਵਿੰਦਰ ਕੁਮਾਰ ਅਤੇ ਵਿਧਾਨ ਸਭਾ ਹਲਕਾ 045-ਗੜ੍ਹਸ਼ੰਕਰ ਲਈ ਭਾਰਤੀ ਜਨਤਾ ਪਾਰਟੀ ਵਲੋਂ ਸ਼੍ਰੀਮਤੀ ਨਿਮਿਸ਼ਾ ਮਹਿਤਾ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਉਨ੍ਹਾਂ ਦੱਸਿਆ ਕਿ 040-ਦਸੂਹਾ, 041-ਉੜਮੁੜ ਲਈ ਕੋਈ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਹੋਇਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦੇ ਤੀਜੇ ਦਿਨ ਤੱਕ 18 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ, ਜਿਸ ਕਾਰਨ ਹੁਣ ਤੱਕ 29 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਉਮੀਦਵਾਰ ਸਮੇਤ ਸਿਰਫ਼ ਤਿੰਨ ਵਿਅਕਤੀਆਂ ਨੂੰ ਰਿਟਰਨਿੰਗ ਅਫ਼ਸਰ ਦੇ ਕਮਰੇ ਵਿਚ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ, ਜਿਥੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ 1 ਫਰਵਰੀ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ, ਜਦਕਿ 30 ਜਨਵਰੀ ਨੂੰ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਕੀਤੇ ਜਾਣਗੇ। ਇਸ ਤੋਂ ਇਲਾਵਾ 29 ਜਨਵਰੀ ਦਿਨ ਸ਼ਨੀਵਾਰ ਨੂੰ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰ ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ ਨੂੰ ਸਵੇਰੇ 11 ਵਜੇ ਹੋਵੇਗੀ ਅਤੇ ਨਾਮਜ਼ਦਗੀ ਪੱਤਰ 4 ਫਰਵਰੀ 2022 ਨੂੰ ਬਾਅਦ ਦੁਪਹਿਰ 3 ਵਜੇ ਤੋਂ ਪਹਿਲਾਂ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਾਂ 20 ਫਰਵਰੀ 2022 ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਕੀਤੀ ਜਾਵੇਗੀ।
ਸ੍ਰੀਮਤੀ ਰਿਆਤ ਨੇ ਦੱਸਿਆ ਕਿ ਚੱਬੇਵਾਲ ਵਿਧਾਨ ਸਭਾ ਹਲਕੇ ਲਈ ਕਮਰਾ ਨੰਬਰ 111 ਕੋਰਟ ਰੂਮ (ਦਫ਼ਤਰ, ਵਧੀਕ ਡਿਪਟੀ ਕਮਿਸ਼ਨਰ, ਜਨਰਲ) ਪਹਿਲੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਮੁਕੇਰੀਆਂ ਲਈ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ ਗਰਾਊਂਡ ਫਲੋਰ ਮੁਕੇਰੀਆਂ, ਵਿਧਾਨ ਸਭਾ ਹਲਕਾ ਦਸੂਹਾ ਲਈ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ ਦਸੂਹਾ, ਵਿਧਾਨ ਸਭਾ ਹਲਕਾ ਉੜਮੁੜ ਲਈ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹੁਸ਼ਿਆਰਪੁਰ, ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਲਈ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ (ਸਵਾਮੀ ਵਿਵੇਕਾਨੰਦ ਭਵਨ, ਨਿਊ ਧੋਬੀਘਾਟ ਚੌਕ), ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਲਈ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ, ਹੁਸ਼ਿਆਰਪੁਰ ਅਤੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਲਈ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ, ਗੜ੍ਹਸ਼ੰਕਰ ਵਿਖੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾ ਰਹੇ ਹਨ।
ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਉਮੀਦਵਾਰ ਵਲੋਂ ਨਵੀਨਤਮ ਫਾਰਮ 26, ਹਲਫੀਆ ਬਿਆਨ ਆਨਲਾਈਨ ਵੀ ਭਰਿਆ ਜਾ ਸਕਦਾ ਹੈ। ਮੁੱਖ ਚੋਣ ਅਫ਼ਸਰ ਜਾਂ ਜ਼ਿਲ੍ਹਾ ਚੋਣ ਅਫ਼ਸਰ ਦੀ ਵੈਬਸਾਈਟ ਤੋਂ ਇਸ ਦਾ ਪ੍ਰਿੰਟ ਲਿਆ ਜਾ ਸਕਦਾ ਹੈ ਅਤੇ ਨੋਟਰਾਈਜੇਸ਼ਨ ਤੋਂ ਬਾਅਦ ਇਸ ਨੂੰ ਨਾਮਜ਼ਦਗੀ ਫਾਰਮ ਦੇ ਨਾਲ ਰਿਟਰਨਿੰਗ ਅਫ਼ਸਰ ਕੋਲ ਜਮ੍ਹਾਂ ਕਰਵਾਇਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਜਨਰਲ ਵਰਗ ਲਈ ਦਾਖਲਾ ਫੀਸ 10,000 ਰੁਪਏ ਅਤੇ ਰਾਖਵੀਂ ਸ਼੍ਰੇਣੀ (ਐਸ.ਸੀ., ਐਸ.ਟੀ.) ਲਈ ਦਾਖਲਾ ਫੀਸ 5000 ਰੁਪਏ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰ ਵਲੋਂ ਵੱਧ ਤੋਂ ਵੱਧ 40 ਲੱਖ ਰੁਪਏ ਤੱਕ ਖਰਚ ਕੀਤਾ ਜਾ ਸਕਦਾ ਹੈ।