ਵਿਧਾਨ ਸਭਾ ਚੋਣਾਂ ਦੌਰਾਨ ਪੈਸੇ ਤੇ ਤਾਕਤ ਦੀ ਵਰਤੋਂ ‘ਤੇ ਸਖ਼ਤ ਨਜ਼ਰ ਰੱਖੀ ਜਾਵੇਗੀ: ਚੋਣ ਨਿਗਰਾਨ

जालंधर पंजाब ब्रेकिंग न्यूज़

ਜਲੰਧਰ, 1 ਫਰਵਰੀ (ਨਿਊਜ਼ ਹੰਟ)- ਅੱਜ ਸਾਰੇ 9 ਵਿਧਾਨ ਸਭਾ ਹਲਕਿਆਂ ਦੇ ਅਬਜ਼ਰਵਰਾਂ ਨੇ ਜਲੰਧਰ ਵਿੱਚ ਸੁਤੰਤਰ, ਨਿਰਪੱਖ, ਨਿਰਵਿਘਨ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਗਈਆਂ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ।ਚੋਣ ਅਬਜ਼ਰਵਰਾਂ, ਜਿਨ੍ਹਾਂ ਵਿੱਚ ਜਨਰਲ ਅਬਜ਼ਰਵਰ ਮਹੇਸ਼ ਚੰਦਰਾ ਸ਼ਰਮਾ, ਮਨੋਜ ਕੁਮਾਰ, ਡਾ. ਸਰੋਜ ਕੁਮਾਰ, ਭੁਪਿੰਦਰਾ ਐਸ. ਚੌਧਰੀ, ਖਰਚਾ ਅਬਜ਼ਰਵਰ ਪ੍ਰਦੀਪ ਕੁਮਾਰ ਮੀਲ, ਅਯਾਜ਼ ਅਹਿਮਦ ਕੋਹਲੀ, ਸੱਤਿਆਪਾਲ ਸਿੰਘ ਮੀਨਾ ਅਤੇ ਪੁਲਿਸ ਅਬਜ਼ਰਵਰ ਵਿਕਰਮ ਸਿੰਘ ਮਾਨ ਤੇ ਡਾ. ਕੋਲਾਂਚੀ ਸ਼ਾਮਲ ਹਨ, ਨੇ ਜਲੰਧਰ ਪਹੁੰਚਣ ਤੋਂ ਬਾਅਦ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ ਚੋਣਾਂ ਦੇ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਅਤੇ ਐਸ.ਐਸ.ਪੀ. ਸਤਿੰਦਰ ਸਿੰਘ ਨੇ ਚੋਣ ਅਬਜ਼ਰਵਰਾਂ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਚਰਚਾ ਦੌਰਾਨ ਆਬਜ਼ਰਵਰਾਂ ਨੇ ਆਗਾਮੀ ਚੋਣਾਂ ਵਿੱਚ ਪੈਸੇ ਦੀ ਵਰਤੋਂ ‘ਤੇ ਨਜ਼ਰ ਰੱਖਣ ਲਈ ਫਲਾਇੰਗ ਸਕੁਐਡ ਟੀਮਾਂ ਦੀ ਵਧੇਰੇ ਸਰਗਰਮ ਭੂਮਿਕਾ ’ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਫਲਾਇੰਗ ਸਕੁਐਡ ਟੀਮਾਂ (ਐਫ.ਐਸ.ਟੀ.) ਦੀ ਸਰਵਓਤਮ ਵਰਤੋਂ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਏਆਰਓਜ਼ ਨੂੰ ਆਪਣੇ ਅਧਿਕਾਰ ਖੇਤਰ ਖਾਸਕਰ ਖਰਚਾ ਸੰਵੇਦਨਸ਼ੀਲ ਜਾਂ ਨਾਜ਼ੁਕ ਥਾਵਾਂ ’ਤੇ ਐਫਐਸਟੀ ਵਾਹਨਾਂ ਦੀ ਵਿਅਕਤੀਗਤ ਤੌਰ ’ਤੇ ਨਿਗਰਾਨੀ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਫ.ਐਸ.ਟੀ. ਟੀਮਾਂ ਵੱਲੋਂ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ 24 ਘੰਟੇ ਕੰਮ ਕੀਤਾ ਜਾ ਰਿਹਾ ਹੈ ਅਤੇ ਪੂਰੇ ਹਲਕੇ ਦਾ ਦੌਰਾ ਕਰ ਰਹੀਆਂ ਹਨ। ਉਨ੍ਹਾਂ ਨੇ ਏ.ਆਰ.ਓਜ਼ ਨੂੰ ਕਿਹਾ ਕਿ ਐਫ.ਐਸ.ਟੀਜ਼ ਦੀ ਆਵਾਜਾਈ ਲਈ ਇੱਕ ਵਿਸਥਾਰਿਤ ਟੂਰ ਪ੍ਰੋਗਰਾਮ ਉਲੀਕਿਆ ਜਾਵੇ ਤਾਂ ਜੋ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ।

ਅਬਜ਼ਰਵਰਾਂ ਨੇ ਸਪੱਸ਼ਟ ਕਿਹਾ ਕਿ ਚੋਣਾਂ ਦੌਰਾਨ ਪੈਸੇ ਅਤੇ ਤਾਕਤ ਦੀ ਵਰਤੋਂ, ਖਾਸ ਕਰਕੇ ਨਸ਼ਿਆਂ ਅਤੇ ਸ਼ਰਾਬ ਦੇ ਇਸਤੇਮਾਲ ‘ਤੇ ਸਖ਼ਤ ਨਜ਼ਰ ਰੱਖੀ ਜਾਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਮਾਈਕਰੋ ਅਬਜ਼ਰਵਰਾਂ ਦੀ ਤਾਇਨਾਤੀ ਤੋਂ ਇਲਾਵਾ ਸੌ ਫੀਸਦੀ ਵੈਬਕਾਸਟਿੰਗ ਦੀ ਯੋਜਨਾ ਬਣਾਈ ਜਾ ਰਹੀ ਹੈ ਤਾਂ ਜੋ ਸਮੁੱਚੀ ਚੋਣ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਪਹਿਲਾਂ ਹੀ ਇੱਕ ਵਿਆਪਕ ਸਿਸਟਮ ਸਥਾਪਿਤ ਕੀਤਾ ਗਿਆ ਹੈ, ਜਿਸ ਵਿੱਚ 24X7 ਸ਼ਿਕਾਇਤ ਸੈੱਲ, ਸੀ-ਵਿਜਿਲ ’ਤੇ ਪ੍ਰਾਪਤ ਸੂਚਨਾ ’ਤੇ ਤੁਰੰਤ ਕਾਰਵਾਈ, ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਸੈੱਲ ਆਦਿ ਸ਼ਾਮਲ ਹਨ।

ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਏ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਕੀਤੇ ਜਾ ਰਹੇ ਪ੍ਰਬੰਧਾਂ ‘ਤੇ ਚਾਨਣਾ ਪਾਉਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਵਾਲੇ ਦਿਨ ਕੋਵਿਡ ਸਬੰਧੀ ਢੁੱਕਵੇਂ ਵਿਵਹਾਰ ਦੀ ਪਾਲਣਾ ਲਈ ਸਮੁੱਚੇ ਪੋਲਿੰਗ ਸਟੇਸ਼ਨਾਂ ‘ਤੇ ਆਸ਼ਾ ਵਰਕਰਾਂ ਤੇ ਨਰਸਿੰਗ ਸਟਾਫ ਦੀ ਤਾਇਨਾਤੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਵਰਤੀਆਂ ਜਾ ਚੁੱਕੀਆਂ ਕੋਵਿਡ ਕਿੱਟਾਂ, ਮਾਸਕ, ਫੇਸ-ਸ਼ੀਲਡਾਂ ਅਤੇ ਹੋਰ ਬਾਇਓ-ਮੈਡੀਕਲ ਰਹਿੰਦ-ਖੂੰਹਦ ਦਾ ਉਚਿਤ ਢੰਗ ਨਾਲ ਨਿਪਟਾਰਾ ਕਰਨ ਲਈ ਇਨ੍ਹਾਂ ਸਥਾਨਾਂ ‘ਤੇ ਬਾਇਓ-ਮੈਡੀਕਲ ਵੇਸਟ ਪ੍ਰਬੰਧਨ ਯੋਜਨਾ ਵੀ ਲਾਗੂ ਕੀਤੀ ਜਾ ਰਹੀ ਹੈ।

ਇਸ ਦੌਰਾਨ ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣਾਂ ਦੌਰਾਨ ਸ਼ਾਂਤਮਈ ਮਾਹੌਲ ਨੂੰ ਯਕੀਨੀ ਬਣਾਉਣ ਲਈ ਗੜਬੜੀ ਕਰਨ ਵਾਲਿਆਂ ਵਿਰੁੱਧ ਕੀਤੀ ਗਈ ਰੋਕੂ ਕਾਰਵਾਈ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 1.87 ਲੱਖ ਲੀਟਰ ਤੋਂ ਵੱਧ ਲਾਹਣ ਪਹਿਲਾਂ ਹੀ ਜ਼ਬਤ ਅਤੇ ਨਸ਼ਟ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ 136 ਦੇ ਕਰੀਬ ਭਗੌੜੇ ਅਪਰਾਧੀਆਂ ਨੂੰ ਕਾਬੂ ਗਿਆ ਹੈ ਅਤੇ ਆਦਤਨ ਅਪਰਾਧੀਆਂ ਦੀਆਂ ਗਤੀਵਿਧੀਆਂ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਾਰਵਾਈ ਲਈ ਕੋਈ ਗੈਰ-ਜ਼ਮਾਨਤੀ ਵਾਰੰਟ ਪੈਂਡਿੰਗ ਨਹੀਂ ਹੈ ਕਿਉਂਕਿ ਅਜਿਹੇ ਸਾਰੇ ਵਿਅਕਤੀ ਪਹਿਲਾਂ ਹੀ ਪੁਲਿਸ ਫੋਰਸ ਵੱਲੋਂ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨੇ ਨਿਰਵਿਘਨ ਅਤੇ ਨਿਰਪੱਖ ਚੋਣਾਂ ਲਈ ਆਪਣੀ ਵਚਨਬੱਧਤਾ ਨੂੰ ਵੀ ਦੁਹਰਾਇਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ, ਜ਼ੋਨਲ ਲਾਇਸੈਂਸਿੰਗ ਅਥਾਰਟੀ ਲਖਵੰਤ ਸਿੰਘ, ਸਹਾਇਕ ਕਮਿਸ਼ਨਰ (ਆਬਕਾਰੀ) ਹਨੂਮੰਤ ਸਿੰਘ, ਰਣਜੀਤ ਸਿੰਘ, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਕਾਨੂੰਨਗੋ ਰਾਕੇਸ਼ ਕੁਮਾਰ ਆਦਿ ਮੌਜੂਦ ਸਨ।

Leave a Reply

Your email address will not be published.