ਜ਼ਿਲ੍ਹਾ ਚੋਣ ਅਫ਼ਸਰ ਅਤੇ ਐਸਐਸਪੀ ਨੇ ਅੰਤਰਰਾਜੀ ਨਾਕਿਆਂ ਦੀ ਕੀਤੀ ਚੈਕਿੰਗ ਨਾਕੇ ‘ਤੇ ਤਾਇਨਾਤ ਪੁਲਿਸ, ਅਰਧ ਸੈਨਿਕ ਬਲਾਂ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਡਿਊਟੀ ਨੂੰ ਸਾਵਧਾਨੀ ਨਾਲ ਕਰਨ ਦੀਆਂ ਦਿੱਤੀਆਂ ਹਦਾਇਤਾਂ

Elections2022 देश पंजाब ब्रेकिंग न्यूज़ होशियारपुर

ਹੁਸ਼ਿਆਰਪੁਰ/ ਗੜ੍ਹਸ਼ੰਕਰ, 02 ਫਰਵਰੀ (ਨਿਊਜ਼ ਹੰਟ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਅਤੇ ਐਸ.ਐਸ.ਪੀ ਸ੍ਰੀ ਧਰੂਮਨ ਐਚ.ਨਿੰਬਾਲੇ ਨੇ ਅੱਜ ਸਾਂਝੇ ਤੌਰ ‘ਤੇ ਜ਼ਿਲ੍ਹੇ ਦੇ ਅੰਤਰਰਾਜੀ ਨਾਕਿਆਂ ਦਾ ਦੌਰਾ ਕਰਕੇ ਚੈਕਿੰਗ ਦਾ ਜਾਇਜ਼ਾ ਲਿਆ । ਇਸ ਦੌਰਾਨ ਉਨ੍ਹਾਂ ਜਿੱਥੇ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ, ਅਰਧ ਸੈਨਿਕ ਬਲਾਂ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਦੀ ਹੌਸਲਾ ਅਫਜਾਈ ਕੀਤੀ, ਉੱਥੇ ਹੀ ਉਨ੍ਹਾਂ ਨੂੰ ਡਿਊਟੀ ਸਾਵਧਾਨੀ ਨਾਲ ਕਰਨ ਦੀ ਹਦਾਇਤ ਵੀ ਕੀਤੀ । ਇਸ ਦੌਰਾਨ ਉਨਾਂ ਨੇ ਜੈਜੋਂ ਅਤੇ ਮਹਿੰਦਵਾਣੀ ਨਾਕਿਆਂ ਦਾ ਦੌਰਾ ਕੀਤਾ ।

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੇ ਜ਼ਿਲ੍ਹੇ ਵਿੱਚ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਫਲਾਇੰਗ ਸਕੁਐਡ, ਸਟੈਟਿਕ ਸਰਵੀਲੈਂਸ ਟੀਮਾਂ ਤੋਂ ਇਲਾਵਾ ਨਾਜਾਇਜ਼ ਸ਼ਰਾਬ ਨੂੰ ਰੋਕਣ ਲਈ ਆਬਕਾਰੀ ਵਿਭਾਗ ਦੀਆਂ ਟੀਮਾਂ ਵੀ ਦਿਨ-ਰਾਤ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਸਾਰੇ ਸੱਤ ਵਿਧਾਨ ਸਭਾ ਹਲਕਿਆਂ ਵਿੱਚ 45 ਫਲਾਇੰਗ ਸਕੁਐਡ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਫਲਾਇੰਗ ਸਕੁਐਡ 24 ਘੰਟੇ ਸ਼ਿਫਟ ਦੇ ਆਧਾਰ ‘ਤੇ ਕੰਮ ਕਰ ਰਿਹਾ ਹੈ ਤਾਂ ਜੋ ਜ਼ਿਲ੍ਹੇ ਵਿੱਚ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ ।

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪੁਲੀਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਸਾਂਝੇ ਤੌਰ ’ਤੇ 12 ਅੰਤਰਰਾਜੀ ਨਾਕੇ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਲਗਾਏ ਗਏ ਨਾਕਿਆਂ ਤੋਂ 40 ਲੱਖ ਰੁਪਏ ਤੋਂ ਵੱਧ ਦੀ ਬਰਾਮਦਗੀ ਹੋਈ ਹੈ। ਇਸ ਤੋਂ ਇਲਾਵਾ ਵੱਖ-ਵੱਖ ਚੈਕਿੰਗ ਦੌਰਾਨ 3092 ਕੁਇੰਟਲ ਲਾਹਣ ਬਰਾਮਦ ਕਰਕੇ ਨਸ਼ਟ ਕੀਤੀ ਗਈ ਹੈ।

ਬੀਤੇ ਦਿਨੀ 28 ਅਤੇ 29 ਜਨਵਰੀ ਨੂੰ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਸਾਂਝੀ ਟੀਮ ਵੱਲੋਂ ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਇਲਾਕਿਆਂ ਅਤੇ ਦਰਿਆ ਬਿਆਸ ਦੇ ਨਾਲ ਲੱਗਦੇ ਮੰਡ ਖੇਤਰ ਵਿੱਚ ਤਿੱਖੀ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ 1,46,640 ਕਿਲੋ ਲਾਹਣ ਬਰਾਮਦ ਹੋਈ, ਜਿਸ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ ਅਤੇ 11 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ । ਉਨ੍ਹਾਂ ਦੱਸਿਆ ਕਿ ਆਬਕਾਰੀ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ 8 ਜਨਵਰੀ ਤੋਂ ਹੁਣ ਤੱਕ 246 ਬੋਤਲਾਂ ਦੇਸੀ, 1557 ਅੰਗਰੇਜ਼ੀ ਅਤੇ 86 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ ਹੈ।

Leave a Reply

Your email address will not be published.