ਹੁਸ਼ਿਆਰਪੁਰ, 03 ਫਰਵਰੀ (ਨਿਊਜ਼ ਹੰਟ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਜਨਰਲ ਅਬਜ਼ਰਵਰਾਂ ਦੀ ਹਾਜ਼ਰੀ ‘ਚ ਐਨ.ਆਈ.ਸੀ. ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮਾਈਕਰੋ ਅਬਜ਼ਰਵਰਾਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਹੋਈ । ਰੈਂਡਮਾਈਜੇਸ਼ਨ ਦੌਰਾਨ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਆਈ.ਏ.ਐਸ. ਨਵੀਨ ਕੁਮਾਰ, ਆਈ.ਏ.ਐਸ. ਅਮਰਨਾਥ ਆਰ. ਤਲਵੜੇ, ਆਈ.ਏ.ਐਸ ਪ੍ਰਕਾਸ਼ ਬਿੰਦੂ ਅਤੇ ਆਈ.ਏ.ਐਸ ਡਾ: ਅਰਵਿੰਦ ਕੁਮਾਰ ਚੌਰਸੀਆ ਤੋਂ ਇਲਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਸਿੰਘ ਵੀ ਹਾਜ਼ਰ ਸਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 800 ਮਾਈਕਰੋ ਅਬਜ਼ਰਵਰ ਤਾਇਨਾਤ ਕੀਤੇ ਜਾਣਗੇ, ਜਿਨ੍ਹਾਂ ਵਿੱਚੋਂ 279 ਮਾਈਕਰੋ ਅਬਜ਼ਰਵਰ ਲਗਾਏ ਗਏ ਹਨ ਅਤੇ ਬਾਕੀ ਅਬਜ਼ਰਵਰਾਂ ਨੂੰ ਵੀ ਡਿਊਟੀ ਆਰਡਰ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੇ ਅਬਜ਼ਰਵਰ ਜ਼ਿਲ੍ਹੇ ਦੇ 173 ਨਾਜ਼ੁਕ, ਸੰਵੇਦਨਸ਼ੀਲ, ਸ਼ੈਡੋ ਏਰੀਆ ਅਤੇ ਤਿੰਨ ਤੋਂ ਵੱਧ ਪੋਲਿੰਗ ਬੂਥਾਂ ਵਾਲੀ ਇਮਾਰਤਾਂ ਦੀ ਨਿਗਰਾਨੀ ਕਰਨਗੇ । ਉਨ੍ਹਾਂ ਦੱਸਿਆ ਕਿ ਸਮੂਹ ਮਾਈਕਰੋ ਅਬਜ਼ਰਵਰਾਂ ਨੂੰ ਮਿਤੀ 10 ਫਰਵਰੀ ਨੂੰ ਸ਼ਾਮ 4 ਵਜੇ ਸਬੰਧਤ ਰਿਟਰਨਿੰਗ ਅਫ਼ਸਰਾਂ ਵੱਲੋਂ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਿਯੁਕਤ ਕੀਤੇ ਗਏ ਚੋਣ (ਵੋਟਿੰਗ)ਅਮਲੇ ਨੂੰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣੀ ਚਾਹੀਦੀ ਹੈ ਅਤੇ ਇਸ ਗੱਲ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਉਹ ਚੋਣ (ਵੋਟ) ਪ੍ਰਣਾਲੀ ਦਾ ਹਿੱਸਾ ਬਣ ਰਹੇ ਹਨ।
ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 04 ਫਰਵਰੀ 2022 ਹੈ। ਉਨ੍ਹਾਂ ਦੱਸਿਆ ਕਿ ਵੋਟਾਂ 20 ਫਰਵਰੀ 2022 ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਐਮ.ਸੀ.ਐਮ.ਸੀ. ਕਮੇਟੀ ਬਣਾ ਕੇ ਪੇਡ ਨਿਊਜ਼ ‘ਤੇ ਨਜ਼ਰ ਰੱਖੀ ਜਾ ਰਹੀ ਹੈ, ਉੱਥੇ ਹੀ ਜ਼ਿਲ੍ਹਾ ਪੱਧਰ ‘ਤੇ ਬਣਾਏ ਗਏ ਸ਼ਿਕਾਇਤ ਸੈੱਲ ਅਤੇ ਸੀ-ਵਿਜੀਲ ਐਪ ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਪ੍ਰਾਪਤ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਡੀ.ਆਈ.ਓ. ਪ੍ਰਦੀਪ ਸਿੰਘ, ਏ.ਡੀ. ਆਈ. ਓ ਰੁਪਿੰਦਰ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
