ਜਲੰਧਰ, 11 ਜੂਨ ( ਨਿਊਜ਼ ਹੰਟ ) :
ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤ ਵਿੱਚ ਹੋ ਰਹੇ ਸੁਧਾਰ ਦੇ ਮੱਦੇਨਜ਼ਰ ਕੋਰੋਨਾ ਕਾਲ ਵਿਚ ਜਾਰੀ ਪਾਬੰਦੀਆਂ ਵਿੱਚ ਪ੍ਰਸ਼ਾਸਨ ਵੱਲੋਂ ਵਾਰੀ-ਵਾਰੀ ਕੁਝ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਹੁਣ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਨਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਦੇ ਨਾਲ ਹੀ ਹੁਣ ਸੇਵਾ ਕੇਂਦਰ ਵੱਲੋਂ ਸ਼ਨੀਵਾਰ ਨੂੰ ਵੀ ਨਾਗਰਿਕਾਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਉਨ੍ਹਾਂ ਅੱਗੇ ਦੱਸਿਆ ਕਿ ਨਾਗਰਿਕਾਂ ਲਈ ਆਨਲਾਈਨ ਅਤੇ ਆਫਲਾਈਨ ਢੰਗ ਨਾਲ ਮੁਲਾਕਾਤ ਦਾ ਸਮਾਂ ਲੈਣ ਦੀ ਸਹੂਲਤ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਕੁਝ ਕਾਊਂਟਰ ਅਗਾਊਂ ਪ੍ਰਵਾਨਗੀ ਲੈਕੇ ਆਉਣ ਵਾਲਿਆਂ ਲਈ ਰਾਖਵੇਂ ਰੱਖੇ ਗਏ ਹਨ ਤਾਂ ਜੋ ਅਗਾਊਂ ਪ੍ਰਵਾਨਗੀ ਦਾ ਸਿਸਟਮ ਵੀ ਨਾਲੋਂ-ਨਾਲ ਚਲਦਾ ਰਹੇ।
ਜ਼ਿਕਰਯੋਗ ਹੈ ਕਿ ਕੋਵਿਡ-19 ਦੇ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਆਉਣ ਵਾਲੇ ਲੋਕਾਂ ਅਤੇ ਸਟਾਫ਼ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਈ ਮਹੀਨੇ ਦੀ ਸ਼ੁਰੂਆਤ ਵਿੱਚ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕਰਦਿਆਂ ਸੇਵਾ ਕੇਂਦਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ ਗਿਆ ਸੀ।