ਜਲੰਧਰ, 26 ਜੂਨ ( ਨਿਊਜ਼ ਹੰਟ ) :
ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਅਤੇ ਐਸ.ਐਸ.ਪੀ. ਸ਼੍ਰੀ ਨਵੀਨ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਰਾਜ ਪੱਧਰੀ ਵਰਚੂਅਲ ਸਮਾਗਮ ਮੌਕੇ ਕੀਤੇ ਗਏ ਐਲਾਨ ਦੇ ਅਨੁਸਾਰ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਕੇ ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਹਫਤਾਭਰ ਚੱਲਣ ਵਾਲੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਾਲੇ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਠੱਪ ਕਰ ਦਿੱਤਾ ਗਿਆ ਹੈ ਅਤੇ ਹੁਣ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਮਾਧਿਅਮ ਨਾਲ ਨਸ਼ਿਆਂ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਨਸ਼ਿਆਂ ’ਤੇ ਨਿਰਭਰ ਲੋਕ ਨਸ਼ਿਆਂ ਦਾ ਤਿਆਗ ਕਰਕੇ ਅਤੇ ਖੁਸ਼ਹਾਲ ਜ਼ਿੰਦਗੀ ਨੂੰ ਅਪਣਾ ਕੇ ਸੂਬੇ ਦੇ ਆਰਥਿਕ ਤੇ ਸਮਾਜਿਕ ਵਿਕਾਸ ਵਿੱਚ ਯੋਗਦਾਨ ਪਾ ਸਕਣ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ’ਤੇ ਨਿਰਭਰ ਲੋਕਾਂ ਦੇ ਇਲਾਜ ਲਈ ਨਸ਼ਾ ਮੁਕਤੀ ਅਤੇ ਓਟ ਸੈਂਟਰ ਖੋਲ੍ਹੇ ਗਏ ਹਨ, ਜਿਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ‘ਰੈਡ ਸਕਾਈ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੇ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਬਹੁਤ ਹੀ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਕਰਾਰੀ ਦੀ ਵਿਦਿਆਰਥਣ ਨਵਜੀਤ ਕੌਰ, ਜੋ ਕਿ ਸਕੂਲ ਵਿੱਚ ਸੀਨੀਅਰ ਬਡੀ ਵੀ ਹੈ, ਮੁੱਖ ਮੰਤਰੀ ਪੰਜਾਬ ਨਾਲ ਰੂਬਰੂ ਹੋਈ ਘੱਟ ਉਮਰ ਵਿੱਚ ਵਿਦਿਆਰਥੀਆਂ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕ ਪੈਦਾ ਕਰਨ ਲਈ ਬਡੀ ਅਤੇ ਡੈਪੋ ਪ੍ਰੋਗਰਾਮਾਂ ਵਰਗੀਆਂ ਪਹਿਲਕਦਮੀਆਂ ਕਰਨ ਲਈ ਧੰਨਵਾਦ ਕੀਤਾ ।
ਇਸ ਮੌਕੇ ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਇਕਬਾਲਜੀਤ ਸਿੰਘ, ਅੰਗਰੇਜ਼ੀ ਦੇ ਲੈਕਚਰਾਰ ਸੁਰਜੀਤ ਲਾਲ, ਯੂਥ ਕਾਂਗਰਸ ਆਗੂ ਅੰਗਦ ਦੱਤਾ, ਹਨੀ ਜੋਸ਼ੀ ਅਤੇ ਹੋਰ ਵੀ ਹਾਜ਼ਰ ਸਨ।
