ਜਲੰਧਰ, 12 ਜੁਲਾਈ 2021 ( ਨਿਊਜ਼ ਹੰਟ ) :
ਨੌਜਵਾਨ ਵਰਗ ਦੀ ਵੱਧ ਤੋਂ ਵੱਧ ਵੋਟਰ ਰਜਿਸਟਰੇਸ਼ਨ ਲਈ ਹਲਕਾ ਪੱਧਰ ‘ਤੇ ਲਗਾਏ ਜਾ ਰਹੇ ਵੋਟਰ ਜਾਗਰੂਕਤਾ ਕੈਂਪ ਸਬੰਧੀ ਲੋਕਾਂ ਦੀ ਪ੍ਰਤੀਕਿਰਿਆ ਬਾਰੇ ਜਾਣਕਾਰੀ ਹਾਸਲ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਅਮਰਜੀਤ ਬੈਂਸ ਨੇ ਸੋਮਵਾਰ ਨੂੰ ਜ਼ਿਲ੍ਹਾ/ਹਲਕਾ ਪੱਧਰੀ ਸਵੀਪ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਅਤੇ ਹਲਕਾ ਪੱਧਰ ‘ਤੇ ਚੱਲ ਰਹੀਆਂ ਸਵੀਪ ਗਤੀਵਿਧੀਆਂ ਸਬੰਧੀ ਜਾਣਕਾਰੀ ਹਾਸਲ ਕੀਤੀ ।
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਸਵੀਪ ਨੋਡਲ ਅਫ਼ਸਰਾਂ ਨੂੰ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਕੈਂਪ ਲਗਾਉਣ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਅਨੁਸਾਰ ਵੋਟਰ ਜਾਗਰੂਕਤਾ ਕੈਂਪ ਲਗਾਉਣ ਸਮੇਂ ਇਹ ਯਕੀਨੀ ਬਣਾਇਆ ਜਾਵੇ ਕਿ ਜਿਸ ਜਗ੍ਹਾ ਵੋਟਰ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ, ਉਹ ਜਗ੍ਹਾ ਕਿਸੇ ਵੀ ਧਾਰਮਿਕ ਜਾਂ ਰਾਜਨੀਤਿਕ ਗਤੀਵਿਧੀਆਂ ਨਾਲ ਸਬੰਧ ਨਾ ਰੱਖਦੀ ਹੋਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲੋਕਤੰਤਰ ਵਿੱਚ ਭਾਗੀਦਾਰੀ ਵਧਾਉਣ ਲਈ ਆਪਣੀ ਵੋਟ ਬਣਾਉਣ ਅਤੇ ਚੋਣਾਂ ਦੌਰਾਨ ਬਿਨਾਂ ਕਿਸੇ ਡਰ, ਲਾਲਚ ਜਾਂ ਦਬਾਅ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਵੋਟਰ ਰਜਿਸਟਰੇਸ਼ਨ ਲਈ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹਲਕਾ ਪੱਧਰ ‘ਤੇ ਸਵੀਪ ਨੋਡਲ ਅਫ਼ਸਰਾਂ ਦੀ ਨਿਗਰਾਨੀ ਵਿੱਚ ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੁਆਰਾ ਜਨਤਕ ਥਾਵਾਂ ਜਿਵੇਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਸਾਪਿੰਗ ਮਾਲ, ਪਾਰਕ, ਮੁੱਖ ਟਰੈਫਿਕ ਜੰਕਸ਼ਨ, ਸਰਕਾਰੀ ਦਫ਼ਤਰਾਂ ਅਤੇ ਸੇਵਾ ਕੇਂਦਰਾਂ ਵਿਖੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਨੌਜਵਾਨ ਵਰਗ ਨੂੰ ਆਨਲਾਈਨ ਵੋਟਰ ਰਜਿਸਟਰੇਸ਼ਨ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਭਾਰਤ ਚੋਣ ਕਮਿਸ਼ਨ ਦੇ ਵੈਬ ਪੋਰਟਲ www.nvsp.in, www.voterportal.gov.in ਅਤੇ ਮੋਬਾਇਲ ਐਪ ਵੋਟਰ ਹੈਲਪ ਲਾਈਨ ਡਾਊਨਡੋਲ ਕਰਕੇ ਆਨਲਾਈਨ ਫਾਰਮ ਭਰਨ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ।