ਜਲੰਧਰ, 3 ਸਤੰਬਰ ( ਨਿਊਜ਼ ਹੰਟ )- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵੱਲੋਂ 11.09.2021 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜੁਡੀਸ਼ੀਅਲ ਅਦਾਲਤਾਂ ਵਿੱਚ ਲੰਬਿਤ ਸਿਵਲ ਅਤੇ ਫੌਜਦਾਰੀ ਦੇ ਸਮਝੌਤਾ ਹੋ ਸਕਣ ਵਾਲੇ ਕੇਸਾਂ ਅਤੇ ਹੋਰ ਸੰਸਥਾਵਾਂ ਜਿਵੇਂ ਬੈਂਕਾਂ, ਬਿਜਲੀ ਵਿਭਾਗ, ਵਿੱਤੀ ਸੰਸਥਾਨਾਂ ਦੇ ਪ੍ਰੀਲਿਟੀਗੇਟਿਵ ਕੇਸਾਂ ਦਾ ਫੈਸਲਾ ਰਾਜ਼ੀਨਾਮੇ ਰਾਹੀਂ ਕਰਵਾਉਣ ਲਈ ਕੀਤਾ ਜਾ ਰਿਹਾ ਹੈ ।
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਰੁਪਿੰਦਰਜੀਤ ਚਹਿਲ ਨੇ ਦੱਸਿਆ ਕਿ ਇਸ ਦਿਨ ਮੋਟਰ ਦੁਰਘਟਨਾ ਕਲੇਮ ਕੇਸ, ਹਿੰਦੂ ਮੈਰਿਜ ਐਕਟ ਕੇਸ, ਵਿਵਾਹਿਕ ਝਗੜੇ, ਦੀਵਾਨੀ ਕੇਸ, ਚੈੱਕ ਬਾਊਂਸ ਦੇ ਮਾਮਲੇ ਅਤੇ ਫੌਜਦਾਰੀ ਤੇ ਸਮਝੌਤਾ ਹੋ ਸਕਣ ਵਾਲੇ ਕੇਸ ਅਤੇ ਹੋਰ ਸੰਸਥਾਵਾਂ ਜਿਵੇਂ ਬੈਂਕਾਂ, ਬਿਜਲੀ ਵਿਭਾਗ, ਵਿੱਤੀ ਸੰਸਥਾਨਾਂ ਦੇ ਪ੍ਰੈਲਿਟੀਗੇਟਿਵ ਕੇਸਾਂ ਦਾ ਫੈਸਲਾ ਰਾਜ਼ੀਨਾਮੇ ਰਾਹੀਂ ਕਰਵਾਉਣ ਲਈ ਕੌਮੀ ਲੋਕ ਅਦਾਲਤਾਂ ਲਗਾਈਆਂ ਜਾਣਗੀਆਂ ।
ਉਨ੍ਹਾਂ ਅੱਗੇ ਦੱਸਿਆ ਕਿ ਕੌਮੀ ਲੋਕ ਅਦਾਲਤਾਂ ਜਲੰਧਰ, ਨਕੋਦਰ ਅਤੇ ਫਿਲੌਰ ਵਿਖੇ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੇ ਖਿਲਾਫ਼ ਕਿਸੇ ਵੀ ਕਚਿਹਰੀ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣ ਲਈ ਸੰਬੰਧਤ ਅਦਾਲਤਾਂ ਨੂੰ ਲਿਖਤੀ ਬੇਨਤੀ ਕਰ ਸਕਦੇ ਹਨ।
ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਡਾ. ਗਗਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੈਂਕਾਂ ਅਤੇ ਮੋਟਰ ਦੁਰਘਟਨਾ ਕਲੇਮ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਬੈਂਕ ਅਧਿਕਾਰੀਆਂ ਅਤੇ ਬੀਮਾ ਕੰਪਨੀਆਂ ਦੇ ਅਧਿਕਾਰੀਆਂ ਨਾਲ ਵਿਕਲਪੀ ਝਗੜਾ ਨਿਵਾਰਣ ਕੇਂਦਰ ਜ਼ਿਲ੍ਹਾ ਕਚਿਹਰੀਆਂ ਜਲੰਧਰ ਵਿਖੇ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਬੈਂਕ ਅਧਿਕਾਰੀਆਂ , ਮੋਬਾਈਲ ਕੰਪਨੀ ਦੇ ਅਧਿਕਾਰੀਆਂ ਤੇ ਬੀਮਾਂ ਕੰਪਨੀ ਦੇ ਅਧਿਕਾਰੀਆਂ ਨੂੰ ਆਖਿਆ ਗਿਆ ਹੈ ਕਿ ਉਹ ਵੱਖ-ਵੱਖ ਕੋਰਟਾਂ ਵਿੱਚ ਚਲਦੇ ਕੇਸਾਂ ਵਿੱਚ ਸੰਬੰਧਤ ਧਿਰਾਂ ਨਾਲ ਰਾਜ਼ੀਨਾਮੇ ਰਾਹੀਂ ਇਸ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਵਾਉਣ।
