ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਦੇ ਲਘੂ, ਛੋਟੇ ਅਤੇ ਦਰਮਿਆਨੇ ਉੱਦਮੀਆਂ (ਐਮ.ਐਸ.ਐਮ.ਈਜ਼.) ਨੂੰ ਆਪਣੇ ਕੰਮਕਾਜ ਵਾਸਤੇ ਢੁੱਕਵਾਂ ਕਾਨੂੰਨੀ ਢਾਂਚਾ ਪ੍ਰਦਾਨ ਕਰਨ ਲਈ ਨਿਯਮਾਂ ਨੂੰ ਪ੍ਰਵਾਨਗੀ ਦੇਣ ਦੇ ਨਾਲ-ਨਾਲ ਇਨ੍ਹਾਂ ਉੱਦਮੀਆਂ ਨੂੰ ਦੇਰੀ ਨਾਲ ਭੁਗਤਾਨ ਦੀ ਸਮੱਸਿਆ ਦੇ ਨਿਪਟਾਰੇ ਲਈ ਪ੍ਰਭਾਵਸ਼ਾਲੀ ਪ੍ਰਣਾਲੀ ਲਿਆਂਦੀ ਗਈ ਹੈ, ਜਿਸ ਨਾਲ ਇਨ੍ਹਾਂ ਉੱਦਮੀਆਂ ਨੂੰ ਹੋਰ ਬਲ ਮਿਲਿਆ ਹੈ। ਸੂਬਾ ਸਰਕਾਰ ਵੱਲੋਂ ਸਰਕਾਰੀ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਦੇ ਤਹਿਤ ਮੰਤਰੀ ਮੰਡਲ ਨੇ ਸੈਰ ਸਪਾਟਾ, ਸੱਭਿਆਚਾਰਕ ਮਾਮਲਿਆਂ, ਪੁਰਾਤੱਤਵ, ਅਜਾਇਬ ਘਰ ਤੇ ਪੁਰਾਲੇਖ ਵਿਭਾਗ ਦੇ ਪੁਨਰਗਠਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਰੈਗੂਲਰ ਸਕੇਲ ‘ਤੇ ਵਾਧੂ 9 ਨਵੀਆਂ ਅਸਾਮੀਆਂ ਸਿਰਜਣ ਅਤੇ ਭਰਨ ਦੇ ਨਾਲ-ਨਾਲ ਸੂਬਾ ਸਰਕਾਰ ਦੁਆਰਾ ਨਿਰਧਾਰਤ ਘੱਟੋ ਘੱਟ ਤਨਖ਼ਾਹ ਦੇ ਅਧਾਰ ‘ਤੇ ਆਊਟਸੋਰਸਿੰਗ ਜ਼ਰੀਏ ਭਰਨ ਲਈ 35 ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਜਾ ਸਕੇ।