ਜਲੰਧਰ, 22 ਸਤੰਬਰ ( ਨਿਊਜ਼ ਹੰਟ )- ਆਗਾਮੀ ਵਿਧਾਨ ਸਭਾ ਦੀਆਂ ਆਮ ਚੋਣਾਂ-2022 ਦੀਆਂ ਤਿਆਰੀਆਂ ਨੂੰ ਧਿਆਨ ਵਿੱਚ ਰੱਖਦਿਆਂ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਚੋਣਾਂ ਦੇ ਕੰਮ ਨੂੰ ਨੇਪਰੇ ਚਾੜ੍ਹਨ ਦੇ ਮੰਤਵ ਨਾਲ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ‘ਕੋਵਿਡ-19 ਦੌਰਾਨ ਆਮ ਚੋਣਾਂ ਦੇ ਆਯੋਜਨ ਲਈ ਵਿਸਥਾਰਿਤ ਦਿਸ਼ਾ-ਨਿਰਦੇਸ਼ (ਅਗਸਤ 2020)’ ਬਾਰੇ ਕਰਵਾਏ ਗਏ ਇੱਕ ਦਿਨਾਂ ਆਨਲਾਈਨ ਓਰੀਏਨਟੇਸ਼ਨ ਪ੍ਰੋਗਰਾਮ ਵਿੱਚ ਡਿਪਟੀ ਕਮਿਸ਼ਨਰ, ਜਲੰਧਰ ਸ਼੍ਰੀ ਘਨਸ਼ਿਆਮ ਥੋਰੀ ਅਤੇ ਸਿਵਲ ਸਰਜਨ, ਜਲੰਧਰ ਡਾ. ਬਲਵੰਤ ਸਿੰਘ (ਬਤੌਰ ਜ਼ਿਲ੍ਹਾ ਕੋਡ ਨੋਡਲ ਅਫ਼ਸਰ) ਅਤੇ 9 ਵਿਧਾਨ ਸਭਾ ਚੋਣ ਹਲਕਿਆਂ ਦੇ ਸਮੂਹ ਰਿਟਰਨਿੰਗ ਅਫ਼ਸਰਾਂ ਨੇ ਭਾਗ ਲਿਆ।
ਓਰੀਏਨਟੇਸ਼ਨ ਪ੍ਰੋਗਰਾਮ ਦੌਰਾਨ ਅਧਿਕਾਰੀਆਂ ਵੱਲੋਂ ਕੋਵਿਡ ਗਾਈਡਲਾਈਨਜ਼ ਮੁਤਾਬਕ ਵਿਧਾਨ ਸਭਾ ਚੋਣਾਂ, 2022 ਦੌਰਾਨ ਜ਼ਿਲ੍ਹਾ ਅਤੇ ਹਲਕਾ ਪੱਧਰ ‘ਤੇ ਕੀਤੀਆਂ ਜਾਣ ਵਾਲੀਆਂ ਚੋਣਾਂ ਦੀਆਂ ਵੱਖ-ਵੱਖ ਗਤੀਵਿਧੀਆਂ ਦੌਰਾਨ ਅਹਤਿਆਤ ਵਜੋਂ ਕੀ-ਕੀ ਲੋੜੀਂਦੇ ਪ੍ਰਬੰਧ ਕੀਤੇ ਜਾਣੇ ਹਨ, ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਗਈ ਤਾਂ ਜੋ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਵੱਖ-ਵੱਖ ਚੋਣ ਅਮਲੇ, ਪੋਲਿੰਗ ਪਾਰਟੀਆਂ ਅਤੇ ਵੋਟਰਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਸਹੀ, ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਚੋਣਾਂ ਦੇ ਕੰਮ ਨੂੰ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਆਨ-ਲਾਈਨ ਓਰੀਏਨਟੇਸ਼ਨ ਪ੍ਰੋਗਰਾਮ ਵਿੱਚ ਚੋਣ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਅਤੇ ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਅਤੇ ਪ੍ਰੋਗਰਾਮਰ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।