ਹੁਸ਼ਿਆਰਪੁਰ, 2 ਅਕਤੂਬਰ (ਨਿਊਜ਼ ਹੰਟ)- ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ 152ਵੇਂ ਜਨਮ ਦਿਵਸ ’ਤੇ ਐਸ.ਡੀ.ਐਮ. ਸ਼ਿਵਰਾਜ ਸਿੰਘ ਬੱਲ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਦੌਰਾਨ ਉਨ੍ਹਾਂ ਨਾਲ ਐਸ.ਪੀ. ਆਰ.ਪੀ.ਐਸ. ਸੰਧੂ, ਸਹਾਇਕ ਕਮਿਸ਼ਨਰ (ਜ) ਕਿਰਪਾਲ ਵੀਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
ਐਸ.ਡੀ.ਐਮ. ਸ਼ਿਵਰਾਜ ਸਿੰਘ ਬੱਲ ਨੇ ਕਿਹਾ ਕਿ ਦੁਨੀਆਂ ਨੂੰ ਸ਼ਾਂਤੀ ਅਤੇ ਅਹਿੰਸਾ ਦਾ ਮਾਰਗ ਦਿਖਾਉਣ ਵਾਲੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦਾ ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਬਹੁਤ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਾਰਾ ਜੀਵਨ ਸਾਰਿਆਂ ਲਈ ਪੇ੍ਰਰਨਾ ਸਰੋਤ ਹੈ। ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਸਵ: ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਵੀ ਉਨ੍ਹਾਂ ਦੇ ਜਨਮ ਦਿਵਸ ’ਤੇ ਯਾਦ ਕੀਤਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਇਸ ਦਿਵਸ ’ਤੇ ਸਾਰੀਆਂ ਵਲੋਂ ਪ੍ਰਣ ਕੀਤਾ ਜਾਵੇ ਕਿ ਜਿਥੇ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਵਲੋਂ ਸਿਹਤ ਹਦਾਇਤਾਂ ਦੀ ਪਾਲਣਾ ਕਰਾਂਗੇ, ਉਥੇ ਝੋਨੇ ਦੀ ਪਰਾਲੀ ਨੂੰ ਵੀ ਅੱਗ ਨਹੀਂ ਲਗਾਵਾਂਗੇ ਅਤੇ ਵਾਤਾਵਰਣ ਦੇ ਨਾਲ-ਨਾਲ ਸਿਹਤਮੰਦ ਸਮਾਜ ਦਾ ਵੀ ਸੰਦੇਸ਼ ਦੇਣਗੇ, ਇਹੀ ਮਹਾਤਮਾ ਗਾਂਧੀ ਜੀ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ।
ਐਸ.ਪੀ. ਆਰ.ਪੀ.ਐਸ. ਸੰਧੂ ਨੇ ਕਿਹਾ ਕਿ ਮਹਾਤਮਾ ਗਾਂਧੀ ਜੀ ਨੇ ਸਾਨੂੰ ਗਰੀਬਾਂ ਅਤੇ ਜ਼ਰੂਰਤਮੰਦਾਂ ਦੀ ਮਿਸ਼ਨਰੀ ਭਾਵਨਾ ਨਾਲ ਸੇਵਾ ਕਰਨ ਦਾ ਰਸਤਾ ਦਿਖਾਇਆ ਹੈ ਅਤੇ ਸਾਨੂੰ ਉਨ੍ਹਾਂ ਦੇ ਦਿਖਾਏ ਗਏ ਰਸਤੇ ’ਤੇ ਚੱਲਣਾ ਚਾਹੀਦਾ ਹੈ ਅਤੇ ਹੋਰਨਾਂ ਨੂੰ ਵੀ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਜੀ ਦੀਆਂ ਸਿਖਿਆਵਾਂ ’ਤੇ ਚਲ ਕੇ ਹੀ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ।
ਸਹਾਇਕ ਕਮਿਸ਼ਨਰ (ਜ) ਕਿਰਪਾਲ ਵੀਰ ਸਿੰਘ ਨੇ ਕਿਹਾ ਕਿ ਗਾਂਧੀ ਜੀ ਦੇ ਸ਼ਾਂਤੀ ਤੇ ਅਹਿੰਸਾ ਦੇ ਸਿਧਾਂਤ ’ਤੇ ਚੱਲਣਾ ਅੱਜ ਦੇ ਸਮੇਂ ਦੀ ਮੁੱਖ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਸਾਨੂੰ ਸਾਰਿਆਂ ਨੂੰ ਸੰਕਲਪ ਲੈ ਕੇ ਉਨ੍ਹਾਂ ਦੇ ਸੁਪਨਿਆਂ ਦਾ ਭਾਰਤ ਬਨਾਉਣ ਦੀ ਦਿਸ਼ਾ ਵਿਚ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਜੀ ਦਾ ਜੀਵਨ ਅਤੇ ਉਨ੍ਹਾਂ ਦੇ ਵਿਚਾਰ ਸਾਨੂੰ ਸਾਰਿਆਂ ਲਈ ਹਮੇਸ਼ਾਂ ਪ੍ਰੇਰਣਾਦਾਇਕ ਰਹਿਣਗੇ।
