ਜਲੰਧਰ, 14 ਅਕਤੂਬਰ (ਨਿਊਜ਼ ਹੰਟ)- ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 173220 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 172807 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜਦਕਿ ਝੋਨੇ ਦੀ ਖ਼ਰੀਦ ਲਈ ਹੁਣ ਤੱਕ 257.15 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿੱਚ ਵਿਆਪਕ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿੱਚ ਫ਼ਸਲ ਦੀ ਲਿਫ਼ਟਿੰਗ ਨੂੰ ਨਾਲੋ-ਨਾਲ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ।
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ ਖ਼ਰੀਦ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 64225 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 42678 ਮੀਟ੍ਰਿਕ ਟਨ, ਪਨਸਪ ਵੱਲੋਂ 48226 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 17595 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 83 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਸੂਬਾ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ 257.15 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਸੁਕਾ ਕੇ ਲੈ ਕੇ ਆਉਣ ਦੀ ਅਪੀਲ ਵੀ ਕੀਤੀ।
ਮੰਡੀਆਂ ਵਿੱਚ ਵਿਕਰੀ ਲਈ ਆਪਣੀ ਫ਼ਸਲ ਲੈ ਕੇ ਆ ਰਹੇ ਕਿਸਾਨਾਂ ਵੱਲੋਂ ਸੁਚੱਜੇ ਖ਼ਰੀਦ ਪ੍ਰਬੰਧਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਅਨਾਜ ਮੰਡੀ ਗਿੱਦੜਪਿੰਡੀ ਵਿੱਚ ਆਪਣੀ ਫ਼ਸਲ ਲੈ ਕੇ ਆਏ ਕਿਸਾਨ ਗੁਰਵੰਤ ਸਿੰਘ ਪਿੰਡ ਚਿਨਣਵਿੰਡੀ ਨੇ ਮੰਡੀਆਂ ਵਿੱਚ ਕੀਤੇ ਸੁਚੱਜੇ ਖ਼ਰੀਦ ਪ੍ਰਬੰਧਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੰਡੀ ਵਿੱਚ ਬਿਲਕੁਲ ਸੁੱਕੀ ਫ਼ਸਲ ਲੈ ਕੇ ਆਇਆ ਸੀ, ਜਿਸ ਦੀ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਨਾਲੋ-ਨਾਲ ਖ਼ਰੀਦ ਕਰ ਲਈ ਗਈ।
ਪਿੰਡ ਤਲਵਾਂ ਦਾ ਗੁਰਕਰਨ ਸਿੰਘ, ਜੋ ਕਿ ਬਿਲਗਾ ਮੰਡੀ ਵਿੱਚ ਆਪਣਾ ਝੋਨਾ ਲੈ ਕੇ ਆਇਆ ਸੀ, ਨੇ ਮੰਡੀ ਵਿੱਚ ਚੱਲ ਰਹੀ ਖ਼ਰੀਦ ਪ੍ਰਕਿਰਿਆ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸੇ ਤਰ੍ਹਾਂ ਫਿਲੌਰ ਮੰਡੀ ਵਿੱਚ ਫ਼ਸਲ ਲੈ ਕੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਸਵੇਰੇ ਹੀ ਮੰਡੀ ਵਿੱਚ ਝੋਨਾ ਲੈ ਕੇ ਆਇਆ ਸੀ, ਜਿਸ ਦੀ ਹੱਥੋ-ਹੱਥ ਖ਼ਰੀਦ ਕਰ ਲਈ ਗਈ, ਜਿਸ ਕਰਕੇ ਉਹ ਬਹੁਤ ਖੁਸ਼ ਹੈ।