ਪਠਾਨਕੋਟ, 27 ਅਕਤੂਬਰ (ਨਿਊਜ਼ ਹੰਟ)- ਜਿਲ੍ਹੇ ਦੇ ਲੋਕਾਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਵੱਖ-ਵੱਖ ਸਕੀਮਾਂ ਦਾ ਲਾਭ ਬਿਨਾਂ ਕਿਸੇ ਖੱਜ਼ਲ-ਖੁਆਰੀ ਦੇ ਦੇਣ ਲਈ ਮਿਤੀ 28 ਅਤੇ 29 ਅਕਤੂਬਰ 2021 ਨੂੰ ਜਿਲ੍ਹੇ ਤੋਂ ਇਲਾਵਾ ਤਹਿਸੀਲ ਪੱਧਰ ਉਤੇ ਵੀ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਸੰਯਮ ਅਗਰਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਸਬ-ਡਵੀਜ਼ਨ ਪੱਧਰ ’ਤੇ 28 ਅਤੇ 29 ਅਕਤੂਬਰ ਨੂੰ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਜਿਸ ਅਧੀਨ 28 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ ਅਤੇ ਬੀ.ਡੀ.ਓ.ਦਫਤਰ ਧਾਰ ਕਲ੍ਹਾਂ ਵਿੱਚ ਅਤੇ 29 ਅਕਤੂਬਰ ਨੂੰ ਕਬਾੜ ਧਰਮਸਾਲਾ ਪਠਾਨਕੋਟ ਵਿਖੇ ਸੁਵਿਧਾ ਕੈਂਪ ਲਗਾਏ ਜਾਣਗੇ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਹਰ ਜ਼ਰੂਰਤਮੰਦ ਵਿਅਕਤੀ ਤੱਕ ਲੋੜੀਂਦੀਆਂ ਸਹੂਲਤਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਇਹਨਾਂ ਕੈਂਪਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਗਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਪ੍ਰਾਪਤੀ ਲਈ ਲੋਕਾਂ ਨੂੰ ਵੱਖ ਵੱਖ ਦਫ਼ਤਰਾਂ ਦੇ ਚੱਕਰ ਲਗਾਉਣੇ ਪੈਂਦੇ ਹਨ, ਜਿਸ ਨਾਲ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਖਪਤ ਵਧੇਰੇ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲੋਕਾਂ ਨੂੰ ਇੱਕ ਹੀ ਥਾਂ ’ਤੇ ਸਾਰੇ ਵਿਭਾਗਾਂ ਵੱਲੋਂ ਕੈਂਪ ਲਗਾਏ ਜਾ ਰਹੇ ਹਨ।
ਸ੍ਰੀ ਸੰਯਮ ਅਗਰਵਾਲ ਨੇ ਦੱਸਿਆ ਕਿ ਇਨਾਂ ਕੈਂਪਾਂ ਵਿਚ ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟ, ਬਿਜਲੀ ਬਿਲਾਂ ਦੇ ਬਕਾਇਆ ਰਾਸ਼ੀ ਦੀ ਮਾਫ਼ੀ, ਬੁਢਾਪਾ, ਵਿਧਵਾ, ਅੰਗਹੀਣ ਤੇ ਆਸ਼ਿਰਤਾਂ ਨੂੰ ਪੈਨਸ਼ਨ, ਪ੍ਰਧਾਨ ਮੰਤਰੀ ਯੋਜਨਾ ਅਧੀਨ ਪੱਕਾ ਮਕਾਨ ਬਨਾਉਣ ਲਈ ਦਰਖਾਸਤ, ਬਿਜਲੀ ਕੁਨੈਕਸ਼ਨ , ਘਰਾਂ ਵਿਚ ਪਖਾਨੇ, ਐਲ ਪੀ ਜੀ ਗੈਸ ਕੁਨੈਕਸ਼ਨ, ਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡ, ਸ਼ਗਨ ਸਕੀਮ, ਬੱਚਿਆਂ ਲਈ ਵਜੀਫੇ, ਬੇਰੁਜ਼ਗਾਰਾਂ ਲਈ ਨੌਕਰੀ ਦੇ ਪ੍ਰਸਤਾਵ ਤੇ ਕਰਜ਼ਾ ਸਹੂਲਤਾਂ, ਬੱਸ ਪਾਸ, ਜ਼ਮੀਨਾਂ ਤੇ ਪਲਾਟਾਂ ਦੇ ਇੰਤਕਾਲ, ਮਨਰੇਗਾ ਦੇ ਜਾਬ ਕਾਰਡ ਆਦਿ ਤੋਂ ਇਲਾਵਾ ਹੋਰ ਵੀ ਵਿਭਾਗਾਂ ਦੀਆਂ ਸਕੀਮਾਂ ਦੇ ਲਾਭ ਮੌਕੇ ’ਤੇ ਦਿੱਤੇ ਜਾਣਗੇ ਜਾਂ ਲਾਭ ਦੇਣ ਲਈ ਜ਼ਰੂਰੀ ਕਾਰਵਾਈ ਪੂਰੀ ਕੀਤੀ ਜਾਵੇਗੀ। ਉਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਵਿਚ ਲੱਗਣ ਵਾਲੇ ਇੰਨਾਂ ਕੈਂਪਾਂ ਦਾ ਲਾਹਾ ਜ਼ਰੂਰ ਲੈਣ।