ਪੰਜਾਬ ਅਕਤੂਬਰ (ਨਿਊਜ਼ ਹੰਟ)- ਸੂਬੇ ਦੇ ਵਪਾਰ ਅਤੇ ਉਦਯੋਗ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਵਿਰੁੱਧ ਵਿੱਤੀ ਸਾਲ 2014-15, 2015-16 ਅਤੇ 2016-17 ਨਾਲ ਸਬੰਧਤ ਵੈਟ ਦੇ ਕੁੱਲ 48,000 ਕੇਸਾਂ ਵਿੱਚੋਂ 40,000 ਬਕਾਇਆ ਕੇਸਾਂ ਨੂੰ ਮੁੱਢੋਂ ਰੱਦ ਕਰਨ ਦਾ ਐਲਾਨ ਕੀਤਾ ਹੈ।
ਇੱਥੇ ਭਾਈਵਾਲੀ, ਆਦਾਨ-ਪ੍ਰਦਾਨ ਅਤੇ ਵਿਕਾਸ ਦੀ ਗਾਥਾ: ਨਿਵੇਸ਼ਕਾਂ ਦਾ ਭਰੋਸਾ` ਵਿਸ਼ੇ `ਤੇ ਕਰਵਾਏ ਗਏ ਚੌਥੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਉਦਯੋਗਪਤੀਆਂ, ਵਪਾਰੀਆਂ ਅਤੇ ਸੰਭਾਵੀ ਉੱਦਮੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਬੰਧਤ ਵਪਾਰੀਆਂ/ਉਦਯੋਗਪਤੀਆਂ ਨੂੰ ਕੁੱਲ ਬਕਾਇਆ ਟੈਕਸ ਦੇਣਦਾਰੀ ਦਾ ਸਿਰਫ਼ 30 ਫੀਸਦੀ ਜਮ੍ਹਾਂ ਕਰਵਾਉਣ ਲਈ ਕਹਿ ਕੇ 8000 ਬਕਾਇਆ ਕੇਸਾਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਇਆ ਜਾਵੇਗਾ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਇਸ ਪੱਖ `ਤੇ ਹੋਣ ਵਾਲੀਆਂ ਬਹੁਤ ਸਾਰੀਆਂ ਅਸੁਵਿਧਾਵਾਂ ਤੋਂ ਬਚਾਇਆ ਜਾਵੇਗਾ। ਹੋਰ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹਨਾਂ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ ਉਪਰੋਕਤ ਟੈਕਸ ਦੇਣਦਾਰੀ ਦਾ ਸਿਰਫ 20 ਫੀਸਦ ਜਮ੍ਹਾਂ ਕਰਵਾਉਣਾ ਹੋਵੇਗਾ ਅਤੇ ਬਾਕੀ 80 ਫੀਸਦ ਅਗਲੇ ਸਾਲ ਤੱਕ ਜਮ੍ਹਾਂ ਕਰਵਾਉਣਾ ਹੋਵੇਗਾ। ਸ. ਚੰਨੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਇਹ ਉਦਯੋਗਿਕ ਪੱਖੀ ਪਹਿਲਕਦਮੀ ਵੱਡੇ ਪੱਧਰ `ਤੇ ਨਿਵੇਸ਼ ਕਰਨ ਲਈ ਉਨ੍ਹਾਂ ਦੇ ਮਨੋਬਲ ਨੂੰ ਹੁਲਾਰਾ ਦੇਵੇਗੀ ਅਤੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਦਯੋਗ ਨੂੰ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ `ਤੇ ਪਹੁੰਚਾਉਣ ਲਈ ਅਸਲ ਮਦਦਗਾਰ ਅਤੇ ਸਹਿਯੋਗੀ ਵਜੋਂ ਕੰਮ ਕਰੇਗੀ।
ਖਿੱਤੇ ਵਿੱਚ ਆਰਥਿਕ ਗਤੀਵਿਧੀ ਨੂੰ ਹੁਲਾਰਾ ਦੇਣ ਲਈ ਬਿਹਤਰੀਨ ਹਵਾਈ ਸੰਪਰਕ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਹਲਵਾਰਾ (ਲੁਧਿਆਣਾ) ਵਿਖੇ ਬਣਨ ਵਾਲੇ ਗ੍ਰੀਨ ਫੀਲਡ ਹਵਾਈ ਅੱਡੇ ਦਾ 15 ਨਵੰਬਰ ਨੂੰ ਨੀਂਹ ਪੱਥਰ ਰੱਖਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਹ ਵੱਕਾਰੀ ਹਵਾਈ ਅੱਡਾ ਅੱਠ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ।
ਸੂਬੇ ਵਿੱਚ ਵਪਾਰ ਕਰਨ ਨੂੰ ਸੁਖਾਲਾ ਬਣਾਉਣ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਅੰਦਰ ਹੀ ਨਹੀਂ ਸਗੋਂ ਵਿਸ਼ਵ ਭਰ ਵਿੱਚ ਮੋਹਰੀ ਰਾਜ ਵਜੋਂ ਉਭਾਰਨ ਲਈ ਵਪਾਰ ਅਤੇ ਉਦਯੋਗ ਨੂੰ ਭਰਪੂਰ ਸਮਰਥਨ ਦੇਣ ਦਾ ਭਰੋਸਾ ਦਿੱਤਾ।
ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਉਦਯੋਗਪਤੀਆਂ ਅਤੇ ਵਪਾਰੀਆਂ ਵਿੱਚ ਭਰੋਸਾ ਪੈਦਾ ਕਰਨ ਵਾਸਤੇ ਕੀਤੀਆਂ ਵੱਡੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਇੱਥੇ ਸੂਬੇ ਦੀ ਉਦਯੋਗਿਕ ਰਾਜਧਾਨੀ ਵਿਖੇ ਬੁਲਾਈ ਗਈ ਮੰਤਰੀ ਮੰਡਲ ਦੀ ਵਿਸ਼ੇਸ਼ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਹੁਲਾਰਾ ਦੇਣ ਲਈ ਪਹਿਲਾਂ ਹੀ ਕਈ ਨਿਵੇਸ਼ਕ ਪੱਖੀ ਪਹਿਲਕਦਮੀਆਂ ਅਤੇ ਰਿਆਇਤਾਂ ਨੂੰ ਪ੍ਰਵਾਨਗੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜੀਐਸਟੀ ਅਤੇ ਵੈਟ ਦੀ ਬਿਨਾਂ ਹਾਜ਼ਰ ਹੋਏ ਮੁਲਾਂਕਣ ਦੀ ਇਜਾਜ਼ਤ ਦੇ ਦਿੱਤੀ ਹੈ, ਜਿਸ ਕਾਰਨ ਹੁਣ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਟੈਕਸ ਅਫਸਰਾਂ ਅੱਗੇ ਆਪਣੇ ਆਪ ਨੂੰ ਪੇਸ਼ ਕਰਨ ਦੀ ਲੋੜ ਨਹੀਂ ਹੈ। ਸ. ਚੰਨੀ ਨੇ ਅੱਗੇ ਕਿਹਾ ਕਿ ਕਰ ਵਿਭਾਗ ਵਿੱਚ ਪਹਿਲਾਂ 14 ਵਿਅਕਤੀਆਂ ਵਾਲੀ ਮੋਬਾਈਲ ਸਕੁਐਡ ਨੂੰ ਵੀ ਘਟਾ ਕੇ ਸਿਰਫ਼ ਚਾਰ ਵਿਅਕਤੀਆਂ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ 2011 ਤੋਂ ਪ੍ਰਚਲਿਤ ਸੰਸਥਾਗਤ ਟੈਕਸ ਵੀ ਖ਼ਤਮ ਕਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ (ਪੀਐਸਆਈਡੀਸੀ), ਪੰਜਾਬ ਵਿੱਤੀ ਨਿਗਮ (ਪੀਐਫਸੀ) ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਪੀਏਆਈਸੀ) ਵਿੱਚ ਡਿਫਾਲਟਰਾਂ ਲਈ ਯਕਮੁਸ਼ਤ (ਓ.ਟੀ.ਐਸ.) ਸਕੀਮ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਇਸੇ ਤਰ੍ਹਾਂ ਮੁੱਖ ਮੰਤਰੀ ਸ. ਚੰਨੀ ਨੇ ਇਹ ਵੀ ਕਿਹਾ ਕਿ ਪੰਜਾਬ ਸਟੇਟ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ.) ਦੇ ਪਲਾਟ ਧਾਰਕਾਂ ਲਈ ਮੁਆਫ਼ੀ ਸਕੀਮ ਵੀ ਸ਼ੁਰੂ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦਰਮਿਆਨੇ ਉਦਯੋਗਾਂ ਲਈ ਬਿਜਲੀ ਕੁਨੈਕਸ਼ਨਾਂ ‘ਤੇ ਫਿਕਸਡ ਚਾਰਜਿਜ਼ ਨੂੰ ਘਟਾ ਕੇ 50 ਫੀਸਦੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਦਯੋਗਿਕ ਫੋਕਲ ਪੁਆਇੰਟਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 150 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇੱਕ ਹੋਰ ਨਿਵੇਸ਼ਕ ਪੱਖੀ ਪਹਿਲਕਦਮੀ ਵਿੱਚ ਸ. ਚੰਨੀ ਨੇ ਉਦਯੋਗਪਤੀਆਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਆਪਣੀਆਂ ਯੂਨਿਟਾਂ ਸਥਾਪਤ ਕਰਨ ਲਈ ਉਤਸ਼ਾਹਿਤ ਕਰਨ ਹਿੱਤ ਉਦਯੋਗ ਨੂੰ ਮੌਜੂਦਾ 6 ਕਰਮਾਂ ਤੋਂ ਘਟਾ ਕੇ 4 ਕਰਮਾਂ ਤੱਕ ਕਰਨ ਲਈ ਸ਼ਰਤ ਵਿੱਚ ਢਿੱਲ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦ ਹੀ ਚੇਂਜ ਆਫ਼ ਲੈਂਡ ਯੂਜ਼ ਪ੍ਰਕਿਰਿਆ ਨੂੰ ਸਰਲ ਬਣਾਵੇਗੀ ਤਾਂ ਜੋ ਉੱਦਮੀਆਂ ਅਤੇ ਉਦਯੋਗਪਤੀਆਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਆਪਣੇ ਉੱਦਮ ਸਥਾਪਤ ਕਰਨ ਲਈ ਸਹੂਲਤ ਦਿੱਤੀ ਜਾ ਸਕੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਪੱਟੀ-ਮੱਖੂ ਰੇਲ ਲਿੰਕ ਲਈ ਲੋੜੀਂਦੀ ਜ਼ਮੀਨ ਐਕੁਆਇਰ ਕਰੇਗੀ ਅਤੇ ਆਉਣ ਵਾਲੇ ਬਜਟ ਤੋਂ ਪਹਿਲਾਂ ਭਾਰਤ ਸਰਕਾਰ ਦੇ ਰੇਲਵੇ ਮੰਤਰਾਲੇ ਨੂੰ ਸੌਂਪੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਹੱਦ ਪਾਰੋਂ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਵਿਖੇ ਪ੍ਰਦਰਸ਼ਨੀ ਕੇਂਦਰ ਸਥਾਪਿਤ ਕੀਤਾ ਜਾਵੇਗਾ।
ਸ. ਚੰਨੀ ਨੇ ਇਹ ਵੀ ਕਿਹਾ ਕਿ ਇਸ ਖੇਤਰ ਵਿੱਚ ਮਨੋਰੰਜਨ ਸਬੰਧੀ ਉਦਯੋਗ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਪੰਜਾਬੀ ਕਲਾ, ਸੱਭਿਆਚਾਰ ਅਤੇ ਸੰਗੀਤ ਨੂੰ ਉਤਸ਼ਾਹਿਤ ਕਰਨ ਲਈ ਚੰਡੀਗੜ੍ਹ ਨੇੜੇ ਇੱਕ ਫਿਲਮ ਸਿਟੀ ਸਥਾਪਤ ਕਰੇਗੀ।
ਆਪਣੇ ਸੰਬੋਧਨ ਵਿੱਚ ਉਦਯੋਗ ਮੰਤਰੀ ਸ. ਗੁਰਕੀਰਤ ਸਿੰਘ ਕੋਟਲੀ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਚੰਨੀ ਦੀ ਦੂਰਅੰਦੇਸ਼ੀ ਅਗਵਾਈ ਸਦਕਾ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਉਦਯੋਗਿਕ ਗਤੀਵਿਧੀਆਂ ਦੇ ਕੇਂਦਰ ਵਜੋਂ ਉੱਭਰਿਆ ਹੈ।
ਉਦਯੋਗ ਮੰਤਰੀ ਨੇ ਕਿਹਾ ਕਿ ਲੁਧਿਆਣਾ ਉਦਯੋਗਿਕ ਗਤੀਵਿਧੀਆਂ ਦੇ ਹੱਬ ਵਜੋਂ ਉਭਰੇਗਾ। ਉਹਨਾਂ ਕਿਹਾ ਕਿ ਕਾਰੋਬਾਰ ਕਰਨ ਵਿੱਚ ਆਸਾਨੀ ਅਤੇ ਨਿਵੇਸ਼ ਪੰਜਾਬ ਨੂੰ ਨਿਵੇਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਸ. ਕੋਟਲੀ ਨੇ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਵਚਨਬੱਧ ਹੈ।
ਇਸ ਮੌਕੇ ਧੰਨਵਾਦ ਕਰਦਿਆਂ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੇ ਉਦਯੋਗ ਨੂੰ ਨਵੀਂ ਸਿਖਰ ‘ਤੇ ਲਿਜਾਣ ਲਈ ਮੁੱਖ ਮੰਤਰੀ ਦੀ ਦੂਰਦਰਸ਼ੀ ਅਤੇ ਨਿਵੇਸ਼ਕ ਪੱਖੀ ਪਹੁੰਚ ਦੀ ਸ਼ਲਾਘਾ ਕੀਤੀ।
ਇਸ ਦੌਰਾਨ, ਮਲਹੋਤਰਾ ਗਰੁੱਪ ਦੀ ਚੇਅਰਪਰਸਨ ਮੀਨੂੰ ਮਲਹੋਤਰਾ ਨੇ ਰੀਅਲ ਅਸਟੇਟ ਸੈਕਟਰ ਵਿੱਚ 1600 ਕਰੋੜ ਰੁਪਏ ਦੇ ਨਿਵੇਸ਼ ਦੀ ਪੁਸ਼ਟੀ ਕੀਤੀ ਅਤੇ ਵਰਧਮਾਨ ਟੈਕਸਟਾਈਲ ਦੇ ਵਾਈਸ ਚੇਅਰਮੈਨ ਅਤੇ ਐਮਡੀ ਸੁਚਿਤਾ ਓਸਵਾਲ ਜੈਨ ਨੇ ਸੂਬੇ ਵਿੱਚ ਆਪਣੀ ਕੰਪਨੀ ਦੀਆਂ 400 ਕਰੋੜ ਰੁਪਏ ਦੀਆਂ ਵਿਸਤਾਰ ਯੋਜਨਾਵਾਂ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਇੰਟਰਨੈਸ਼ਨਲ ਟਰੈਕਟਰਜ਼ ਦੇ ਉਪ ਪ੍ਰਧਾਨ ਸ੍ਰੀ ਏ.ਐਸ. ਮਿੱਤਲ ਨੇ ਸੂਬੇ ਵਿੱਚ ਇੱਕ ਹੋਰ ਅਤਿ ਆਧੁਨਿਕ ਟਰੈਕਟਰ ਫੈਕਟਰੀ ਸਥਾਪਤ ਕਰਨ ਦਾ ਐਲਾਨ ਕੀਤਾ। ਪੀ.ਐਚ.ਡੀ ਚੈਂਬਰ ਦੇ ਪੰਜਾਬ ਦੇ ਕੋ-ਚੇਅਰਮੈਨ ਅਤੇ ਪਲਾਕਸ਼ਾ ਯੂਨੀਵਰਸਿਟੀ ਦੇ ਸੰਸਥਾਪਕ ਕਿਰਨ ਗਿਲਹੋਤਰਾ ਨੇ ਲੋਕ ਹਿੱਤ ਵਿੱਚ ਵਿਸ਼ਵ ਭਰ ਤੋਂ 60 ਉਦਯੋਗਪਤੀਆਂ ਵੱਲੋਂ 10 ਸਾਲਾਂ ਵਿਚ 2000 ਕਰੋੜ ਦੇ ਨਿਵੇਸ਼ ਨਾਲ ਪਲਾਕਸ਼ਾ ਦੇ ਸੁਪਨੇ ਸਾਕਾਰ ਕਰਨ ਵਿੱਚ ਸਹਿਯੋਗ ਕਰਨ ਲਈ ਨਿਵੇਸ਼ ਪੰਜਾਬ ਦਾ ਧੰਨਵਾਦ ਕੀਤਾ।
ਪੀਐਚਡੀ ਸੀਸੀਆਈ ਦੇ ਚੇਅਰਮੈਨ ਕਰਨ ਗਿਲਹੋਤਰਾ, ਸੀਆਈਆਈ ਦੇ ਚੇਅਰਮੈਨ ਭਵਦੀਪ ਸਰਦਾਨਾ, ਸੇਵੀ ਇੰਟਰਨੈਸ਼ਨਲ ਲਿਮਟਿਡ ਦੇ ਡਾਇਰੈਕਟਰ ਮੁਕੁਲ ਵਰਮਾ, ਵਿਵਾਚੈਮ ਇੰਟਰਮੀਡੀਏਟਸ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਵਿਜੇ ਗਰਗ, ਵਾਈਬਰਾਕਾਸਟਿਕਸ ਦੇ ਪ੍ਰਧਾਨ ਜਗਮਿੰਦਰ ਸਿੰਘ ਬਾਵਾ, ਸਨਜਿਨ ਇੰਡੀਆ ਜੀਨੋ ਪਾਰਕ ਦੇ ਐਮਡੀ, ਪ੍ਰਧਾਨ, ਸੀਆਈਸੀਯੂ ਉਪਕਾਰ ਸਿੰਘ ਆਹੂਜਾ, ਗਰੁੱਪ ਚੇਅਰਮੈਨ, ਮਲਹੋਤਰਾ ਗਰੁੱਪ ਮੀਨੂੰ ਮਲਹੋਤਰਾ, ਡਿਵੈਲਪਮੈਂਟ ਸੈਂਟਰ ਹੈੱਡ, ਇਨਫੋਸਿਸ ਸਮੀਰ ਗੋਇਲ, ਵਾਈਸ-ਚੇਅਰਮੈਨ ਅਤੇ ਐਮਡੀ ਨਾਹਰ ਇੰਡਸਟਰੀਜ਼ ਵਰਧਮਾਨ ਟੈਕਸਟਾਈਲ ਕਮਲ ਓਸਵਾਲ ਅਤੇ ਵਾਈਸ ਪ੍ਰੈਜ਼ੀਡੈਂਟ, ਇੰਟਰਨੈਸ਼ਨਲ ਟਰੈਕਟਰ ਲਿਮਟਿਡ ਏ.ਐੱਸ. ਮਿੱਤਲ ਨੇ ਆਪਣੀਆਂ ਸਫਲਤਾ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ ਅਤੇ ਸੂਬੇ ਵਿੱਚ ਆਰਥਿਕ ਪੁਨਰ-ਉਥਾਨ ਦਾ ਇੱਕ ਨਵਾਂ ਅਧਿਆਏ ਲਿਖਣ ਲਈ ਮੁੱਖ ਮੰਤਰੀ ਸ. ਚੰਨੀ ਦੀ ਦੂਰਅੰਦੇਸ਼ੀ ਪਹੁੰਚ ਅਧੀਨ ਉਦਯੋਗਿਕ ਵਿਕਾਸ ਵਿੱਚ ਪਾਏ ਗਏ ਵੱਡੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਮੌਕੇ ਮੁੱਖ ਮੰਤਰੀ ਨੇ ਸੂਬਾ ਭਰ ਵਿੱਚ ਨਿਵੇਸ਼ ਪੰਜਾਬ ਦੇ ਜ਼ਿਲ੍ਹਾ ਪੱਧਰੀ ਦਫਤਰਾਂ ਦਾ ਡਿਜੀਟਲ ਤੌਰ ਉੱਤੇ ਉਦਘਾਟਨ ਕੀਤਾ। ਉਹਨਾਂ ਨੇ ਨਿਵੇਸ਼ ਪੰਜਾਬ ਵੱਲੋਂ ਕੀਤਿਆਂ ਪਹਿਲਕਦਮੀਆਂ ਨੂੰ ਦਰਸਾਉਂਦਾ ਕਿਤਾਬਚਾ ਵੀ ਜਾਰੀ ਕੀਤਾ ਤਾਂ ਕਿ ਵਪਾਰ ਦੇ ਵਿਆਪਕ ਵਿਕਾਸ ਨੂੰ ਹੁਲਾਰਾ ਮਿਲ ਸਕੇ।
ਇਸ ਸੰਮੇਲਨ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਵਿਅਕਤੀਆਂ ਵਿੱਚ ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ, ਕੈਬਨਿਟ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ, ਸ੍ਰੀ ਗੁਰਕੀਰਤ ਸਿੰਘ ਕੋਟਲੀ, ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ੍ਰੀ ਵਿਜੈ ਇੰਦਰ ਸਿੰਗਲਾ, ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਸ੍ਰੀ ਕੁਲਦੀਪ ਸਿੰਘ ਵੈਦ, ਵਿਧਾਇਕ ਸ੍ਰੀ ਰਾਕੇਸ਼ ਪਾਂਡੇ, ਸ੍ਰੀ ਸੰਜੇ ਤਲਵਾੜ, ਸ੍ਰੀ ਲਖਬੀਰ ਸਿੰਘ ਲੱਖਾ, ਸ੍ਰੀ ਸੁਰਿੰਦਰ ਡਾਵਰ ਅਤੇ ਸ੍ਰੀ ਅਮਰੀਕ ਸਿੰਘ ਢਿੱਲੋਂ ਸ਼ਾਮਲ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਕੇ. ਯਾਦਵ, ਪ੍ਰਮੁੱਖ ਸਕੱਤਰ ਉਦਯੋਗ ਸ੍ਰੀ ਤੇਜਵੀਰ ਸਿੰਘ, ਨਿਵੇਸ਼ ਪੰਜਾਬ ਦੇ ਸੀਈਓ ਸ੍ਰੀ ਰਜਤ ਅਗਰਵਾਲ ਵੀ ਹਾਜ਼ਰ ਸਨ।