ਜਲੰਧਰ, 16 ਨਵੰਬਰ (ਨਿਊਜ਼ ਹੰਟ)- ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਅੰਜਨਾ ਪਵਾਰ ਵੱਲੋਂ ਅੱਜ ਸਰਕਟ ਹਾਊਸ, ਜਲੰਧਰ ਵਿਖੇ ਜ਼ਿਲ੍ਹੇ ਨਾਲ ਸਬੰਧਤ ਅਧਿਕਾਰੀਆਂ, ਨਗਰ ਕੌਂਸਲਾਂ ਦੇ ਅਫ਼ਸਰਾਂ ਤੇ ਸਫ਼ਾਈ ਕਰਮਚਾਰੀਆਂ ਦੇ ਨੁਮਾਇੰਦਿਆਂ ਨਾਲ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਸਿੰਘ ਬੈਂਸ, ਜੁਆਇੰਟ ਕਮਿਸ਼ਨਰ ਨਗਰ ਨਿਗਮ, ਜਲੰਧਰ ਅਮਿਤ ਸਰੀਨ ਵੀ ਮੌਜੂਦ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅੰਜਨਾ ਪਵਾਰ ਨੇ ਕਿਹਾ ਕਿ ਮੀਟਿੰਗ ਦਾ ਉਦੇਸ਼ ਸਾਰੇ ਸਬੰਧਤ ਅਧਿਕਾਰੀਆਂ ਨਾਲ ਸਫ਼ਾਈ ਸੇਵਕਾਂ ਦੇ ਮਸਲਿਆਂ ਬਾਰੇ ਗੱਲਬਾਤ ਕਰਕੇ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਜ ਦੇ ਕਮਜ਼ੋਰ ਵਰਗਾਂ ਖਾਸ ਕਰਕੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋੜਵੰਦਾਂ ਤਕ ਪੁੱਜਦਾ ਕੀਤਾ ਜਾਵੇ ਅਤੇ ਸਫ਼ਾਈ ਸੇਵਕਾਂ ਨੂੰ ਬਿਹਤਰ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਸਫ਼ਾਈ ਸੇਵਕਾਂ ਲਈ ਢੁੱਕਵਾਂ ਤੇ ਬਿਹਤਰ ਮਾਹੌਲ ਬਣਾਉਣ ਅਤੇ ਉਚਿਤ ਟੀਕਾਕਰਨ ਉਤੇ ਜ਼ੋਰ ਦਿੱਤਾ ਕਿਉਂਕਿ ਸਫ਼ਾਈ ਸੇਵਕ ਨੂੰ ਬਿਮਾਰੀਆਂ ਦਾ ਸਭ ਤੋਂ ਜ਼ਿਆਦਾ ਖ਼ਤਰਾ ਰਹਿੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮੇਂ-ਸਮੇਂ ਸਿਰ ਸਫਾਈ ਕਰਮਚਾਰੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਨਿਯਮਤ ਮੈਡੀਕਲ ਜਾਂਚ ਹੋਣੀ ਯਕੀਨੀ ਬਣਾਈ ਜਾਵੇ ਅਤੇ ਹਰੇਕ ਕਰਮਚਾਰੀ ਦੇ ਸ਼ਨਾਖਤੀ ਕਾਰਡ ‘ਚ ਬਲੱਡ ਗਰੁੱਪ ਜ਼ਰੂਰੀ ਲਿਖਿਆ ਜਾਵੇ।
ਮੀਟਿੰਗ ਦੌਰਾਨ ਕਮਿਸ਼ਨ ਮੈਂਬਰ ਨੇ ਸਫ਼ਾਈ ਕਰਮਚਾਰੀਆਂ ਦੇ ਨੁਮਾਇੰਦਿਆਂ ਨਾਲ ਦੀਆਂ ਸਮੱਸਿਆਵਾਂ ਸੁਣੀਆਂ ਤੇ ਜਲਦੀ ਇਨ੍ਹਾਂ ਮੁਸ਼ਕਲਾਂ ਦੇ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਫ਼ਾਈ ਕਾਮਿਆਂ ਨੂੰ ਰਾਜ ਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਗਰੂਕ ਕਰਨ ਦੇ ਨਿਰਦੇਸ਼ ਵੀ ਦਿੱਤੇ ।
ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹੇ ‘ਚ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ ਅਤੇ ਕਮਿਸ਼ਨ ਦੀਆਂ ਹਦਾਇਤਾਂ ਦੀ ਜ਼ਿਲ੍ਹੇ ਅੰਦਰ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।
ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਸਫ਼ਾਈ ਕਰਮਚਾਰੀਆਂ ਦੇ ਨੁਮਾਇੰਦੇ ਮੌਜੂਦ ਸਨ।
