ਹੁਸ਼ਿਆਰਪੁਰ, 19 ਜਵਨਰੀ (ਨਿਊਜ਼ ਹੰਟ)- ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗੇਤੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਸ੍ਰੀਮਤੀ ਰਿਆਤ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 26 ਜਨਵਰੀ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਈ ਜਾਵੇ, ਤਾਂ ਜੋ ਕਿਸੇ ਕਿਸਮ ਦੀ ਕੋਈ ਕਮੀ ਪੇਸ਼ੀ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਊਣਤਾਈ ਸਹਿਣਯੋਗ ਨਹੀਂ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਘਰ ਜਾ ਕੇ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਸਨਮਾਨ ਗਣਤੰਤਰ ਦਿਵਸ ਤੋਂ ਇਕ ਦਿਨ ਪਹਿਲਾਂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਦਿਹਾੜੇ ’ਤੇ ਵਿਲੱਖਣ ਪ੍ਰਾਪਤੀ ਵਾਲੀਆਂ ਸਖਸ਼ੀਅਤਾਂ ਨੂੰ ਵੀ ਸਨਮਾਨਿਆ ਜਾਵੇਗਾ, ਜਿਸ ਲਈ ਵਿਭਾਗਾਂ ਦੇ ਮੁਖੀ ਆਪਣੇ ਅਧੀਨ ਵਧੀਆ ਸੇਵਾਵਾਂ ਨਿਭਾਅ ਰਹੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਲਿਸਟਾਂ ਸਮੇਂ ਸਿਰ ਸਬੰਧਤ ਦਫ਼ਤਰ ਪਹੁੰਚਾਉਣ। ਉਨ੍ਹਾਂ ਗਣਤੰਤਰ ਦਿਵਸ ’ਤੇ ਜਿਥੇ ਜ਼ਿਲ੍ਹਾ ਪੁਲਿਸ ਨੂੰ ਸੁਰੱਖਿਆ ਪ੍ਰਬੰਧਾਂ ਸਬੰਧੀ ਉਚਿਤ ਬੰਦੋਬਸਤ ਕਰਨ ਲਈ ਕਿਹਾ, ਉਥੇ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ।
ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਗਣਤੰਤਰ ਦਿਵਸ ’ਤੇ ਡਿਊਟੀ ਨਿਭਾਉਣ ਵਾਲੇ ਸਟਾਫ਼ ਦਾ ਕੋਵਿਡ ਟੀਕਾਕਰਨ ਮੁਕੰਮਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮਾਗਮ ਵਾਲੇ ਸਥਾਨ ’ਤੇ ਸਾਫ-ਸਫਾਈ, ਪੀਣ ਵਾਲੇ ਪਾਣੀ, ਆਰਜ਼ੀ ਟੁਆਇਲਟ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਮੈਡੀਕਲ ਟੀਮ ਤਾਇਨਾਤ ਕਰਨ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਸਮਾਗਮ ਦੌਰਾਨ ਕੀਤੇ ਜਾਣ ਵਾਲੇ ਮਾਰਚ ਪਾਸਟ ਲਈ ਪੁਲਿਸ ਟੁਕੜੀਆਂ ਦਾ ਉਚੇਚਾ ਅਭਿਆਸ ਕਰਵਾਉਣ ਲਈ ਵੀ ਆਖਿਆ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ੍ਰੀ ਸੰਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ, ਐਸ.ਪੀ. ਸ੍ਰੀ ਅਸ਼ਵਨੀ ਕੁਮਾਰ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਸ਼ਿਵਰਾਜ ਸਿੰਘ ਬੱਲ, ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਸ੍ਰੀ ਸੁਖਵਿੰਦਰ ਸਿੰਘ ਬਰਾੜ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਸਰਬਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।