ਹੁਸ਼ਿਆਰਪੁਰ, 28 ਜਨਵਰੀ (ਨਿਊਜ਼ ਹੰਟ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਨਾਮਜ਼ਦਗੀਆਂ ਦੇ ਤੀਜੇ ਦਿਨ ਅੱਜ 10 ਉਮੀਦਵਾਰਾਂ ਵਲੋਂ ਵਿਧਾਨ ਸਭਾ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 039-ਮੁਕੇਰੀਆਂ ਲਈ ਭਾਰਤੀ ਜਨਤਾ ਪਾਰਟੀ ਵਲੋਂ ਸ਼੍ਰੀ ਜੰਗੀ ਲਾਲ ਮਹਾਜਨ ਅਤੇ ਸ਼੍ਰੀ ਮਹੇਸ਼ਵਰ ਸਿੰਘ ਤੋਂ ਇਲਾਵਾ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਸ਼੍ਰੀ ਗੁਰਵਤਨ ਸਿੰਘ ਨੇ ਨਾਮਜ਼ਦਗੀ ਪੱਤਰ ਭਰੇ ਹਨ। ਉਨ੍ਹਾਂ ਦੱਸਿਆ ਕਿ 040-ਦਸੂਹਾ ਵਿਧਾਨ ਸਭਾ ਹਲਕੇ ਲਈ ਭਾਰਤੀ ਜਨਤਾ ਪਾਰਟੀ ਵਲੋਂ ਸ੍ਰੀ ਰਘੁਨਾਥ ਸਿੰਘ ਰਾਣਾ ਅਤੇ ਸ਼੍ਰੀਮਤੀ ਪਰੋਮਿਲਾ ਰਾਣਾ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ, ਜਦਕਿ ਵਿਧਾਨ ਸਭਾ ਹਲਕਾ 041-ਉੜਮੁੜ ਲਈ ਆਮ ਆਦਮੀ ਪਾਰਟੀ ਵਲੋਂ ਸ੍ਰੀ ਜਸਵੀਰ ਸਿੰਘ ਗਿੱਲ ਅਤੇ ਸ਼੍ਰੀ ਗੁਰਵਿੰਦਰ ਸਿੰਘ, 043-ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਲਈ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਸ਼੍ਰੀ ਰਾਜਵੀਰ ਸਿੰਘ ਨੇ ਕਾਗਜ਼ ਦਾਖਲ ਕਰਵਾਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 044-ਚੱਬੇਵਾਲ ਲਈ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਸ਼੍ਰੀ ਸੋਹਣ ਸਿੰਘ ਠੰਡਲ ਅਤੇ ਵਿਧਾਨ ਸਭਾ ਹਲਕਾ 045-ਗੜ੍ਹਸ਼ੰਕਰ ਲਈ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਸ਼੍ਰੀ ਅਵਤਾਰ ਸਿੰਘ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ 042-ਸ਼ਾਮਚੁਰਾਸੀ ਲਈ ਕੋਈ ਵੀ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਹੋਇਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਮਜ਼ਦਗੀਆਂ ਦੇ ਦੂਜੇ ਦਿਨ 8 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਸਨ, ਜਿਸ ਸਦਕਾ ਹੁਣ ਤੱਕ 18 ਨਾਮਜ਼ਦਗੀਆਂ ਦਾਖਲ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਉਮੀਦਵਾਰ ਸਮੇਤ ਸਿਰਫ਼ ਤਿੰਨ ਵਿਅਕਤੀਆਂ ਨੂੰ ਰਿਟਰਨਿੰਗ ਅਫ਼ਸਰ ਦੇ ਕਮਰੇ ਵਿਚ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ, ਜਿਥੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ 1 ਫਰਵਰੀ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ, ਜਦਕਿ 30 ਜਨਵਰੀ ਨੂੰ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਕੀਤੇ ਜਾਣਗੇ। ਇਸ ਤੋਂ ਇਲਾਵਾ 29 ਜਨਵਰੀ ਦਿਨ ਸ਼ਨੀਵਾਰ ਨੂੰ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰ ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ ਨੂੰ ਸਵੇਰੇ 11 ਵਜੇ ਹੋਵੇਗੀ ਅਤੇ ਨਾਮਜ਼ਦਗੀ ਪੱਤਰ 4 ਫਰਵਰੀ 2022 ਨੂੰ ਬਾਅਦ ਦੁਪਹਿਰ 3 ਵਜੇ ਤੋਂ ਪਹਿਲਾਂ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਾਂ 20 ਫਰਵਰੀ 2022 ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਕੀਤੀ ਜਾਵੇਗੀ।
ਸ੍ਰੀਮਤੀ ਰਿਆਤ ਨੇ ਦੱਸਿਆ ਕਿ ਚੱਬੇਵਾਲ ਵਿਧਾਨ ਸਭਾ ਹਲਕੇ ਲਈ ਕਮਰਾ ਨੰਬਰ 111 ਕੋਰਟ ਰੂਮ (ਦਫ਼ਤਰ, ਵਧੀਕ ਡਿਪਟੀ ਕਮਿਸ਼ਨਰ, ਜਨਰਲ) ਪਹਿਲੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਮੁਕੇਰੀਆਂ ਲਈ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ ਗਰਾਊਂਡ ਫਲੋਰ ਮੁਕੇਰੀਆਂ, ਵਿਧਾਨ ਸਭਾ ਹਲਕਾ ਦਸੂਹਾ ਲਈ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ ਦਸੂਹਾ, ਵਿਧਾਨ ਸਭਾ ਹਲਕਾ ਉੜਮੁੜ ਲਈ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹੁਸ਼ਿਆਰਪੁਰ, ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਲਈ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ (ਸਵਾਮੀ ਵਿਵੇਕਾਨੰਦ ਭਵਨ, ਨਿਊ ਧੋਬੀਘਾਟ ਚੌਕ), ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਲਈ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ, ਹੁਸ਼ਿਆਰਪੁਰ ਅਤੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਲਈ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ, ਗੜ੍ਹਸ਼ੰਕਰ ਵਿਖੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾ ਰਹੇ ਹਨ।
ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਉਮੀਦਵਾਰ ਵਲੋਂ ਨਵੀਨਤਮ ਫਾਰਮ 26, ਹਲਫੀਆ ਬਿਆਨ ਆਨਲਾਈਨ ਵੀ ਭਰਿਆ ਜਾ ਸਕਦਾ ਹੈ। ਮੁੱਖ ਚੋਣ ਅਫ਼ਸਰ ਜਾਂ ਜ਼ਿਲ੍ਹਾ ਚੋਣ ਅਫ਼ਸਰ ਦੀ ਵੈਬਸਾਈਟ ਤੋਂ ਇਸ ਦਾ ਪ੍ਰਿੰਟ ਲਿਆ ਜਾ ਸਕਦਾ ਹੈ ਅਤੇ ਨੋਟਰਾਈਜੇਸ਼ਨ ਤੋਂ ਬਾਅਦ ਇਸ ਨੂੰ ਨਾਮਜ਼ਦਗੀ ਫਾਰਮ ਦੇ ਨਾਲ ਰਿਟਰਨਿੰਗ ਅਫ਼ਸਰ ਕੋਲ ਜਮ੍ਹਾਂ ਕਰਵਾਇਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਜਨਰਲ ਵਰਗ ਲਈ ਦਾਖਲਾ ਫੀਸ 10,000 ਰੁਪਏ ਅਤੇ ਰਾਖਵੀਂ ਸ਼੍ਰੇਣੀ (ਐਸ.ਸੀ., ਐਸ.ਟੀ.) ਲਈ ਦਾਖਲਾ ਫੀਸ 5000 ਰੁਪਏ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰ ਵਲੋਂ ਵੱਧ ਤੋਂ ਵੱਧ 40 ਲੱਖ ਰੁਪਏ ਤੱਕ ਖਰਚ ਕੀਤਾ ਜਾ ਸਕਦਾ ਹੈ।