ਹੁਸ਼ਿਆਰਪੁਰ, 28 ਜਨਵਰੀ (ਨਿਊਜ਼ ਹੰਟ)-ਕੌਫੀ ਵਿਦ ਡੀ.ਈ.ਓ. ਪ੍ਰੋਗਰਾਮ ਤਹਿਤ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਕੈਂਪਸ ਅੰਬੈਸਡਰਾਂ ਅਤੇ ਸਵੀਪ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਨੌਜਵਾਨ ਵੋਟਰਾਂ ਸਮੇਤ ਅੰਗਹੀਣਾਂ ਅਤੇ ਬਜ਼ੁਰਗਾਂ ਦੀ ਵੋਟਰ ਸ਼ਮੂਲੀਅਤ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਕਿ ਜ਼ਿਲ੍ਹੇ ਦੇ ਸਮੂਹ ਵੋਟਰ ਜਾਗਰੂਕ ਹੋ ਕਿ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੋਲਿੰਗ ਬੂਥਾਂ ‘ਤੇ ਜ਼ਰੂਰ ਪਹੁੰਚਣ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਵਿੱਚ ਕੈਂਪਸ ਅੰਬੈਸਡਰ ਅਤੇ ਸਵੀਪ ਨੋਡਲ ਅਫਸਰਾਂ ਦੀ ਵਿਸ਼ੇਸ਼ ਭੂਮਿਕਾ ਹੁੰਦੀ ਹੈ।ਉਨ੍ਹਾਂ ਕਿਹਾ ਕਿ ਸਵੀਪ ਗਤੀਵਿਧੀਆਂ ਰਾਹੀਂ ਕੈਂਪਸ ਅੰਬੈਸਡਰਾਂ ਨੇ 18-19 ਸਾਲ ਦੀ ਉਮਰ ਦੇ ਨੌਜਵਾਨਾਂ ਦੀਆਂ ਵੋਟਾਂ ਬਣਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਹੁਣ ਉਨ੍ਹਾਂ ਨੂੰ ਚੋਣਾਂ ਵਿੱਚ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਵੀ ਸਾਡੀ ਜ਼ਿੰਮੇਵਾਰੀ ਹੈ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਵਿੱਚ ਸਭ ਤੋਂ ਵੱਧ ਵੋਟਾਂ ਕਰਵਾਉਣ ਵਾਲੇ ਕੈਂਪਸ ਅੰਬੈਸਡਰ ਨੂੰ ਚੋਣ ਕਮਿਸ਼ਨ ਵੱਲੋਂ ਬੈਸਟ ਕੈਂਪਸ ਅੰਬੈਸਡਰ ਦੇ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ ਅਤੇ ਪਹਿਲੇ, ਦੂਜੇ ਅਤੇ ਤੀਜੇ ਨੰਬਰ ’ਤੇ ਆਉਣ ਵਾਲੇ ਬੈਸਟ ਕੈਂਪਸ ਅੰਬੈਸਡਰ ਨੂੰ ਕ੍ਰਮਵਾਰ 11 ਹਜ਼ਾਰ ਰੁਪਏ, 7100 ਰੁਪਏ ਅਤੇ 5100 ਰੁਪਏ ਇਨਾਮ ਵਜੋਂ ਦਿੱਤੇ ਜਾਣਗੇ । ਉਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਲਾਲਚ ਤੋਂ ਮਤਦਾਨ ਕਰਵਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸਾਡੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਹੈ। ਜੇਕਰ ਅਸੀਂ ਵੋਟ ਨਹੀਂ ਕਰਦੇ, ਤਾਂ ਸਾਨੂੰ ਸ਼ਿਕਾਇਤ ਕਰਨ ਦਾ ਅਧਿਕਾਰ ਵੀ ਨਹੀਂ ਹੈ। ਇਸ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ 20 ਫਰਵਰੀ ਨੂੰ ਰਿਕਾਰਡ ਤੋੜ ਵੋਟਿੰਗ ਕਰਵਾ ਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕਰਨ।
ਸ਼੍ਰੀਮਤੀ ਅਪਨੀਤ ਰਿਆਤ ਨੇ ਸਾਰੇ ਕੈਂਪਸ ਅੰਬੈਸਡਰਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਆਪਣੇ ਆਪਣੇ ਮੋਬਾਈਲਾਂ ਵਿੱਚ “ਨੋ ਯੂਅਰ ਕੈਂਡੀਡੇਟ ਐਪ” ਨੂੰ ਡਾਊਨਲੋਡ ਕਰਨਾ ਚਾਹੀਦਾ ਹੈ ਅਤੇ ਦੂਜਿਆਂ ਨੂੰ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਐਪ ਰਾਹੀਂ ਉਹ ਆਪਣੇ ਅਤੇ ਹੋਰ ਖੇਤਰਾਂ ਦੇ ਉਮੀਦਵਾਰਾਂ ਬਾਰੇ ਸਾਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ । ਉਨ੍ਹਾਂ ਦੱਸਿਆ ਕਿ 20 ਫਰਵਰੀ ਨੂੰ ਪੋਲਿੰਗ ਬੂਥ ‘ਤੇ ਪਹਿਲਾਂ ਵੋਟ ਪਾਉਣ ਵਾਲੇ ਨੌਜਵਾਨ ਵੋਟਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਨਾਲ ਨਾਲ ਵੱਖ-ਵੱਖ ਰੈਸਟੋਰੈਂਟਾਂ, ਜਿੰਮਾਂ ਆਦਿ ਲਈ ਡਿਸਕਾਊਂਟ ਕੂਪਨ ਵੀ ਦਿੱਤੇ ਜਾਣਗੇ।ਇਸ ਮੌਕੇ ਸਵੀਪ ਨੋਡਲ ਅਫ਼ਸਰ ਪ੍ਰਿੰਸੀਪਲ ਰਚਨਾ ਕੌਰ, ਸਹਾਇਕ ਨੋਡਲ ਅਫ਼ਸਰ ਸ੍ਰੀ ਅਦਿੱਤਿਆ ਮਦਾਨ, ਚੰਦਰ ਪ੍ਰਕਾਸ਼ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।