ਹੁਸ਼ਿਆਰਪੁਰ, 02 ਫਰਵਰੀ (ਨਿਊਜ਼ ਹੰਟ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਦੀਆਂ ਹੱਦਾਂ ਵਿੱਚ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ 20 ਫਰਵਰੀ ਨੂੰ ਵੋਟਿੰਗ ਪ੍ਰਕਿਰਿਆ ਦੀ ਸਮਾਪਤੀ ਤੱਕ ਡਰਾਈ ਡੇਅ ਦਾ ਐਲਾਨ ਕੀਤਾ ਹੈ ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਸ਼ਰਾਬ ਦੇ ਠੇਕੇ ਬੰਦ ਰੱਖਣ ਅਤੇ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਸਟੋਰ ਕਰਨ ਅਤੇ ਵੇਚਣ ‘ਤੇ ਮੁਕੰਮਲ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ‘ਤੇ ਵੀ ਪੂਰੀ ਤਰ੍ਹਾਂ ਲਾਗੂ ਹੋਵੇਗਾ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਪੱਤਰ ਵਿੱਚ ਦਰਜ ਹਦਾਇਤਾਂ ਅਨੁਸਾਰ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ 20 ਫਰਵਰੀ ਨੂੰ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਆਦਿ ਦੀ ਵਿਕਰੀ, ਸਟੋਰ ਕਰਨ ‘ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।
ਇਨ੍ਹਾਂ ਹਦਾਇਤਾਂ ਅਨੁਸਾਰ ਵੋਟਾਂ ਪਾਉਣ ਦੇ ਲਈ ਨਿਰਧਾਰਤ ਸਮਾਂ ਖਤਮ ਹੋਣ ਤੋਂ 48 ਘੰਟੇ ਪਹਿਲਾਂ ਇਹ ਪਾਬੰਦੀ ਸ਼ੁਰੂ ਹੋ ਕੇ ਵੋਟਾਂ ਵਾਲੇ ਦਿਨ ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੱਕ ਯਾਨੀ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਨੂੰ ਵੋਟਿੰਗ ਪ੍ਰਕਿਰਿਆ ਖਤਮ ਹੋਣ ਤੱਕ ਰਹੇਗੀ ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਨੂੰ ਡਰਾਈ ਡੇਅ ਐਲਾਨਿਆ ਗਿਆ ਹੈ।