ਹੁਸ਼ਿਆਰਪੁਰ, 16 ਫਰਵਰੀ (ਨਿਊਜ਼ ਹੰਟ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 7 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਅਤੇ ਸੈਕਟਰ ਅਫਸਰਾਂ ਤੋਂ ਇਲਾਵਾ ਡੀ.ਐਸ.ਪੀਜ਼ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਵੋਟਾਂ ਤੋਂ ਪਹਿਲਾਂ ਅਤੇ ਬਾਅਦ ਵਿਚ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੋਟ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਗੰਭੀਰਤਾ ਅਤੇ ਤਨਦੇਹੀ ਨਾਲ ਡਿਊਟੀ ਨਿਭਾਈ ਜਾਵੇ।
ਸ੍ਰੀਮਤੀ ਰਿਆਤ ਨੇ ਕਿਹਾ ਕਿ ਮਾਡਲ ਪੋਲਿੰਗ ਬੂਥਾਂ, ਪਿੰਕ ਬੂਥਾਂ (ਮਹਿਲਾਵਾਂ ਲਈ) ਸਮੇਤ ਜ਼ਿਲ੍ਹੇ ਦੇ 1563 ਬੂਥਾਂ ’ਤੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਪੰਜਾਬ ਵਿਧਾਨ ਸਭਾ ਚੋਣਾਂ-2022 ਦੀਆਂ 20 ਫਰਵਰੀ ਨੂੰ ਪੈ ਰਹੀਆਂ ਵੋਟਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਰਿਟਰਨਿੰਗ ਅਫਸਰਾਂ ਅਤੇ ਸੈਕਟਰ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ 19 ਫਰਵਰੀ ਨੂੰ ਪੋਲਿੰਗ ਪਾਰਟੀਆਂ ਡਿਸਪੈਚ ਸੈਂਟਰਾਂ ਤੋਂ ਰਵਾਨਾ ਕੀਤੀਆਂ ਜਾਣੀਆਂ ਹਨ, ਇਸ ਲਈ ਇਨ੍ਹਾਂ ਸੈਂਟਰਾਂ ਵਿਚ ਪੋਲਿੰਗ ਪਾਰਟੀਆਂ ਲਈ ਸੁਵਿਧਾਵਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਵੋਟ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਰਵਾਨਾ ਹੋਣ ਵਾਲੀਆਂ ਇਨ੍ਹਾਂ ਪੋਲਿੰਗ ਪਾਰਟੀਆਂ ਦੀ ਖੱਜਲ-ਖੁਆਰੀ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੋਲਿੰਗ ਪਾਰਟੀਆਂ ਅਤੇ ਈ.ਵੀ.ਐਮਜ਼ ਦੀ ਸੁਰੱਖਿਆ ਲਈ ਮੁਲਾਜ਼ਮ ਵੀ ਤਾਇਨਾਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੋਲਿੰਗ ਪਾਰਟੀਆਂ ਰਵਾਨਾ ਕਰਨ ਦੌਰਾਨ ਭੀੜ ਵਰਗਾ ਮਾਹੌਲ ਨਾ ਹੋਵੇ ਅਤੇ ਸੈਂਟਰਾਂ ’ਤੇ ਟਰੇਨਿੰਗ ਦਾ ਕਾਊਂਟਰ ਵੀ ਸਥਾਪਤ ਕੀਤਾ ਜਾਵੇ, ਤਾਂ ਜੋ ਮੌਕੇ ’ਤੇ ਹੀ ਪੋਲਿੰਗ ਪਾਰਟੀਆਂ ਦੇ ਸ਼ੰਕਿਆਂ ਨੂੰ ਦੂਰ ਕੀਤਾ ਜਾ ਸਕੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਪੋਲਿੰਗ ਪਾਰਟੀਆਂ ਦੇ ਬੂਥਾਂ ’ਤੇ ਪਹੁੰਚਣ ਉਪਰੰਤ ਸਬੰਧਤ ਸੈਕਟਰ ਅਫਸਰ ਪੋਲਿੰਗ ਬੂਥਾਂ ਦਾ ਦੌਰਾ ਕਰਕੇ 19 ਫਰਵਰੀ ਦੀ ਰਾਤ ਨੂੰ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ 18, 19 ਅਤੇ 20 ਫਰਵਰੀ ਨੂੰ ਮਾਨਯੋਗ ਭਾਰਤ ਚੋਣ ਕਮਿਸ਼ਨ ਨੂੰ ਭੇਜੀਆਂ ਜਾਣ ਵਾਲੀਆਂ ਵੱਖ-ਵੱਖ ਰਿਪੋਰਟਾਂ ਸਮੇਂ ਸਿਰ ਪੂਰੀ ਗੰਭੀਰਤਾ ਨਾਲ ਭੇਜੀਆਂ ਜਾਣ। ਉਨ੍ਹਾਂ ਕਿਹਾ ਕਿ ਵੋਟ ਪ੍ਰਕਿਰਿਆ ਖਤਮ ਹੋਣ ਉਪਰੰਤ 21 ਫਰਵਰੀ ਨੂੰ ਅਬਜ਼ਰਵਰਾਂ ਵਲੋਂ ਪੜਤਾਲ ਵੀ ਕੀਤੀ ਜਾਵੇਗੀ। ਇਸ ਮੌਕੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਰਿਟਰਨਿੰਗ ਅਫਸਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਿਮਾਂਸ਼ੂ ਜੈਨ, ਚੱਬੇਵਾਲ ਦੇ ਰਿਟਰਨਿੰਗ ਅਫਸਰ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ, ਉੜਮੁੜ ਦੇ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਦਸੂਹਾ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਰਣਦੀਪ ਸਿੰਘ, ਮੁਕੇਰੀਆਂ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਕੰਵਲਜੀਤ ਸਿੰਘ, ਰਿਟਰਨਿੰਗ ਅਫਸਰ ਹੁਸ਼ਿਆਰਪੁਰ ਐਸ.ਡੀ.ਐਮ. ਸ੍ਰੀ ਸ਼ਿਵ ਰਾਜ ਸਿੰਘ ਬੱਲ, ਰਿਟਰਨਿੰਗ ਅਫ਼ਸਰ ਗੜ੍ਹਸ਼ੰਕਰ ਐਸ.ਡੀ.ਐਮ. ਸ੍ਰੀ ਅਰਵਿੰਦ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਅਮਨ ਪਾਲ ਸਿੰਘ, ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ, ਚੋਣ ਕਾਨੂੰਨਗੋ ਦੀਪਕ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।