ਹੁਸ਼ਿਆਰਪੁਰ, 16 ਫਰਵਰੀ (ਨਿਊਜ਼ ਹੰਟ)- ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਜਿਥੇ ਸਵੀਪ ਤਹਿਤ ਵੱਖ-ਵੱਖ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਉਥੇ ਜਾਗਰੂਕਤਾ ਦਾ ਸੁਨੇਹਾ ਦੇਣ ਲਈ ਸ਼ਹਿਰ ਵਿਚ ਤਿੰਨ ਵੱਡੀਆਂ ਐਲ.ਈ.ਡੀਜ਼ ਵੀ ਲਗਾਈਆਂ ਗਈਆਂ ਹਨ, ਤਾਂ ਜੋ ਵੋਟਰ ਵੱਧ ਤੋਂ ਵੱਧ 20 ਫਰਵਰੀ ਨੂੰ ਪੋਲਿੰਗ ਬੂਥਾਂ ’ਤੇ ਜਾ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ-2022 ਦੀਆਂ 20 ਫਰਵਰੀ ਨੂੰ ਵੋਟਾਂ ਪੈ ਰਹੀਆਂ ਹਨ ਅਤੇ ਲੋਕਤੰਤਰ ਦਾ ਹਿੱਸਾ ਬਣਨ ਲਈ ਵੱਧ ਤੋਂ ਵੱਧ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਿਮਲਾ ਪਹਾੜੀ ਚੌਕ, ਸਬਜ਼ੀ ਮੰਡੀ ਅਤੇ ਸੈਸ਼ਨ ਚੌਕ ਹੁਸ਼ਿਆਰਪੁਰ ਵਿਖੇ ਐਲ.ਈ.ਡੀਜ਼ ਲਗਾਈਆਂ ਗਈਆਂ ਹਨ, ਜਿਨ੍ਹਾਂ ’ਤੇ ਦਿਵਆਂਗਜਨ, ਨੌਜਵਾਨਾਂ, ਮਹਿਲਾਵਾਂ, ਸੀਨੀਅਰ ਸਿਟੀਜਨਜ਼, ਟਰਾਂਸਜੈਂਡਰਾਂ ਦੀਆਂ ਵਿਸ਼ੇਸ਼ ਵੀਡੀਓਜ਼ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ ਕਿ 20 ਫਰਵਰੀ ਨੂੰ ਪਹਿਲ ਦੇ ਆਧਾਰ ’ਤੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇ।
ਸ੍ਰੀਮਤੀ ਰਿਆਤ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੋਲਿੰਗ ਬੂਥਾਂ ’ਤੇ ਦਿਵਆਂਗਜਨ ਅਤੇ ਬਜ਼ੁਰਗਾਂ ਲਈ ਵੀਲ੍ਹਚੇਅਰਜ਼ ਸਮੇਤ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮਾਡਲ ਪੋਲਿੰਗ ਬੂਥਾਂ ਤੋਂ ਇਲਾਵਾ ਅਤੇ ਪਿੰਕ ਬੂਥ ਵੀ ਬਣਾਏ ਗਏ ਹਨ, ਤਾਂ ਜੋ ਮਹਿਲਾਵਾਂ ਵੀ 20 ਫਰਵਰੀ ਨੂੰ ਪੋਲਿੰਗ ਬੂਥਾਂ ’ਤੇ ਪਹੁੰਚ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਟਰਾਂਸਜੈਂਡਰ ਵੀ ਸਮਾਜ ਦਾ ਅਹਿਮ ਹਿੱਸਾ ਹਨ, ਇਸ ਲਈ ਉਹ ਵੀ ਵੋਟ ਪਾ ਕੇ ਆਪਣੇ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ।